Mohali: ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਅਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਧਾਰਮਿਕ ਸਮਾਗਮ ਵਿੱਚ ਭਾਈ ਚਰਨਜੀਤ ਸਿੰਘ ਸ੍ਰੀ ਚਮਕੌਰ ਸਾਹਿਬ ਵਾਲਿਆਂ ਦੇ ਇਨਟਰਨੈਸ਼ਨਲ ਢਾਡੀ ਜੱਥੇ ਨੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਵਲੋਂ ਦੇਸ਼ ਕੌਮ ਅਤੇ ਧਰਮ ਬਚਾਉਣ ਲਈ 90 ਸਾਲ ਦੀ ਉਮਰ ਵਿੱਚ ਗੁਰੂਦੁਆਰਾ ਸਿੰਘ ਸ਼ਹੀਦਾਂ ਦੇ ਅਸਥਾਨ ਤੇ ਹਜ਼ਾਰਾਂ ਸਿੰਘਾਂ ਸਮੇਤ ਸ਼ਹਾਦਤ ਦੇਣ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਭਾਈ ਮਨਜਿੰਦਰ ਸਿੰਘ ਹਜ਼ੂਰੀ ਰਾਗੀ ਗੁ ਸ੍ਰੀ ਨਾਢਾ ਸਾਹਿਬ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਤਰਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਦੱਸਿਆ ਕਿ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਵਲੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਬ੍ਰਿਟਿਸ਼ ਰਾਜ ਖਿਲਾਫ ਪਹਿਲੀ ਜੰਗ ਸੀ।
ਇਸ ਮੌਕੇ ਪਿੰਡ ਅਤੇ ਇਲਾਕੇ ਦੇ ਕਈ ਪਤਵੰਤੇ ਸੱਜਣਾਂ ਅਤੇ ਉੱਘੇ ਸਿਆਸੀ ਆਗੂਆਂ ਵਲੋਂ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਹਾਜਰੀਆਂ ਲਗਵਾਈਆਂ ਗਈਆਂ। ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਮਾਹਿਰ ਡਾਕਟਰਾਂ ਵਲੋ ਮਰੀਜਾਂ ਦਾ ਮੁਆਇਨਾ ਕੀਤਾ ਗਿਆ ਦਵਾਈ ਪ੍ਰਬੰਧਕ ਕਮੇਟੀ ਵਲੋਂ ਦਿੱਤੀ ਗਈ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਹਿੰਦੂਸਥਾਨ ਸਮਾਚਾਰ