Patiala: 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਕਰਨ ਸਬੰਧੀਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਅਹਿਮ ਮੀਟਿੰਗ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਮਨਜੀਤ ਕੌਰ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਮੈਡਮ ਕੰਚਨ ਨੇ ਕਿਹਾ ਕਿ ਤਣਾਉ ਰਹਿਤ ਦਿਮਾਗ ਅਤੇ ਤੰਦਰੁਸਤ ਮਨੁੱਖੀ ਸਰੀਰ ਲਈ ਯੋਗਾ ਅਹਿਮ ਭੂਮਿਕਾ ਨਿਭਾਉਂਦਾ ਹੈ, ਇਸ ਲਈ ਜਿਥੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ‘ਸੀ.ਐਮ ਦੀ ਯੋਗਸ਼ਾਲਾ’ ਪਟਿਆਲਾ ਸ਼ਹਿਰ ਦੇ ਵੱਖ ਵੱਖ ਪਾਰਕਾਂ ‘ਚ ਚਲਾਈ ਜਾ ਰਹੀ ਹੈ, ਉਥੇ ਹੀ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾ ਕੇ ਸਿਹਤਮੰਦ ਨਾਗਰਿਕ ਦਾ ਸੁਨੇਹਾ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਪਟਿਆਲਾ ਵਿਖੇ 21 ਜੂਨ ਨੂੰ ਸਵੇਰੇ 6 ਵਜੇ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਪੋਲੋ ਗਰਾਊਂਡ ਵਿਖੇ ਮਨਾਏ ਜਾਣ ਵਾਲੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਲਈ ਤਿਆਰੀਆਂ ਸਬੰਧੀਂ ਇਸ ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ, ਆਯੂਸ਼, ਖੇਡ, ਸਿੱਖਿਆ, ਰੈਡ ਕਰਾਸ ਆਦਿ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਆਮ ਲੋਕਾਂ ਨੂੰ ਇਸ ਯੋਗ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਵਿੱਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ।
ਇਸ ਮੀਟਿੰਗ ‘ਚ ਯੋਗ ਦਿਵਸ ਦੀਆਂ ਤਿਆਰੀਆਂ ‘ਤੇ ਚਰਚਾ ਕੀਤੀ ਗਈ ਅਤੇ ਪ੍ਰਬੰਧ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਿੰਮੇਵਾਰੀਆਂ ਵੀ ਸੌਂਪੀਆਂ ਗਈਆਂ। ਮੈਡਮ ਕੰਚਨ ਨੇ ਪਟਿਆਲਾ ਵਾਸੀਆਂ ਨੂੰ ਇਸ ਯੋਗ ਦਿਵਸ ‘ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਇਸ ਮੌਜੂਦਾ ਤੇਜ ਰਫ਼ਤਾਰ ਜਿੰਦਗੀ ‘ਚ ਤਣਾਓ ਗ੍ਰਸਤ ਦਿਮਾਗ ਤੇ ਸਰੀਰ ਨੂੰ ਦਵਾਈਆਂ ਤੋਂ ਬਗੈਰ ਤੰਦਰੁਸਤ ਰੱਖਣ ਲਈ ਯੋਗਾ ਅਪਣਾਉਣਾ ਚਾਹੀਦਾ ਹੈ, ਕਿਉਂਕਿ ਤੰਦਰੁਸਤ ਸਰੀਰ ‘ਚ ਹੀ ਤੰਦਰੁਸਤ ਮਨ ਵਾਸ ਕਰਦਾ ਹੈ।
ਹਿੰਦੂਸਥਾਨ ਸਮਾਚਾਰ