New Delhi: ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰ ‘ਭਾਰਤ ਰਤਨ’ ਨਾਲ ਸਨਮਾਨਿਤ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਭ ਤੋਂ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਦੀ ਤਬੀਅਤ ਵਿਗੜਨ ਤੇ ਉਹਨਾਂ ਨੂੰ ਬੀਤੀ ਦੇਰ ਦੇਰ ਰਾਤ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ‘ਚ ਦਾਖਲ ਕਰਵਾਇਆ ਗਿਆ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਨੂੰ ਡਾਕਟਰਾਂ ਦੀ ਡੂੰਘੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਸਾਬਕਾ ਉਪ ਪ੍ਰਧਾਨ ਮੰਤਰੀ ਅਡਵਾਨੀ ਨੂੰ ਏਮਜ਼ ਦੇ ਪੁਰਾਣੇ ਪ੍ਰਾਈਵੇਟ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ।
ਯੂਰੋਲੋਜੀ ਵਿਭਾਗ ਦੇ ਡਾਕਟਰ ਉਨ੍ਹਾਂ ਦਾ ਇਲਾਜ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਉਪ ਪ੍ਰਧਾਨ ਮੰਤਰੀ ਅਡਵਾਨੀ ਨੂੰ ਉਮਰ ਸੰਬੰਧੀ ਸਮੱਸਿਆਵਾਂ ਕਾਰਨ ਏਮਜ਼ ‘ਚ ਭਰਤੀ ਕਰਵਾਉਣਾ ਪਿਆ ਹੈ। ਉਹ ਲਗਭਗ ਇੱਕ ਦਹਾਕੇ ਤੋਂ ਸਰਗਰਮ ਰਾਜਨੀਤੀ ਤੋਂ ਦੂਰ ਹਨ। ਹਾਲ ਹੀ ‘ਚ ਉਨ੍ਹਾਂ ਦੀ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਤਸਵੀਰ ਸਾਹਮਣੇ ਆਈ ਸੀ। ਮੌਕਾ ਸੀ ਜਦੋਂ ਐੱਨਡੀਏ ਸੰਸਦੀ ਦਲ ਦਾ ਨੇਤਾ ਚੁਣੇ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਦੇ ਘਰ ਉਨ੍ਹਾਂ ਨੂੰ ਮਿਲਣ ਗਏ ਸਨ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ ਸੀ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 96 ਸਾਲਾ ਅਡਵਾਨੀ ਨੂੰ ਨਵੀਂ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਰਸਮੀ ਸਮਾਰੋਹ ਦੌਰਾਨ ‘ਭਾਰਤ ਰਤਨ’ ਪ੍ਰਦਾਨ ਕੀਤਾ ਸੀ। ਇਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਲਾਲ ਕ੍ਰਿਸ਼ਨ ਅਡਵਾਨੀ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।
8 ਨਵੰਬਰ 1927 ਨੂੰ ਕਰਾਚੀ, ਪਾਕਿਸਤਾਨ ਵਿੱਚ ਜਨਮੇ ਅਡਵਾਨੀ 1998 ਤੋਂ 2004 ਦਰਮਿਆਨ ਭਾਜਪਾ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਵਿੱਚ ਗ੍ਰਹਿ ਮੰਤਰੀ ਰਹਿ ਚੁੱਕੇ ਹਨ। ਉਹ 2002 ਤੋਂ 2004 ਦਰਮਿਆਨ ਸਮ੍ਰਿਤੀ ਸ਼ੇਸ਼ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਵਿੱਚ ਦੇਸ਼ ਦੇ ਸੱਤਵੇਂ ਉਪ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲ ਚੁੱਕੇ ਹਨ।
ਹਿੰਦੂਸਥਾਨ ਸਮਾਚਾਰ