New Delhi: ਸੁਪਰੀਮ ਕੋਰਟ ਨੇ ਇਕ ਵਾਰ ਫਿਰ ਰਾਸ਼ਟਰੀ ਯੋਗਤਾ ਕਮ ਐਂਟਰੈਂਸ ਟੈਸਟ (ਨੀਟ) ਕਾਊਂਸਲਿੰਗ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਫਿਜ਼ਿਕਸ ਕੋਚਿੰਗ ਇੰਸਟੀਚਿਊਟ ਦੇ ਅਲਖ ਪਾਂਡੇ ਦੇ ਵਕੀਲ ਨੇ ਕਿਹਾ ਕਿ ਗ੍ਰੇਸ ਅੰਕ ਦਿੱਤੇ ਗਏ ਜੋ ਉਚਿਤ ਨਹੀਂ। ਅਦਾਲਤ ਨੇ ਉਨ੍ਹਾਂ ਦੀ ਪਟੀਸ਼ਨ ‘ਤੇ ਐੱਨਟੀਏ ਨੂੰ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 8 ਜੁਲਾਈ ਨੂੰ ਹੋਵੇਗੀ।
ਸੁਪਰੀਮ ਕੋਰਟ ਨੇ ਕਿਹਾ ਕਿ ਕਾਊਂਸਲਿੰਗ ਚੱਲਦੀ ਰਹੇਗੀ ਅਤੇ ਅਸੀਂ ਇਸਨੂੰ ਨਹੀਂ ਰੋਕਾਂਗੇ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਸਾਡੇ ਫੈਸਲੇ ‘ਚ ਪ੍ਰੀਖਿਆ ਰੱਦ ਹੋਵੇਗੀ ਤਾਂ ਕਾਊਂਸਲਿੰਗ ਆਪਣੇ-ਆਪ ਰੱਦ ਹੋ ਜਾਵੇਗੀ। ਇਸ ਲਈ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਸੁਣਵਾਈ ਦੌਰਾਨ ਐਨਟੀਏ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ 12 ਜੂਨ ਨੂੰ ਹੋਈ ਮੀਟਿੰਗ ਤੋਂ ਬਾਅਦ ਇੱਕ ਫੈਸਲਾ ਲਿਆ ਗਿਆ ਹੈ ਕਿ ਜਿਨ੍ਹਾਂ 1563 ਉਮੀਦਵਾਰਾਂ ਨੂੰ ਗ੍ਰੇਸ ਅੰਕ ਦਿੱਤੇ ਗਏ ਹਨ, ਉਨ੍ਹਾਂ ਨੂੰ ਮੁੜ ਪ੍ਰੀਖਿਆ ਦੇਣੀ ਹੋਵੇਗੀ। 1563 ਉਮੀਦਵਾਰਾਂ ਨੂੰ ਜਾਰੀ ਕੀਤੇ ਸਾਰੇ ਸਕੋਰ ਕਾਰਡ ਰੱਦ ਕਰ ਦਿੱਤੇ ਜਾਣਗੇ। ਉਨ੍ਹਾਂ ਨੂੰ ਮੁੜ ਪ੍ਰੀਖਿਆ ਦਾ ਵਿਕਲਪ ਦਿੱਤਾ ਜਾਵੇਗਾ।
ਇਸ ਤੋਂ ਪਹਿਲਾਂ 11 ਜੂਨ ਨੂੰ ਸੁਪਰੀਮ ਕੋਰਟ ਨੇ ਨੀਟ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਐੱਨਟੀਏ ਨੂੰ ਨੋਟਿਸ ਜਾਰੀ ਕੀਤਾ ਸੀ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਪ੍ਰੀਖਿਆ ਦੀ ਮਰਿਆਦਾ ਪ੍ਰਭਾਵਿਤ ਹੋਈ ਹੈ। ਅਜਿਹੇ ‘ਚ ਐੱਨਈਏ ਨੂੰ ਜਵਾਬ ਦੇਣਾ ਹੋਵੇਗਾ। ਹਾਲਾਂਕਿ ਅਦਾਲਤ ਨੇ ਕਾਊਂਸਲਿੰਗ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ।
ਹਿੰਦੂਸਥਾਨ ਸਮਾਚਾਰ