Kuwait Fire/New Delhi: ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਕੁਵੈਤ ਦੇ ਮੰਗਾਫ ਸ਼ਹਿਰ ‘ਚ ਹਾਊਸਿੰਗ ਵਰਕਰਾਂ ਦੀ ਇਕ ਇਮਾਰਤ ‘ਚ ਅੱਗ ਲੱਗਣ ਕਾਰਨ ਤਕਰੀਬਨ 40 ਭਾਰਤੀਆਂ ਦੀ ਮੌਤ ਹੋ ਗਈ ਅਤੇ 50 ਦੇ ਕਰੀਬ ਜ਼ਖਮੀ ਹੋ ਗਏ। ਅੱਗ ਸਥਾਨਕ ਸਮੇਂ ਅਨੁਸਾਰ ਸਵੇਰੇ 6 ਵਜੇ (IST 9 ਵਜੇ) ਸ਼ੁਰੂ ਹੋਈ।
ਅਧਿਕਾਰੀਆਂ ਨੇ ਦੱਸਿਆ ਕਿ ਅੱਗ ਛੇ ਮੰਜ਼ਿਲਾ ਇਮਾਰਤ ਦੀ ਇੱਕ ਰਸੋਈ ਵਿੱਚ ਸ਼ੁਰੂ ਹੋਈ, ਇਮਾਰਤ ਵਿੱਚ ਲਗਭਗ 195 ਲੋਕ ਰਹਿੰਦੇ ਸਨ – ਇੱਕ ਹੀ ਕੰਪਨੀ ਦੇ ਸਾਰੇ ਕਰਮਚਾਰੀ – ਇਸ ਵਿੱਚ ਰਹਿੰਦੇ ਸਨ। ਅਧਿਕਾਰੀਆਂ ਨੇ ਕਿਹਾ ਕਿ ਜ਼ਿਆਦਾਤਰ ਮੌਤਾਂ ਧੂੰਏਂ ਨਾਲ ਸਾਹ ਘੁੱਟਣ ਕਾਰਨ ਓਦੋਂ ਹੋਇਆਂ ਜਦੋਂ ਬਿਲਡਿੰਗ ਵਿੱਚ ਲੋਕ ਸੌਂ ਰਹੇ ਸਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਘਟਨਾ ਤੇ ਦੁਖ ਪ੍ਰਗਟਾਵਾ ਕੀਤਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਰਿਹਾਇਸ਼ ‘ਤੇ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਅਤੇ ਮਰਨ ਵਾਲਿਆਂ ਦੇ ਪਰਿਵਾਰਾਂ ਲਈ 2-2 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ। ਉਨ੍ਹਾਂ ਨੇ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਨਵੀਂ ਦਿੱਲੀ ’ਚ ‘ਐਕਸ’ ’ਤੇ ਇਕ ਪੋਸਟ ’ਚ ਕਿਹਾ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਰਦੇਸ਼ਾਂ ’ਤੇ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਅੱਗ ਦੁਖਾਂਤ ’ਚ ਜ਼ਖਮੀ ਹੋਏ ਲੋਕਾਂ ਦੀ ਸਹਾਇਤਾ ਦੀ ਨਿਗਰਾਨੀ ਕਰਨ ਅਤੇ ਇਸ ਦੁਖਦਾਈ ਘਟਨਾ ’ਚ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਨੂੰ ਜਲਦੀ ਵਾਪਸ ਲਿਆਉਣ ਲਈ ਸਥਾਨਕ ਅਧਿਕਾਰੀਆਂ ਨਾਲ ਤਾਲਮੇਲ ਕਰਨ ਲਈ ਤੁਰਤ ਕੁਵੈਤ ਰਵਾਨਾ ਹੋ ਰਹੇ ਹਨ।’’
ਜੈਸ਼ੰਕਰ ਨੇ ਘਟਨਾ ’ਚ ਹੋਏ ਜਾਨੀ ਨੁਕਸਾਨ ’ਤੇ ਦੁੱਖ ਜ਼ਾਹਰ ਕੀਤਾ
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਬੁਧਵਾਰ ਨੂੰ ਕੁਵੈਤ ਸ਼ਹਿਰ ’ਚ ਅੱਗ ਲੱਗਣ ਦੀ ਘਟਨਾ ’ਚ 43 ਤੋਂ ਜ਼ਿਆਦਾ ਲੋਕਾਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਜੈਸ਼ੰਕਰ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇਕ ਪੋਸਟ ’ਚ ਕਿਹਾ, ‘‘ਕੁਵੈਤ ਸਿਟੀ ’ਚ ਅੱਗ ਲੱਗਣ ਦੀ ਘਟਨਾ ਦੀ ਖਬਰ ਨਾਲ ਡੂੰਘਾ ਸਦਮਾ ਲੱਗਾ ਹੈ। 40 ਤੋਂ ਵੱਧ ਮੌਤਾਂ ਹੋਈਆਂ ਹਨ ਅਤੇ 50 ਤੋਂ ਵੱਧ ਲੋਕ ਹਸਪਤਾਲ ’ਚ ਦਾਖਲ ਹਨ।’’ ਜੈਸ਼ੰਕਰ ਨੇ ਕਿਹਾ, ‘‘ਅਸੀਂ ਅਗਲੇਰੀ ਜਾਣਕਾਰੀ ਦੀ ਉਡੀਕ ਕਰ ਰਹੇ ਹਾਂ। ਮੈਂ ਮ੍ਰਿਤਕਾਂ ਦੇ ਪਰਵਾਰਾਂ ਪ੍ਰਤੀ ਡੂੰਘੀ ਹਮਦਰਦੀ ਜ਼ਾਹਰ ਕਰਦਾ ਹਾਂ। ਮੈਂ ਜ਼ਖਮੀਆਂ ਦੇ ਜਲਦੀ ਅਤੇ ਪੂਰੀ ਤਰ੍ਹਾਂ ਠੀਕ ਹੋਣ ਦੀ ਕਾਮਨਾ ਕਰਦਾ ਹਾਂ।’’ ਉਨ੍ਹਾਂ ਕਿਹਾ, ‘‘ਸਾਡਾ ਸਫ਼ਾਰਤਖ਼ਾਨਾ ਇਸ ਸਬੰਧ ਵਿਚ ਸਾਰੇ ਸਬੰਧਤ ਲੋਕਾਂ ਨੂੰ ਪੂਰੀ ਸਹਾਇਤਾ ਪ੍ਰਦਾਨ ਕਰੇਗਾ।’’
ਇਸ ਦੌਰਾਨ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਭਿਆਨਕ ਅੱਗ ’ਚ ਜ਼ਖਮੀ ਹੋਏ ਭਾਰਤੀਆਂ ਦੀ ਸਹਾਇਤਾ ਦੀ ਨਿਗਰਾਨੀ ਕਰਨ ਅਤੇ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਨੂੰ ਜਲਦੀ ਤੋਂ ਜਲਦੀ ਵਾਪਸ ਲਿਆਉਣ ਲਈ ਕੁਵੈਤ ਰਵਾਨਾ ਹੋ ਰਹੇ ਹਨ। ਕੀਰਤੀ ਵਰਧਨ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਹਦਾਇਤਾਂ ’ਤੇ ਕੁਵੈਤ ਦਾ ਦੌਰਾ ਕਰ ਰਹੇ ਹਨ।
ਹਿੰਦੂਸਥਾਨ ਸਮਾਚਾਰ