New Delhi: ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ‘ਵਾਰਿਸ ਪੰਜਾਬ ਦੇ’ ਦਾ ਮੁਖੀ ਤੇ ਖਡੂਰ ਸਾਹਿਬ ਤੋਂ ਨਵਾਂ ਚੁਣਿਆ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਐਨਐਸਏ (National Security Act) ਇਕ ਸਾਲ ਲਈ ਹੋਰ ਵਧਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਾਥੀਆਂ ਪਪਲਪ੍ਰੀਤ, ਪ੍ਰਧਾਨਮੰਤਰੀ ਬਾਜੇਕੇ, ਦਲਜੀਤ ਕਲਸੀ ਸਮੇਤ ਕੁਲ 9 ਜਣਿਆਂ ‘ਤੇ ਵੀ ਐਨਐਸਏ ਵਧਾਇਆ ਗਿਆ ਹੈ। ਦਸਣਯੋਗ ਹੈ ਕਿ ਪਿਛਲੇ ਸਾਲ ਮਾਰਚ ਮਹੀਨੇ ਇਨ੍ਹਾਂ ਸਾਰਿਆਂ ‘ਤੇ ਐਨਐਸਏ ਲਗਾਇਆ ਗਿਆ ਸੀ ਤੇ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਸੀ।
ਮਿਲੀ ਜਾਣਕਾਰੀ ਮੁਤਾਬਿਕ ਵੋਟਾਂ ਦੀ ਗਿਣਤੀ ਤੋਂ ਇੱਕ ਦਿਨ ਪਹਿਲਾਂ 3 ਜੂਨ ਨੂੰ ਸਰਕਾਰ ਵਲੋਂ ਚਿੱਠੀ ਜਾਰੀ ਕਰਕੇ ਅਮ੍ਰਿਤਪਾਲ ਸਮੇਤ 9 ਕੈਦੀਆਂ ਦੀ NSA ‘ਚ ਇੱਕ ਸਾਲ ਦਾ ਵਾਧਾ ਕਰ ਦਿੱਤਾ ਗਿਆ ਸੀ।
ਗੌਰਤਲਬ ਹੈ ਕਿ ਹਾਲ ਹੀ ‘ਚ ਹੋਈਆਂ ਲੋਕ ਸਭਾ ਚੋਣਾਂ ‘ਚ ਅੰਮ੍ਰਿਤਪਾਲ ਸਿੰਘ ਨੇ ਹਲਕਾ ਖਡੂਰ ਸਾਹਿਬ ਤੋਂ 2 ਲੱਖ ਤੋਂ ਜ਼ਿਆਦਾ ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਅਜਿਹੇ ਵਿਚ ਉਸ ਨੂੰ ਸਹੁੰ ਚੁੱਕਣ ਲਈ ਬਾਹਰ ਆਉਣ ਸਬੰਧੀ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਸਨ ਪਰ ਸਰਕਾਰ ਵੱਲੋਂ NSA ‘ਚ ਇਕ ਸਾਲ ਦੇ ਵਾਧੇ ਨੂੰ ਲੈ ਕੇ ਸ਼ੰਕਾ ਪੈਦਾ ਕਰ ਦਿੱਤੀ ਹੈ ਕਿ ਉਹ ਹਲਫ਼ ਲੈਣ ਬਾਹਰ ਆਵੇਗਾ ਜਾਂ ਨਹੀਂ ?
ਦਸ ਦਇਏ ਕਿ ਸਾਲ 2023 ‘ਚ ਪੰਜਾਬ ਪੁਲਿਸ ਨੇ ਇਕ ਵਿਸ਼ੇਸ਼ ਆਪ੍ਰੇਸ਼ਨ ਤਹਿਤ ਕੱਟੜਪੰਥੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਾਥੀਆਂ ਸਮੇਤ ਅੰਮ੍ਰਿਤਸਰ ਦੇ ਅਜਨਾਲਾ ਥਾਣੇ ‘ਤੇ ਹਮਲਾ ਕੀਤਾ ਸੀ। ਇਸ ਹਮਲੇ ‘ਚ 6 ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਸਨ। ਹਿੰਸਕ ਝੜਪ ਤੋਂ ਬਾਅਦ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ।
ਹਿੰਦੂਸਥਾਨ ਸਮਾਚਾਰ