Ludhiana: ਲੁਧਿਆਣਾ ਵਿੱਚ ਮੰਗਲਵਾਰ ਦੇਰ ਸ਼ਾਮ ਨੂੰ ਇੱਕ ਸੇਵਾ-ਮੁਕਤ ਡੀਐਸਪੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸੇਵਾਮੁਕਤ ਡੀਐਸਪੀ ਨੇ ਆਪਣੇ ਸਿਰ ਵਿੱਚ ਗੋਲੀ ਮਾਰ ਲਈ। ਉਹ ਕਰੀਬ ਇੱਕ ਸਾਲ ਪਹਿਲਾਂ ਸੇਵਾਮੁਕਤ ਹੋਏ ਸਨ। ਉਹ ਮਾਨਸਿਕ ਤੌਰ ‘ਤੇ ਬਿਮਾਰ ਸੀ। ਮ੍ਰਿਤਕ ਸੇਵਾਮੁਕਤ ਡੀਐਸਪੀ ਦਾ ਨਾਂ ਬਰਜਿੰਦਰ ਸਿੰਘ ਭੁੱਲਰ ਹੈ ਜੋ ਪਿਛਲੇ ਕਾਫੀ ਸਮੇਂ ਤੋਂ ਮਾਨਸਿਕ ਤੌਰ ’ਤੇ ਬਿਮਾਰ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਭੁੱਲਰ ਨੇ ਸਰਾਭਾ ਨਗਰ ਸਥਿਤ ਗ੍ਰੀਨ ਐਵੀਨਿਊ ਸਥਿਤ ਆਪਣੇ ਘਰ ‘ਚ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ। ਉਹ ਇੱਥੇ ਆਪਣੇ ਮਾਤਾ-ਪਿਤਾ ਨਾਲ ਰਹਿ ਰਿਹਾ ਸੀ, ਜਦਕਿ ਉਸ ਦੀ ਪਤਨੀ ਅਤੇ ਬੱਚੇ ਵਿਦੇਸ਼ ਰਹਿੰਦੇ ਹਨ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਜਿਵੇਂ ਹੀ ਮਾਤਾ-ਪਿਤਾ ਉਸ ਦੇ ਕਮਰੇ ‘ਚ ਪਹੁੰਚੇ ਤਾਂ ਸਾਰੇ ਹੈਰਾਨ ਰਹਿ ਗਏ। ਬਰਜਿੰਦਰ ਸਿੰਘ ਭੁੱਲਰ ਦੀ ਖੂਨ ਨਾਲ ਲੱਥਪੱਥ ਲਾਸ਼ ਕੁਰਸੀ ਦੇ ਕੋਲ ਪਈ ਸੀ। ਪਰਿਵਾਰਕ ਮੈਂਬਰਾਂ ਦੀਆਂ ਚੀਕਾਂ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਲੋਕਾਂ ਨੇ ਤੁਰੰਤ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੰਭਾਲਿਆ ਅਤੇ ਪੁਲਸ ਨੂੰ ਸੂਚਨਾ ਦਿੱਤੀ।
ਸੂਚਨਾ ਮਿਲਣ ‘ਤੇ ਥਾਣਾ ਸਰਾਭਾ ਨਗਰ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਹਿੰਦੂਸਥਾਨ ਸਮਾਚਾਰ