Chandigarh: ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਸਾਰੇ ਡੀਸੀਆਂ ਨੂੰ ਲੋਕਾਂ ਦੀ ਸੇਵਾ ਵਿੱਚ ਹਮੇਸ਼ਾ ਹਾਜ਼ਿਰ ਰਹਿਣ ਲਈ ਖਾਸ ਨਿਰਦੇਸ਼ ਦਿੱਤੇ ਹਨ। ਉਹਨਾਂ ਕਿਹਾ ਕਿ ਸਮੂਹ ਡਿਪਟੀ ਕਮਿਸ਼ਨਰ ਆਪੋ-ਆਪਣੇ ਜ਼ਿਲ੍ਹਿਆਂ ਦੇ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਅਤੇ ਪ੍ਰੇਸ਼ਾਨੀ ਲਈ ਸਿੱਧੇ ਤੌਰ ‘ਤੇ ਜਵਾਬਦੇਹ ਹੋਣਗੇ। ਇੱਥੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਸਾਫ਼-ਸੁਥਰਾ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦਾ ਫਰਜ਼ ਹੈ।
ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਹੀ ਸਭ ਤੋਂ ਕਾਰਗਰ ਭੂਮਿਕਾ ਨਿਭਾਅ ਸਕਦੇ ਹਨ ਤਾਂ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਨਿਰਵਿਘਨ ਤੌਰ ਉਤੇ ਮੁਹੱਈਆ ਕਰਵਾਈਆਂ ਜਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਸਬੰਧਤ ਜ਼ਿਲ੍ਹਿਆਂ ਦੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦਾ ਦੌਰਾ ਕਰਨ ਸਮੇਂ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਅੱਜ ਸਾਰੇ ਜ਼ਿਲ੍ਹਿਆਂ ਦੇ SSP, ਪੁਲਿਸ ਕਮਿਸ਼ਨਰ ਤੇ ਪੰਜਾਬ ਪੁਲਿਸ ਦੇ ਸੀਨੀਅਰ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਕਾਨੂੰਨ ਵਿਵਸਥਾ ਨਾਲ ਜੁੜੇ ਵੱਖ ਵੱਖ ਮਸਲਿਆਂ ‘ਤੇ ਚਰਚਾ ਕੀਤੀ…
ਸੱਭ ਤੋਂ ਪਹਿਲਾਂ ਤਾਂ ਨਸ਼ੇ ਨੂੰ ਲੈਕੇ ਹੋਰ ਸਖ਼ਤ ਹੋਣ ਨੂੰ ਕਿਹਾ…ਸਮੱਗਲਰਾਂ ਦੀ ਜਾਇਦਾਦਾਂ ਅਟੈਚ ਹੋਣ ਤੇ ਪੁਲਸ ਅਫਸਰ ਪਿੰਡ ਲੈਵਲ ਤੇ ਲੋਕਾਂ ਨਾਲ ਜ਼ਿਆਦਾ… pic.twitter.com/r75FWQVOUf
— Bhagwant Mann (@BhagwantMann) June 18, 2024
ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਇਸ ਕੰਮ ਵਿੱਚ ਢਿੱਲ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹੀ ਕਿਸੇ ਵੀ ਅਣਗਹਿਲੀ ਲਈ ਸਬੰਧਤ ਡਿਪਟੀ ਕਮਿਸ਼ਨਰ ਨੂੰ ਜਵਾਬਦੇਹ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਜ਼ਿਲ੍ਹੇ ਵਿੱਚ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਸਥਾਪਤ ਕਰਨ ਦਾ ਨਿਵੇਕਲਾ ਉਪਰਾਲਾ ਲੈ ਕੇ ਆ ਰਹੀ ਹੈ ਤਾਂ ਜੋ ਲੋਕ ਇਸ ਸਹਾਇਤਾ ਕੇਂਦਰ ਰਾਹੀਂ ਸਰਕਾਰੀ ਸੇਵਾਵਾਂ ਦਾ ਲਾਹਾ ਲੈ ਸਕਣ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ‘ਤੇ ਇਕ ਸਮਰਪਿਤ ਅਧਿਕਾਰੀ ਹਾਜ਼ਰ ਰਹੇਗਾ ਜੋ ਆਮ ਲੋਕਾਂ ਦੇ ਰੋਜ਼ਮੱਰਾ ਦੇ ਪ੍ਰਸ਼ਾਸਕੀ ਕੰਮਕਾਜ ਨਾਲ ਸਬੰਧਤ ਦਰਖਾਸਤਾਂ ਪ੍ਰਾਪਤ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੇ ਪ੍ਰਸ਼ਾਸਕੀ ਕੰਮਾਂ ਸਬੰਧੀ ਦਰਖਾਸਤਾਂ ਸਬੰਧਤ ਵਿਭਾਗ ਨੂੰ ਭੇਜੀਆਂ ਜਾਣਗੀਆਂ ਤਾਂ ਜੋ ਕੰਮ ਨੂੰ ਤੁਰੰਤ ਨੇਪਰੇ ਚਾੜ੍ਹਿਆ ਜਾ ਸਕੇ।
ਹਿੰਦੂਸਥਾਨ ਸਮਾਚਾਰ