Chandigarh News PBIND
Amritsar: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ ਸ਼ਰਧਾ ਉਤਸ਼ਾਹ ਸਹਿਤ ਮਨਾਇਆ ਗਿਆ। ਸ੍ਰੀ ਅਖ਼ੰਡ ਪਾਠ ਸਾਹਿਬ ਦਾ ਭੋਗ ਪਏ ਜਾਣ ਉਪਰੰਤ ਰਾਗੀ ਜਥਿਆਂ ਨੇ ਤੰਤੀ ਸਾਜਾਂ ਨਾਲ ਸ਼ਬਦ ਕੀਰਤਨ ਗਾਇਨ ਕੀਤਾ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਛੇਵੇਂ ਪਾਤਿਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕਰਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਵਧੀਕ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੈਂਬਰ ਭਗਵੰਤ ਸਿੰਘ ਸਿਆਲਕਾ ਤੇ ਸਕੱਤਰ ਪ੍ਰਤਾਪ ਸਿੰਘ ਸਮੇਤ ਹੋਰ ਸਿੱਖ ਸ਼ਖਸ਼ੀਅਤਾਂ ਅਤੇ ਸੰਗਤਾਂ ਮੌਜੂਦ ਸਨ।
ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਇਤਿਹਾਸ ਅਤੇ ਮਕਸਦ
ਮੀਰੀ ਪੀਰੀ ਦੇ ਮਾਲਕ ਗੁਰੂ ਹਰਗੋਬਿੰਦ ਸਾਹਿਬ ਜੀ ਦਾ, ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗੁਰਤਾ ਗੱਦੀ ਤੇ ਬੈਠਦੇ ਸਮੇਂ ਪੁਰਾਤਨ ਰੀਤਾਂ ਦੀ ਥਾਂ ਤਲਵਾਰਾਂ ਧਾਰਨ ਕੀਤੀਆਂ। ਉਹਨਾਂ ਨੇ ਮੀਰੀ ਤੇ ਪੀਰੀ ਦੀਆਂ ਦੋ ਤਲਵਾਰਾਂ ਪਹਿਨੀਆਂ। ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’।ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ, ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਅਕਾਲ ਤਖ਼ਤ ਤੋਂ ਜਾਰੀ ਹੁਕਮਨਾਮੇ ਸਮੂਹ ਸਿੱਖ ਜਗਤ ਤੇ ਸਾਰੀਆਂ ਸਿੰਘ ਸਭਾਵਾਂ ਤੇ ਲਾਗੂ ਹੁੰਦੇ ਹਨ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ। ਸਿੱਖਾਂ ਵਾਸਤੇ ਇਸ ਤਰਾਂ ਦੇ ਚਾਰ ਤਖ਼ਤ ਹੋਰ ਹਨ, ਉਨ੍ਹਾਂ ਦੇ ਨਾਂ ਹਨ:-
ਸ਼੍ਰੀ ਪਟਨਾ ਸਾਹਿਬ (ਬਿਹਾਰ)
ਸ਼੍ਰੀ ਕੇਸਗੜ੍ਹ ਸਾਹਿਬ (ਅਨੰਦਪੁਰ ਸਾਹਿਬ)
ਸ਼੍ਰੀ ਹਜ਼ੂਰ ਸਾਹਿਬ (ਨੰਦੇੜ, ਮਹਾਰਾਸਟਰ)
ਸ਼੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)
ਸ੍ਰੀ ਅਕਾਲ ਤਖਤ ਸਾਹਿਬ ਬਣਾਉਣ ਦਾ ਇੱਕੋ ਇੱਕ ਉਦੇਸ਼ ਅਧਿਆਤਮਿਕਤਾ ਦੇ ਨਾਲ ਨਾਲ ਸਿੱਖਾਂ ਨੂੰ ਆਤਮ ਰੱਖਿਆ ਲਈ ਵੀ ਤਿਆਰ ਕੀਤਾ ਜਾਣਾ ਸੀ। ਸ਼੍ਰੀ ਅਕਾਲ ਤਖਤ ਸਾਹਿਬ ਦੁਨੀਆਂ ਦੇ ਰਾਜਸੀ ਤਖਤਾਂ ਜਾਂ ਅਦਾਲਤਾਂ ਵਰਗਾ ਨਹੀਂ ਹੈ। ਇਸ ਦਾ ਆਧਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਹੈ। ਇਸਨੇ ਗੁਰਬਾਣੀ ਦੀ ਵਿਚਾਰਧਾਰਾ ਉਪਦੇਸ਼ਾਂ ਦੀ ਰੋਸ਼ਨੀ ਵਿੱਚ ਹਰ ਕਿਸਮ ਦੇ ਪੰਥਕ ਅਤੇ ਸਿੱਖਾਂ ਦੇ ਮਸਲਿਆਂ ਨੂੰ ਨਜਿੱਠਣਾ ਹੈ। ਰਾਜਨੀਤੀ ਨੂੰ ਧਰਮ ਦੇ ਅਧੀਨ ਰੱਖਿਆ ਗਿਆ ਹੈ। ਇਸ ਲਈ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੀ ਹਰਿਮੰਦਰ ਸਾਹਿਬ ਦੇ ਵਿਚਕਾਰ ਦੋ ਨਿਸ਼ਾਨ ਸਾਹਿਬ ਝੁਲ ਰਹੇ ਹਨ ਜੋ ਮੀਰੀ ਅਤੇ ਪੀਰੀ ਦੇ ਸੰਕਲਪ ਨੂੰ ਉਜਾਗਰ ਕਰ ਰਹੇ ਹਨ। ਇਹਨਾਂ ਵਿੱਚੋਂ ਪੀਰੀ ਦਾ ਨਿਸ਼ਾਨ ਸਾਹਿਬ ਜੋ ਕਿ ਹਰਿਮੰਦਰ ਸਾਹਿਬ ਦੇ ਵੱਲ ਹੈ ਮੀਰੀ ਦਾ ਨਿਸ਼ਾਨ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਦੇ ਵੱਲ ਹੈ।
ਮੀਰੀ ਦਾ ਨਿਸ਼ਾਨ ਸਾਹਿਬ ਪੀਰੀ ਦੇ ਨਿਸ਼ਾਨ ਸਾਹਿਬ ਤੋਂ ਨੀਵਾਂ ਹੈ ਜੋ ਇਸ ਗੱਲ ਦਾ ਸੰਕੇਤ ਹੈ ਕਿ ਰਾਜ ਸ਼ਕਤੀ ਨੇ ਧਰਮ ਦੀ ਤਾਬਿਆ ਹੋ ਕੇ ਚਲਣਾ ਹੈ। ਸ਼੍ਰੀ ਅਕਾਲ ਤਖਤ ਸਾਹਿਬ ਦੀ ਸਾਰੀ ਮਰਿਆਦਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਆਪ ਨਿਸ਼ਚਿਤ ਕੀਤੀ ਸੀ। ਇਨਾ ਹੀ ਨਹੀਂ ਸ਼੍ਰੀ ਅਕਾਲ ਤਖਤ ਸਾਹਿਬ ਦੀ ਉਸਾਰੀ ਵਿੱਚ ਕਿਸੇ ਰਾਜ ਮਿਸਤਰੀ ਦੀ ਸਹਾਇਤਾ ਨਹੀਂ ਲਈ ਗਈ ਸਗੋਂ ਸਿੱਖ ਪੰਥ ਦੇ ਮਹਾਨ ਸਤਿਕਾਰਤ ਬਾਬਾ ਬੁੱਢਾ ਜੀ ਅਤੇ ਭਾਈ ਗੁਰਦਾਸ ਜੀ ਨੇ ਆਪ ਸ਼੍ਰੀ ਅਕਾਲ ਤਖਤ ਸਾਹਿਬ ਦੀ ਉਸਾਰੀ ਕਰਵਾਈ । ਸ਼੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਲਈ ਗੁਰੂ ਸਾਹਿਬ ਨੇ ਭਾਈ ਗੁਰਦਾਸ ਜੀ ਦੀ ਨਿਯੁਕਤੀ ਕੀਤੀ ਅਤੇ ਉਹਨਾਂ ਨੂੰ ਤਖਤ ਦਾ ਸਾਰਾ ਕੰਮ ਕਾਜ ਸੌਂਪ ਦਿੱਤਾ। ਮੌਜੂਦਾ ਸਮੇਂ ਸਿੱਖ ਭਾਵੇਂ ਵਿਦੇਸ਼ ਚ ਬੈਠਾ ਤੇ ਭਾਵੇਂ ਦੁਨੀਆਂ ਦੇ ਕਿਸੇ ਕੋਨੇ ਵਿੱਚ ਹੋਵੇ ਉਹ ਹਮੇਸ਼ਾ ਸ਼੍ਰੀ ਅਕਾਲ ਤਖਤ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੀ ਸਮੁੱਚੇ ਪੰਥ ਨੂੰ ਸਮਰਪਿਤ ਹੈ।
ਇੱਥੇ ਇਹ ਵੀ ਦੱਸ ਦਈਏ ਕਿ ਗੁਰਬਾਣੀ ਤੇ ਪਾਵਨ ਸਿਧਾਂਤਾਂ ਨੂੰ ਮੁੱਖ ਰੱਖਦੇ ਹੋਏ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਥਾਂ ਉਹਨਾਂ ਨੂੰ ਸੇਵਾ ਲਾਈ ਜਾਂਦੀ ਹੈ। ਇਸ ਦਾ ਦ੍ਰਿਸ਼ਟੀਕੋਣ ਜੀਵ ਦਾ ਸੁਧਾਰ ਕਰਨਾ ਹੁੰਦਾ ਹੈ ਉਸ ਤੋਂ ਕਿਸੇ ਗੁਨਾਹ ਦਾ ਬਦਲਾ ਲੈਣ ਦੀ ਭਾਵਨਾ ਨਹੀਂ ਹੁੰਦੀ ਇਸ ਲਈ ਸ਼੍ਰੀ ਅਕਾਲ ਤਖਤ ਸਾਹਿਬ ਦਾ ਹੁਕਮਨਾਮਾ ਗੁਰਬਾਣੀ ਦੇ ਆਦਰਸ਼ਾਂ ਅਨੁਸਾਰ ਮਨੁੱਖ ਦਾ ਕਲਿਆਣ ਕਰਨ ਵਾਲਾ ਹੁੰਦਾ ਹੈ।
ਹਿੰਦੂਸਥਾਨ ਸਮਾਚਾਰ