Chandigarh: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਚੁਣੇ ਗਏ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ‘ਚੋਂ ਰਿਹਾਈ ਅਤੇ ਸੰਸਦੀ ਪ੍ਰੋਗਰਾਮ ‘ਚ ਸ਼ਾਮਲ ਨਾ ਕੀਤੇ ਜਾਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਫਤਹਿ ਰਾਸ਼ਟਰਪਤੀ ਨੂੰ ਮਿਲਣ ਪਹੁੰਚਿਆ। ਇਸ ਦੌਰਾਨ ਉਨ੍ਹਾਂ ਨੇ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਨਮਾਨ ਦਿੱਤਾ ਜਾਵੇ। ਉਕਤ ਦਲ ਨੇ ਇਸ ਮਾਮਲੇ ਸਬੰਧੀ ਆਪਣਾ ਮੰਗ ਪੱਤਰ ਰਾਸ਼ਟਰਪਤੀ ਨੂੰ ਸੌਂਪਿਆ ਹੈ।
ਬਠਿੰਡਾ ’ਚ ਕੀਤੀ ਪ੍ਰੈੱਸ ਕਾਨਫਰੰਸ ‘ਚ ਸ਼੍ਰੋਮਣੀ ਅਕਾਲੀ ਦਲ ਫਤਿਹ ਦੇ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਖਿਲਾਫ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਮਾਮਲਾ ਚੱਲ ਰਿਹਾ ਹੈ। ਇਹ ਕੇਸ ਪਹਿਲਾਂ ਸੂਬਾ ਸਰਕਾਰ ਚਲਾਉਂਦੀ ਹੈ, ਫਿਰ ਕੇਂਦਰ ਸਰਕਾਰ ਇਸ ਨੂੰ ਅੱਗੇ ਲੈ ਜਾਂਦੀ ਹੈ। ਦੋਵਾਂ ਸਰਕਾਰਾਂ ਦੀ ਮਿਲੀਭੁਗਤ ਨਾਲ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਕੀਤੀ ਗਈ ਹੈ। ਜਸਕਰਨ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਨੂੰ ਸਹੁੰ ਚੁੱਕਣ ਦਾ ਸਮਾਂ ਨਾ ਦਿੱਤਾ ਤਾਂ ਅਸੀਂ ਸੰਘਰਸ਼ ਨੂੰ ਅੱਗੇ ਵਧਾਵਾਂਗੇ।
ਜਸਕਰਨ ਸਿੰਘ ਨੇ ਕਿਹਾ ਕਿ ਸਾਨੂੰ ਰਾਸ਼ਟਰਪਤੀ ਨੂੰ ਮਿਲਣ ਲਈ ਦੋ-ਤਿੰਨ ਮਿੰਟ ਹੀ ਮਿਲੇ ਪਰ ਇਸ ਦੌਰਾਨ ਉਨ੍ਹਾਂ ਨੇ ਸਾਡੀ ਗੱਲ ਧੀਰਜ ਨਾਲ ਸੁਣੀ ਅਤੇ ਸਾਨੂੰ ਭਰੋਸਾ ਦਿੱਤਾ ਕਿ ਉਹ ਇਸ ਮਾਮਲੇ ਵਿੱਚ ਬਣਦੀ ਕਾਰਵਾਈ ਕਰਨਗੇ। ਉਨ੍ਹਾਂ ਕਿਹਾ ਕਿ ਸਾਨੂੰ ਰਾਸ਼ਟਰਪਤੀ ’ਤੇ ਪੂਰਾ ਭਰੋਸਾ ਹੈ ਕਿ ਸਾਨੂੰ ਉਥੋਂ ਨਿਆਂ ਮਿਲੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰਾਂ ਖੁਦ ਹੀ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।
ਹਿੰਦੂਸਥਾਨ ਸਮਾਚਾਰ