Mohali: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਖਾਲਸਾ ਰਾਜ ਦੀ ਸਥਾਪਨਾ ਕਰਨ ਵਾਲੇ ਸ਼ੇਰੇ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦਾ ਬਰਸੀ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਜਸਵੰਤ ਸਿੰਘ ਬੈਂਸ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਦੇ ਢਾਡੀ ਜੱਥੇ ਨੇ ਸ਼ੇਰੇ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੁਆਰਾ ਸਿੱਖਾਂ ਦੀਆਂ ਬਾਰਾਂ ਮਿਸਲਾਂ ਨੂੰ ਇਕੱਠਿਆਂ ਕਰਕੇ ਕਸ਼ਮੀਰ ਤੋਂ ਲੈ ਕੇ ਅਫਗਾਨੀਸਤਾਨ ਤੱਕ ਸਿੱਖ ਰਾਜ ਦਾ ਕੇਸਰੀ ਪਰਚਮ ਲਹਿਰਾਉਣ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ।
ਉਨ੍ਹਾਂ ਦੱਸਿਆ ਕਿ ਜਦੋਂ ਤੱਕ ਮਹਾਰਾਜਾ ਰਣਜੀਤ ਸਿੰਘ ਦਾ ਰਾਜ ਪੰਜਾਬ ਤੇ ਕਾਇਮ ਰਿਹਾ ਉੱਦੋਂ ਤੱਕ ਅੰਗਰੇਜ਼ਾਂ ਨੇ ਪੰਜਾਬ ਵੱਲ ਦੇਖਣ ਦੀ ਹਿੰਮਤ ਨਹੀਂ ਕੀਤੀ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਸਿੱਖ ਰਾਜ ਦੇ ਮਹਾਨ ਥੰਮ ਮਹਾਰਾਜਾ ਰਣਜੀਤ ਸਿੰਘ ਜੀ ਦੇ ਜੀਵਨ ਬ੍ਰਿਤਾਂਤ ਉਨਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਿਖੇ ਕਰਵਾਈ ਗਈ ਸੇਵਾਵਾਂ ਬਾਰੇ ਵੀ ਸੰਗਤਾਂ ਨੂੰ ਜਾਣੂੰ ਕਰਵਾਇਆ ।
ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 9 ਜੁਲਾਈ ਧੰਨ ਧੰਨ ਅਮਰ ਸ਼ਹੀਦ ਭਾਈ ਮੰਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ ਜੀ। ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਢਾਡੀ ਜੱਥੇ ਅਤੇ ਉੱਚ ਕੇਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਹਰਜੱਸ ਸੁਣਾ ਕੇ ਨਿਹਾਲ ਕਰਣਗੇ।
ਹਿੰਦੂਸਥਾਨ ਸਮਾਚਾਰ