New Delhi: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਘੁਟਾਲਾ ਮਾਮਲੇ ਵਿੱਚ ਮੁਲਜ਼ਮ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਹੈ। ਡਿਊਟੀ ਜੱਜ ਨਿਆਏ ਬਿੰਦੂ ਨੇ ਇਹ ਹੁਕਮ ਦਿੱਤਾਹੈ। ਕੇਜਰੀਵਾਲ ਦੀ ਨਿਯਮਤ ਜ਼ਮਾਨਤ ਪਟੀਸ਼ਨ ‘ਤੇ ਫਿਲਹਾਲ ਅਦਾਲਤ ‘ਚ ਸੁਣਵਾਈ ਚੱਲ ਰਹੀ ਹੈ।
ਕੇਜਰੀਵਾਲ ਦੀ ਨਿਆਂਇਕ ਹਿਰਾਸਤ ਅੱਜ ਖਤਮ ਹੋ ਰਹੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। 5 ਜੂਨ ਨੂੰ ਅਦਾਲਤ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਅੱਜ ਤੱਕ ਵਧਾ ਦਿੱਤੀ ਸੀ। 30 ਮਈ ਨੂੰ ਅਦਾਲਤ ਨੇ ਕੇਜਰੀਵਾਲ ਦੀ ਅੰਤਰਿਮ ਅਤੇ ਨਿਯਮਤ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਈਡੀ ਨੂੰ ਨੋਟਿਸ ਜਾਰੀ ਕੀਤਾ ਸੀ।
29 ਮਈ ਨੂੰ ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਸੱਤ ਦਿਨਾਂ ਦੀ ਅੰਤਰਿਮ ਜ਼ਮਾਨਤ ਦੀ ਅਰਜ਼ੀ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰਦੇ ਹੋਏ ਕਿਹਾ ਸੀ ਕਿ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਦਾ ਫੈਸਲਾ ਪਹਿਲਾਂ ਹੀ ਸੁਰੱਖਿਅਤ ਰੱਖਿਆ ਜਾ ਚੁੱਕਾ ਹੈ, ਇਸ ਲਈ ਉਨ੍ਹਾਂ ਦੀ ਅੰਤਰਿਮ ਜ਼ਮਾਨਤ ਦੀ ਮਿਆਦ ਵਧਾਉਣ ਦੀ ਅਰਜ਼ੀ ਦਾ ਮੁੱਖ ਪਟੀਸ਼ਨ ਨਾਲ ਕੋਈ ਸਬੰਧ ਨਹੀਂ ਹੈ। ਇਸ ਤੋ ਅਲਾਵਾ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਨਿਯਮਤ ਜ਼ਮਾਨਤ ਲਈ ਹੇਠਲੀ ਅਦਾਲਤ ਵਿੱਚ ਜਾਣ ਦੀ ਇਜਾਜ਼ਤ ਵੀ ਦਿੱਤੀ। 10 ਮਈ ਨੂੰ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਸੀ ਅਤੇ 2 ਜੂਨ ਨੂੰ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ ਸੀ। ਕੇਜਰੀਵਾਲ ਨੇ 2 ਜੂਨ ਨੂੰ ਆਤਮ ਸਮਰਪਣ ਕੀਤਾ ਸੀ।