Chandigarh: ਫਿਲਮ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਦੇ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਨੇ ਐੱਸ. ਆਈ. ਟੀ. ਦਾ ਗਠਨ ਕਰ ਦਿੱਤਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਐਤਵਾਰ ਨੂੰ ਮੁਹਾਲੀ ਵਿੱਚ ਕੀਤੇ ਗਏ ਰੋਸ ਮਾਰਚ ਤੋਂ ਬਾਅਦ ਪੁਲਿਸ ਡਾਇਰੈਕਟਰ ਜਨਰਲ ਨੇ ਸੋਮਵਾਰ ਨੂੰ ਇਹ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਫਿਲਮ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਜਦੋਂ ਦਿੱਲੀ ਜਾ ਰਹੀ ਸੀ ਤਾਂ ਚੰਡੀਗੜ੍ਹ ਏਅਰਪੋਰਟ ‘ਤੇ ਸਕੈਨਰ ਤੋਂ ਲੰਘਦੇ ਸਮੇਂ ਸੀਆਈਐਸਐਫ ਕਾਂਸਟੇਬਲ ਕੁਲਵਿੰਦਰ ਕੌਰ ਨੇ ਉਨ੍ਹਾਂ ਨੂੰ ਥੱਪੜ ਮਾਰ ਦਿੱਤਾ। ਕੁਲਵਿੰਦਰ ਕੌਰ ਕਿਸਾਨ ਅੰਦੋਲਨ ਦੌਰਾਨ ਕੰਗਨਾ ਵੱਲੋਂ ਦਿੱਤੇ ਬਿਆਨਾਂ ਤੋਂ ਦੁਖੀ ਸੀ, ਜਿਸ ਤੋਂ ਬਾਅਦ ਉਸਨੇ ਇਹ ਕਦਮ ਚੁੱਕਿਆ। ਕੁਲਵਿੰਦਰ ਕੌਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਐਤਵਾਰ ਨੂੰ ਪੰਜਾਬ ਦੀਆਂ ਕਈ ਕਿਸਾਨ ਜਥੇਬੰਦੀਆਂ ਨੇ ਇਕਜੁੱਟ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਸੀ। ਹਜ਼ਾਰਾਂ ਕਿਸਾਨਾਂ ਨੇ ਮੁਹਾਲੀ ਦੇ ਅੰਬ ਸਾਹਿਬ ਗੁਰਦੁਆਰਾ ਤੋਂ ਮੁਹਾਲੀ ਦੇ ਐਸਐਸਪੀ ਦਫ਼ਤਰ ਤੱਕ ਰੋਸ ਮਾਰਚ ਕੀਤਾ। ਕਿਸਾਨ ਜਥੇਬੰਦੀਆਂ ਨੇ ਸੋਮਵਾਰ ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ ਨੂੰ ਮਿਲਣ ਦਾ ਐਲਾਨ ਕੀਤਾ ਸੀ। ਇਸ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਇਸ ਮਾਮਲੇ ਦੀ ਜਾਂਚ ਲਈ ਐੱਸ.ਆਈ.ਟੀ. ਦਾ ਗਠਨ ਕਰ ਦਿੱਤਾ ਹੈ।
ਮੁਹਾਲੀ ਦੇ ਐਸਪੀ ਸਿਟੀ ਹਰਵੀਰ ਸਿੰਘ ਅਟਵਾਲ ਨੂੰ ਇਸ ਐਸਆਈਟੀ ਦਾ ਇੰਚਾਰਜ ਬਣਾਇਆ ਗਿਆ ਹੈ। ਹਵਾਈ ਅੱਡੇ ਦੇ ਡੀਐਸਪੀ ਕੁਲਜਿੰਦਰ ਸਿੰਘ ਅਤੇ ਸਟੇਸ਼ਨ ਇੰਚਾਰਜ ਪੈਰੀ ਵਿੰਕਲ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ। ਹੁਣ ਤਿੰਨ ਮੈਂਬਰੀ ਕਮੇਟੀ ਇਸ ਪੂਰੇ ਮਾਮਲੇ ਦੀ ਜਾਂਚ ਕਰੇਗੀ। ਐਸਪੀ ਸਿਟੀ ਹਰਵੀਰ ਸਿੰਘ ਅਟਵਾਲ ਨੇ ਦੱਸਿਆ ਕਿ ਇਸ ਪੂਰੇ ਮਾਮਲੇ ਨੂੰ ਏਅਰਪੋਰਟ ‘ਤੇ ਲੱਗੇ ਸੀਸੀਟੀਵੀ ਕੈਮਰੇ ਦੇਖੇ ਜਾਣਗੇ। ਉਨ੍ਹਾਂ ਕੈਮਰਿਆਂ ‘ਚ ਮੌਕੇ ‘ਤੇ ਮੌਜੂਦ ਦਿਖਣ ਵਾਲੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਉੱਥੇ ਹੀ ਦੋਵਾਂ ਧਿਰਾਂ ਨੂੰ ਬੁਲਾ ਕੇ ਉਨ੍ਹਾਂ ਤੋਂ ਵੀ ਇਸ ਮਾਮਲੇ ਦੀ ਪੜ੍ਹਤਾਲ ਕੀਤੀ ਜਾਵੇਗੀ।
ਇਸ ਤੋਂ ਬਾਅਦ ਜੋ ਵੀ ਸਬੂਤ ਹੋਣਗੇ, ਉਨ੍ਹਾਂ ਦੇ ਆਧਾਰ ‘ਤੇ ਰਿਪੋਰਟ ਤਿਆਰ ਕਰਕੇ ਉੱਚ ਅਧਿਕਾਰੀਆਂ ਨੂੰ ਦਿੱਤੀ ਜਾਵੇਗੀ। ਇਸ ਦੇ ਲਈ ਅਜੇ ਕੋਈ ਸਮਾਂ ਸੀਮਾ ਤੈਅ ਨਹੀਂ ਕੀਤੀ ਗਈ ਹੈ। ਕਿਉਂਕਿ ਇਸ ਵਿੱਚ ਬਹੁਤ ਸਾਰੇ ਲੋਕ ਸ਼ਾਮਲ ਹੋਣਗੇ। ਇਸ ਕਾਰਨ ਜਾਂਚ ਵਿੱਚ ਸਮਾਂ ਲੱਗ ਸਕਦਾ ਹੈ।
ਹਿੰਦੂਸਥਾਨ ਸਮਾਚਾਰ