New Delhi: ਭਾਜਪਾ ਦੇ ਸੀਨੀਅਰ ਆਗੂ ਨਰਿੰਦਰ ਮੋਦੀ ਨੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਐਤਵਾਰ ਨੂੰ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਸਮਾਰੋਹ ਵਿੱਚ ਉਨ੍ਹਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ।
ਇਸਦੇ ਨਾਲ ਮੋਦੀ ਨੇ ਪੰਡਿਤ ਜਵਾਹਰ ਲਾਲ ਨਹਿਰੂ ਦੇ ਲਗਾਤਾਰ ਤਿੰਨ ਵਾਰ ਪ੍ਰਧਾਨ ਮੰਤਰੀ ਬਣਨ ਦੇ ਰਿਕਾਰਡ ਦੀ ਬਰਾਬਰੀ ਕਰ ਲਈ ਹੈ। ਪੰਡਿਤ ਨਹਿਰੂ 1952, 1957 ਅਤੇ 1962 ਦੀਆਂ ਆਮ ਚੋਣਾਂ ਜਿੱਤ ਕੇ ਲਗਾਤਾਰ ਤਿੰਨ ਵਾਰ ਪ੍ਰਧਾਨ ਮੰਤਰੀ ਬਣੇ ਸਨ। ਜਦੋਂ ਕਿ ਮੋਦੀ 2014 ਅਤੇ 2019 ਦੀਆਂ ਆਮ ਚੋਣਾਂ ਜਿੱਤ ਕੇ ਕ੍ਰਮਵਾਰ ਪਹਿਲੀ ਅਤੇ ਦੂਜੀ ਵਾਰ ਪ੍ਰਧਾਨ ਮੰਤਰੀ ਬਣੇ ਸਨ। ਹੁਣ ਉਨ੍ਹਾਂ ਨੇ ਤੀਜੀ ਵਾਰ ਸਹੁੰ ਚੁੱਕੀ ਹੈ।
ਸਹੁੰ ਚੁੱਕ ਸਮਾਗਮ ਵਿੱਚ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਕਮਲ ਦਹਿਲ ‘ਪ੍ਰਚੰਡ’, ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਰਿੰਗ ਤੋਬਗੇ, ਸ੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ, ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜੁਗਨਾਥ ਵੀ ਮੌਜੂਦ ਰਹੇ।
ਇਸ ਤੋਂ ਇਲਾਵਾ ਪ੍ਰੋਗਰਾਮ ’ਚ ਦੇਸ਼ ਭਰ ਦੇ ਆਗੂ, ਮੁੱਖ ਮੰਤਰੀ, ਵਿਰੋਧੀ ਧਿਰ ਦੇ ਆਗੂ, ਸੰਸਦ ਮੈਂਬਰ, ਫਿਲਮੀ ਹਸਤੀਆਂ, ਉਦਯੋਗਪਤੀ, ਸੰਤ ਅਤੇ ਆਮ ਲੋਕ ਹਾਜ਼ਰ ਰਹੇ। ਇਸ ਮੌਕੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ, ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਗਠਜੋੜ ਭਾਈਵਾਲਾਂ ਦੇ ਨੇਤਾ, ਉਦਯੋਗਪਤੀ ਮੁਕੇਸ਼ ਅੰਬਾਨੀ, ਗੌਤਮ ਅਡਾਨੀ, ਫਿਲਮ ਅਦਾਕਾਰ ਰਜਨੀਕਾਂਤ, ਸ਼ਾਹਰੁਖ ਖਾਨ, ਅਕਸ਼ੈ ਕੁਮਾਰ, ਅਭਿਨੇਤਰੀ ਰਵੀਨਾ ਟੰਡਨ ਵਰਗੀਆਂ ਪ੍ਰਸਿੱਧ ਹਸਤੀਆਂ ਮੌਜੂਦ ਰਹੀਆਂ।
ਜ਼ਿਕਰਯੋਗ ਹੈ ਕਿ ਮੋਦੀ ਨੂੰ ਸ਼ੁੱਕਰਵਾਰ ਨੂੰ ਰਾਸ਼ਟਰੀ ਲੋਕਤੰਤਰੀ ਗਠਜੋੜ (ਐਨਡੀਏ) ਦੀ ਸੰਸਦੀ ਦਲ ਦਾ ਨੇਤਾ ਚੁਣਿਆ ਗਿਆ ਸੀ। ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਨੇ 295 ਸੀਟਾਂ ਜਿੱਤੀਆਂ ਸਨ। ਇਸ ਵਿੱਚ ਭਾਜਪਾ 240, ਟੀਡੀਪੀ 16, ਜੇਡੀਯੂ 12, ਸ਼ਿਵ ਸੈਨਾ (ਸ਼ਿੰਦੇ ਧੜੇ) 07, ਲੋਜਪਾ (ਰਾਮ ਵਿਲਾਸ) 05, ਜਨਸੇਨਾ ਪਾਰਟੀ 02, ਆਰਐਲਡੀ-02, ਐਨਸੀਪੀ (ਅਜੀਤ ਪਵਾਰ) 01, ਅਪਨਾ ਦਲ (ਐਸ) 01 ਅਤੇ ਹਮ (ਸੈਕੂਲਰ)) ਦੀ 01 ਸੀਟ ਸ਼ਾਮਲ ਹਨ।
ਹਿੰਦੂਸਥਾਨ ਸਮਾਚਾਰ