Chandigarh: ਪੰਜਾਬ ਦੇ ਲੋਕਾਂ ਨੂੰ ਇਸ ਹਫਤੇ ਵੀ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। 18 ਜੂਨ ਯਾਨੀ (ਮੰਗਲਵਾਰ) ਤੋਂ ਇੱਥੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਅੱਜ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਲੂ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਅਤੇ 7 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕੱਲ੍ਹ ਦੇ ਮੁਕਾਬਲੇ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਇਨ੍ਹਾਂ ਦਿਨਾਂ ‘ਚ ਸੂਬੇ ‘ਚ ਤਾਪਮਾਨ ਆਮ ਦਿਨਾਂ ਨਾਲੋਂ 7.2 ਡਿਗਰੀ ਵੱਧ ਹੈ। ਸਮਰਾਲਾ ਸਭ ਤੋਂ ਗਰਮ ਰਿਹਾ। ਉੱਥੇ ਤਾਪਮਾਨ 47.2 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ ਜੂਨ ‘ਚ ਆਮ ਨਾਲੋਂ 87 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। 1 ਜੂਨ ਤੋਂ 16 ਜੂਨ ਤੱਕ 2.3 ਮਿਲੀਮੀਟਰ ਬਾਰਿਸ਼ ਹੋਈ ਹੈ।
ਸੂਬੇ ਦੇ ਜਿਨ੍ਹਾਂ 16 ਜ਼ਿਲ੍ਹਿਆਂ ਵਿੱਚ ਅੱਜ ਗਰਮੀ ਅਤੇ ਲੂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਉਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਸ਼ਾਮਲ ਹਨ।ਜਦਕਿ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ ਅਤੇ ਫਤਿਹਗੜ੍ਹ ਸਾਹਿਬ ਲਈ ਯੈਲੋ ਅਲਰਟ ਰਹੇਗਾ। ਮੌਸਮ ਵਿਭਾਗ ਨੇ ਅੰਮ੍ਰਿਤਸਰ, ਪਟਿਆਲਾ ਅਤੇ ਲੁਧਿਆਣਾ ਵਿੱਚ ਸਖ਼ਤ ਗਰਮੀ ਪੈਣ ਦੀ ਸੂਚਨਾ ਦਿੱਤੀ ਹੈ।
ਹਿੰਦੂਸਥਾਨ ਸਮਾਚਾਰ