Punjab News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਦਰਅਸਲ ਮਜੀਠੀਆ ਨੇ SIT ਦੇ ਸੰਮਨਾਂ ਨੂੰ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ ਅਤੇ ਇਨ੍ਹਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਦੱਸ ਦਈਏ ਕਿ ਅੱਜ ਇਸੇ ਮਾਮਲੇ ‘ਚ ਹਾਈ ਕੋਰਟ ‘ਚ ਸੁਣਵਾਈ ਹੋਈ। ਪੰਜਾਬ ਸਰਕਾਰ ਦੇ ਸਰਕਾਰੀ ਵਕੀਲ ਨੇ ਹਾਈਕੋਰਟ ਨੂੰ ਦੱਸਿਆ ਕਿ ਸੰਮਨ ਦਾ ਇਹ ਨੋਟਿਸ ਵਾਪਸ ਲਿਆ ਜਾ ਰਿਹਾ ਹੈ। ਇਸ ਜਾਣਕਾਰੀ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।
ਕੀ ਹੈ ਪੂਰਾ ਮਾਮਲਾ
ਦਰਅਸਲ ਸਾਬਕਾ ਚੰਨੀ ਸਰਕਾਰ ਸਮੇਂ ਮਜੀਠੀਆ ’ਤੇ ਐੱਨਡੀਪੀਐੱਸ (NDPS) ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਮਜੀਠੀਆ ਕਈ ਮਹੀਨੇ ਜੇਲ੍ਹ ਵਿਚ ਵੀ ਰਹਿ ਚੁੱਕੇ ਹਨ ਅਤੇ ਹੁਣ ਵੀ ਉਹ ਜ਼ਮਾਨਤ ’ਤੇ ਬਾਹਰ ਹਨ। ਇਸ ਕੇਸ ਦੀ ਜਾਂਚ ਕਰ ਰਹੀ SIT ਪਹਿਲਾਂ ਵੀ ਕਈ ਵਾਰ ਮਜੀਠੀਆ ਤੋਂ ਪੁੱਛਗਿੱਛ ਕਰ ਚੁੱਕੀ ਹੈ।
ਦੱਸਣਯੋਗ ਹੈ ਕਿ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਦੇ ਆਧਾਰ ‘ਤੇ ਕਾਂਗਰਸ ਸਰਕਾਰ ਦੌਰਾਨ ਦਸੰਬਰ 2021 ‘ਚ ਮਜੀਠੀਆ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਮਜੀਠੀਆ ਨੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਫਰਵਰੀ 2022 ਵਿਚ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਹ ਕਈ ਮਹੀਨੇ ਪਟਿਆਲਾ ਜੇਲ੍ਹ ਵਿਚ ਰਹੇ ਸਨ। ਹੁਣ ਉਨ੍ਹਾਂ ਨੂੰ ਫਿਰ ਐੱਸਆਈਟੀ ਵਲੋਂ ਸੰਮਨ ਜਾਰੀ ਕੀਤੇ ਜਾ ਰਹੇ ਸਨ ਅਤੇ ਹਾਈਕੋਰਟ ਨੇ ਅੱਜ ਇਸ ਕੇਸ ਦਾ ਨਿਪਟਾਰਾ ਕਰ ਦਿੱਤਾ ਹੈ।
ਹਿੰਦੂਸਥਾਨ ਸਮਾਚਾਰ