JDU Sanjay Jha News: ਜਨਤਾ ਦਲ ਯੂਨਾਈਟਿਡ (ਜੇਡੀਯੂ) ਦੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ‘ਚ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਝਾਅ ਨੂੰ ਪਾਰਟੀ ਦਾ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ।
29 ਜੂਨ ਸ਼ਨੀਵਾਰ ਨੂੰ ਨਵੀਂ ਦਿੱਲੀ ਸਥਿਤ ਕਾਂਸਟੀਚਿਊਸ਼ਨ ਕਲੱਬ ਵਿੱਚ ਹੋਈ ਪਾਰਟੀ ਦੀ ਕੌਮੀ ਕਾਰਜਕਾਰਨੀ ਦੀ ਮੀਟਿੰਗ ਦੌਰਾਨ ਜੇਡੀਯੂ ਮੁਖੀ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸੰਜੇ ਝਾਅ ਨੂੰ ਪਾਰਟੀ ਦਾ ਕੌਮੀ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕੀਤਾ। ਜਦਕਿ ਨਿਤੀਸ਼ ਕੁਮਾਰ ਪਾਰਟੀ ਦੇ ਕੌਮੀ ਪ੍ਰਧਾਨ ਬਣੇ ਰਹਿਣਗੇ। ਇਹ ਫੈਸਲਾ 2025 ਵਿੱਚ ਹੋਣ ਵਾਲੀਆਂ ਬਿਹਾਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ਵਿੱਚ ਪਾਰਟੀ ਦੀ ਕੌਮੀ ਕਾਰਜਕਾਰਨੀ ਦੀ ਮੀਟਿੰਗ ਦੌਰਾਨ ਲਿਆ ਗਿਆ। ਸੰਜੇ ਝਾਅ ਦੀ ਨਿਯੁਕਤੀ ਨੂੰ ਪਾਰਟੀ ਦੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਦੀ ਤਿਆਰੀ ਲਈ ਰਣਨੀਤਕ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
ਸੰਸਦ ਮੈਂਬਰ ਸੰਜੇ ਕੁਮਾਰ ਝਾਅ ਨੇ ਜਨਤਾ ਦਲ ਯੂਨਾਈਟਿਡ ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਬਣਨ ‘ਤੇ ਮੀਡੀਆ ‘ਚ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ‘‘ਸਾਡੇ ਨੇਤਾ ਅਤੇ ਸਾਡੇ ਰਾਸ਼ਟਰੀ ਪ੍ਰਧਾਨ ਸੀਐੱਮ ਨਿਤੀਸ਼ ਕੁਮਾਰ ਨੇ ਮੈਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਨਿਤੀਸ਼ ਕੁਮਾਰ ਨੇ ਬਿਹਾਰ ਨੂੰ ਬਦਲ ਦਿੱਤਾ ਹੈ, ਇਸ ਲਈ ਮੈਂ ਉਨ੍ਹਾਂ ਦਾ ਧੰਨਵਾਦੀ ਹਾਂ।”
ਉਨ੍ਹਾਂ ਕਿਹਾ ਕਿ ਅਸੀਂ ਬਿਹਾਰ ਵਿਧਾਨ ਸਭਾ ਦੀਆਂ 243 ਵਿਧਾਨ ਸਭਾ ਸੀਟਾਂ ਵਿੱਚੋਂ 177 ਸੀਟਾਂ ਜਿੱਤੀਆਂ। ਲੋਕ ਸਭਾ ਦੀਆਂ 40 ਵਿੱਚੋਂ 30 ਸੀਟਾਂ ਜਿੱਤੀਆਂ। ਇਸ ਨਾਲ ਬਿਹਾਰ ਨੇ 2025 ਦੀਆਂ ਵਿਧਾਨ ਸਭਾ ਚੋਣਾਂ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਨੇ ਨੀਟ ਮੁੱਦੇ ‘ਤੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਅਤੇ ਕਿਹਾ ਕਿ ਇਸ ਮਾਮਲੇ ‘ਚ ਸਖਤ ਕਾਨੂੰਨ ਲਿਆਂਦਾ ਜਾਣਾ ਚਾਹੀਦਾ ਹੈ। ਜੋ ਵੀ ਦੋਸ਼ੀ ਸਾਬਤ ਹੁੰਦਾ ਹੈ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਲੋਕਾਂ ਦਾ ਭਰੋਸਾ ਬਹਾਲ ਹੋ ਸਕੇ।
ਇਸ ਮੌਕੇ ਬਿਹਾਰ ਦੇ ਮੰਤਰੀ ਅਤੇ ਜੇਡੀਯੂ ਨੇਤਾ ਡਾਕਟਰ ਅਸ਼ੋਕ ਚੌਧਰੀ ਨੇ ਸੋਸ਼ਲ ਮੀਡੀਆ ਐਕਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਬਿਹਾਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਅਤੇ ਵਿਸ਼ੇਸ਼ ਪੈਕੇਜ ਸਾਡੀ ਪੁਰਾਣੀ ਮੰਗ ਹੈ ਅਤੇ ਹੁਣ ਵੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਵਿੱਚ ਲਲਨ ਸਿੰਘ ਅਤੇ ਰਾਜ ਸਭਾ ਵਿੱਚ ਸੰਜੇ ਝਾਅ ਸਾਡੀ ਪਾਰਟੀ ਦੇ ਆਗੂ ਹਨ, ਉਹ ਆਉਣ ਵਾਲੇ ਸਮੇਂ ਵਿੱਚ ਪ੍ਰਧਾਨ ਮੰਤਰੀ ਨੂੰ ਮਿਲ ਕੇ ਆਪਣੇ ਵਿਚਾਰ ਜ਼ੋਰਦਾਰ ਢੰਗ ਨਾਲ ਪੇਸ਼ ਕਰਨਗੇ।
ਹਿੰਦੂਸਥਾਨ ਸਮਾਚਾਰ