Patiala: ਸ਼ਹੀਦਾਂ ਦੇ ਸਿਰਤਾਜ, ਬਾਣੀ ਦੇ ਬੋਹਿਥ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਦੌਰਾਨ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਇਸ ਦੌਰਾਨ ਹਜੂਰੀ ਰਾਗੀ ਭਾਈ ਹਰਦੀਪ ਸਿੰਘ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਧਾਰਮਕ ਸਮਾਗਮ ਦੌਰਾਨ ਉਚੇਚੇ ਤੌਰ ਤੇ ਪੁੱਜੀਆਂ ਸਖਸ਼ੀਅਤਾਂ ’ਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ ਆਦਿ ਸ਼ਾਮਲ ਸਨ। ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਭਾਰਤ ਦੇਸ਼ ਅੰਦਰ ਪਹਿਲੀ ਸ਼ਹੀਦੀ ਸੀ ਅਤੇ ਭਾਰਤ ਅੰਦਰ ਸ਼ਹੀਦੀ ਦੀ ਕੋਈ ਪ੍ਰੰਪਰਾ ਨਹੀਂ ਸੀ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਸ੍ਰੀ ਗੁਰੂ ਅਰਜਨ ਦੇਵ ਜੀ ਪਹਿਲੇ ਕ੍ਰਾਂਤੀਕਾਰੀ ਸ਼ਹੀਦ ਸਨ, ਜਿਨਾਂ ਨੇ ਸਬਰ ਨਾਲ ਜਬਰ ’ਤੇ ਜਿੱਤ ਦਰਜ ਕੀਤੀ ਅਤੇ ਤੇਰਾ ਕੀਆ ਮਿੱਠਾ ਲਾਗੇ, ਹਰਿ ਨਾਮ ਪਦਾਰਥੁ ਨਾਨਕੁ ਮਾਂਗੇ ਦਾ ਫਲਸਫਾ ਆਪਣੀ ਰਚਿਤ ਗੁਰਬਾਣੀ ਰਾਹੀਂ ਦਿੱਤਾ।
ਉਨ੍ਹਾਂ ਜ਼ੋਰ ਦਿੱਤਾ ਕਿ ਅੱਜ ਗੁਰੂ ਸਾਹਿਬ ਦੀ ਸ਼ਹੀਦੀ ਤੋਂ ਬਖਸ਼ੀ ਧੁਰ ਕੀ ਬਾਣੀ ਤੋਂ ਸਬਕ ਲੈਂਦਿਆਂ ਦੁਨਿਆਵੀ ਜੀਵਨ ਸਫਲਾ ਬਣਾਈਏ। ਇਸ ਉਪਰੰਤ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਗੁਰੂ ਸਾਹਿਬ ਨੇ ਆਪਣੇ ਜੀਵਨ ਵਿਚ ਅਨੇਕਾਂ ਹੀ ਮਹਾਨ ਕਾਰਜ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਦਾ ਮਹਾਨ ਕਾਰਜ ਕਰਕੇ ਸਮੁੱਚੀ ਮਾਨਵਤਾ ਨੂੰ ਅਜਿਹਾ ਧਰਮ ਗ੍ਰੰਥ ਦਿੱਤਾ, ਜੋ ਮਨੁੱਖ ਨੂੰ ਸਚਿਆਰ ਬਣਨ ਦੀ ਜੀਵਨ ਜਾਂਚ ਪ੍ਰਦਾਨ ਕਰਦਾ ਹੈ। ਇਸ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ ਅਤੇ ਬੀਬੀ ਕੁਲਦੀਪ ਕੌਰ ਟੌਹੜਾ ਨੇ ਵਿਚਾਰਾਂ ਦੀ ਸਾਂਝ ਪਾਈ।
ਹਿੰਦੂਸਥਾਨ ਸਮਾਚਾਰ