Arvind Kejriwal: ਸੀਬੀਆਈ ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਬੀਤੀ ਰਾਤ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਸੋਮਵਾਰ ਨੂੰ ਸੀਬੀਆਈ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਕੇਜਰੀਵਾਲ ਦਾ ਬਿਆਨ ਦਰਜ ਕੀਤਾ ਸੀ। ਸੀਬੀਆਈ ਨੂੰ ਵੀ ਅੱਜ ਕੇਜਰੀਵਾਲ ਨੂੰ ਹੇਠਲੀ ਅਦਾਲਤ ਵਿੱਚ ਪੇਸ਼ ਕਰਨ ਦੀ ਇਜਾਜ਼ਤ ਮਿਲ ਗਈ ਹੈ।
ਦਸ ਦਇਏ ਕਿ ਸੁਪਰੀਮ ਕੋਰਟ ਅੱਜ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰੇਗਾ, ਜਿਸ ‘ਚ ਉਨ੍ਹਾਂ ਨੇ ਆਪਣੀ ਜ਼ਮਾਨਤ ‘ਤੇ ਰੋਕ ਲਗਾਉਣ ਦੇ ਦਿੱਲੀ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। ਇੱਥੇ ਸੀਬੀਆਈ ਉਸ ਨੂੰ ਤਿਹਾੜ ਜੇਲ੍ਹ ਤੋਂ ਅਦਾਲਤ ਲੈ ਗਈ ਹੈ। ਉਸ ਨੂੰ ਰਾਉਜ਼ ਐਵੇਨਿਊ ਕੋਰਟ ‘ਚ ਛੁੱਟੀ ਵਾਲੇ ਬੈਂਚ ਦੇ ਜੱਜ ਅਮਿਤਾਭ ਰਾਵਤ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ। ਕੇਂਦਰੀ ਜਾਂਚ ਏਜੰਸੀ ਅਦਾਲਤ ਤੋਂ ਕੇਜਰੀਵਾਲ ਦੀ ਹਿਰਾਸਤ ਦੀ ਮੰਗ ਕਰ ਸਕਦੀ ਹੈ।
ਗੌਰਤਲਬ ਹੈ ਕਿ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸੀਬੀਆਈ ਅਤੇ ਈਡੀ ਦੋਵਾਂ ਨੇ ਐਫਆਈਆਰ ਦਰਜ ਕੀਤੀ ਹੈ ਅਤੇ ਦੋਵੇਂ ਏਜੰਸੀਆਂ ਵੱਖ-ਵੱਖ ਜਾਂਚ ਕਰ ਰਹੀਆਂ ਹਨ। ਈਡੀ ਮਾਮਲੇ ਵਿੱਚ ਕੇਜਰੀਵਾਲ ਪਹਿਲਾਂ ਹੀ 3 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਹਨ। 20 ਜੂਨ ਨੂੰ ਰਾਉਜ਼ ਐਵੇਨਿਊ ਕੋਰਟ ਨੇ ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ। ਈਡੀ ਨੇ ਹੇਠਲੀ ਅਦਾਲਤ ਦੇ ਇਸ ਹੁਕਮ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ ਅਤੇ ਕੇਜਰੀਵਾਲ ਦੀ ਜ਼ਮਾਨਤ ਦਾ ਵਿਰੋਧ ਕੀਤਾ ਸੀ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਹੇਠਲੀ ਅਦਾਲਤ ਦੇ ਵਿਵੇਕ ‘ਤੇ ਸਵਾਲ ਉਠਾਉਂਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਦੀ ਜ਼ਮਾਨਤ ‘ਤੇ ਰੋਕ ਲਗਾ ਦਿੱਤੀ ਸੀ।
ਹਿੰਦੂਸਥਾਨ ਸਮਾਚਾਰ