Amritsar: ਦਿਨੀ ਜੋਧਪੁਰ ਵਿਖੇ ਹੋਏ ਜੁਡੀਸ਼ੀਅਲ ਸੇਵਾਵਾਂ ਦੇ ਮੁਕਾਬਲਾ ਪੇਪਰ ਵਿੱਚ ਗੁਰਸਿੱਖ ਲੜਕੀ ਐਡਵੋਕੇਟ ਅਰਮਨਜੋਤ ਕੌਰ ਅਤੇ ਹੋਰ ਸਿੱਖ ਬੱਚਿਆਂ ਨੂੰ ਕਿਰਪਾਨ ਪਹਿਨ ਕੇ ਪ੍ਰੀਖਿਆ ਕੇਂਦਰ ਵਿੱਚ ਜਾਣ ਤੋਂ ਰੋਕ ਦਿੱਤੇ ਜਾਣ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ਤੇ ਰਾਜਸਥਾਨ ਅੰਦਰ ਧਰਮ ਪ੍ਰਚਾਰ ਲਹਿਰ ਲਈ ਸਰਗਰਮ ਆਗੂ ਤੇਜਿੰਦਰ ਪਾਲ ਸਿੰਘ ਟਿੰਮਾ ਦੀ ਅਗਵਾਈ ਹੇਠ ਰਾਜਸਥਾਨ ਦੀਆਂ ਸਿੱਖ ਜੱਥੇਬੰਦੀਆਂ ਨੇ ਸ੍ਰੀ ਗੰਗਾਨਗਰ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਰੋਸ ਪ੍ਰਗਟ ਕੀਤਾ। ਸਿੱਖ ਆਗੂਆਂ ਨੇ ਕਿਹਾ ਕਿ ਜਦੋਂ ਮੁਗਲ ਸ਼ਾਸਕ ਔਰੰਗਜ਼ੇਬ ਨੇ ਹਿੰਦੂਆਂ ਦੇ ਜਨੇਊ ਜਬਰੀ ਉਤਾਰਨ ਦੇ ਹੁਕਮ ਜਾਰੀ ਕੀਤੇ ਸਨ ਤਾਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਹਿੰਦੂਆਂ ਦੀ ਧਾਰਮਿਕ ਅਜ਼ਾਦੀ ਲਈ ਚਾਂਦਨੀ ਚੌਕ ਦਿੱਲੀ ਵਿੱਚ ਆਪਣੀ ਸ਼ਹਾਦਤ ਦਿੱਤੀ ਸੀ, ਜਿਸ ਨੂੰ ਸਰਕਾਰ ਨੂੰ ਕਦੇ ਵੀ ਭੁੱਲਣਾ ਨਹੀਂ ਚਾਹੀਦਾ।
ਸਿੱਖ ਆਗੂਆਂ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਪ੍ਰੀਖਿਆ ਵਿਚ ਬੈਠਣਾ ਹਰ ਬੱਚੇ ਦਾ ਮੌਲਿਕ ਅਧਿਕਾਰ ਹੈ ਅਤੇ ਸਿੱਖ ਬੱਚਿਆਂ ਨੂੰ ਕਕਾਰ ਪਹਿਨਣ ਕਰਕੇ ਪ੍ਰੀਖਿਆ ਸਥਾਨ `ਤੇ ਬੈਠਣ ਤੋਂ ਰੋਕ ਕੇ ਰਾਜਸਥਾਨ ਦੀ ਭਾਜਪਾ ਸਰਕਾਰ ਸਿੱਖਾਂ ਦੀ ਧਾਰਮਿਕ ਆਜ਼ਾਦੀ ਨੂੰ ਕੁਚਲਣ ਦੀ ਕੋਝੀ ਕੋਸ਼ਿਸ਼ ਕਰ ਰਹੀ ਹੈ। ਸਰਕਾਰ ਨੂੰ ਸਵਿਧਾਨ ਅੰਦਰ ਸਿੱਖਾਂ ਨੂੰ ਮਿਲੇ ਅਧਿਕਾਰਾਂ ਦਾ ਜਰੂਰ ਖਿਆਲ ਰੱਖਣਾ ਚਾਹੀਦਾ ਹੈ। ਸਿੱਖ ਜਥੇਬੰਦੀਆਂ ਨੇ ਇਸ ਦੇ ਰੋਸ ਵਜੋਂ ਪ੍ਰਦਰਸ਼ਨ ਵੀ ਕੀਤਾ। ਇਸ ਦੇ ਨਾਲ ਹੀ ਬਾਰ ਐਸੋਸੀਏਸ਼ਨ ਨੇ ਵੀ ਆਪਣਾ ਕੰਮਕਾਜ ਠੱਪ ਕਰਕੇ ਸ੍ਰੀ ਗੰਗਾਨਗਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਰੋਸ ਪ੍ਰਗਟ ਕੀਤਾ।
ਹਿੰਦੂਸਥਾਨ ਸਮਾਚਾਰ