New Delhi: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਰਾਸ਼ਟਰਪਤੀ ਦੇ ਭਾਸ਼ਣ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਨਵੀਂ ਚੁਣੀ ਗਈ ਸਰਕਾਰ ਦੀਆਂ ਤਰਜੀਹਾਂ ਦਾ ਜ਼ਿਕਰ ਹੋਵੇਗਾ।
ਅਠਾਰਵੀਂ ਲੋਕ ਸਭਾ ਦੇ ਗਠਨ ਤੋਂ ਬਾਅਦ ਸੰਸਦ ਦੀ ਸਾਂਝੀ ਬੈਠਕ ‘ਚ ਮੁਰਮੂ ਦਾ ਇਹ ਪਹਿਲਾ ਸੰਬੋਧਨ ਹੋਵੇਗਾ। ਅਠਾਰਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸੋਮਵਾਰ ਨੂੰ ਸ਼ੁਰੂ ਹੋ ਚੁੱਕਿਆ ਹੈ। ਰਾਜ ਸਭਾ ਦਾ 264ਵਾਂ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਸੰਸਦ ਭਵਨ ਦੇ ਗਜਦੁਆਰ ’ਤੇ ਪ੍ਰਧਾਨ ਮੰਤਰੀ ਮੋਦੀ, ਲੋਕ ਸਭਾ ਅਤੇ ਰਾਜ ਸਭਾ ਦੇ ਪ੍ਰੀਜ਼ਾਈਡਿੰਗ ਅਧਿਕਾਰੀ ਰਾਸ਼ਟਰਪਤੀ ਮੁਰਮੂ ਦਾ ਸਵਾਗਤ ਕਰਨਗੇ। ਇੱਥੋਂ ਉਨ੍ਹਾਂ ਨੂੰ ਰਵਾਇਤੀ ਰਾਜਦੰਡ ਸਿੰਗੋਲ ਨਾਲ ਲੋਕ ਸਭਾ ਵਿੱਚ ਲਿਜਾਇਆ ਜਾਵੇਗਾ।
ਸੰਵਿਧਾਨ ਦੇ ਅਨੁਛੇਦ 87 ਅਨੁਸਾਰ, ਰਾਸ਼ਟਰਪਤੀ ਨੂੰ ਹਰ ਲੋਕ ਸਭਾ ਚੋਣ ਤੋਂ ਬਾਅਦ ਸੈਸ਼ਨ ਦੀ ਸ਼ੁਰੂਆਤ ਵਿੱਚ ਸੰਸਦ ਦੇ ਸਾਂਝੇ ਇਜਲਾਸ ਨੂੰ ਸੰਬੋਧਨ ਕਰਨਾ ਜ਼ਰੂਰੀ ਹੁੰਦਾ ਹੈ। ਰਾਸ਼ਟਰਪਤੀ ਵੱਲੋਂ ਹਰ ਸਾਲ ਸੰਸਦ ਦੇ ਪਹਿਲੇ ਸੈਸ਼ਨ ਵਿੱਚ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨ ਦੀ ਵੀ ਸੰਸਦੀ ਪਰੰਪਰਾ ਹੈ।
ਹਿੰਦੂਸਥਾਨ ਸਮਾਚਾਰ