New Delhi: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਈਡੀ ਵੱਲੋਂ ਦਾਖ਼ਲ ਚਾਰਜਸ਼ੀਟ ਦਾ ਨੋਟਿਸ ਲਿਆ ਹੈ। ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ 12 ਜੁਲਾਈ ਨੂੰ ਪੇਸ਼ ਹੋਣ ਦੇ ਹੁਕਮ ਵੀ ਦਿੱਤੇ ਹਨ। ਇਸ ਮਾਮਲੇ ‘ਚ ਅਦਾਲਤ ਨੇ ‘ਆਪ’ ਅਤੇ ਮੁੱਖ ਮੰਤਰੀ ਕੇਜਰੀਵਾਲ ਨੂੰ ਦੋਸ਼ੀ ਕਰਾਰ ਦਿੱਤਾ ਹੈ। 17 ਮਈ ਨੂੰ ਈਡੀ ਨੇ ਮਾਮਲੇ ਦੀ ਅੱਠਵੀਂ ਚਾਰਜਸ਼ੀਟ ਦਾਖ਼ਲ ਕੀਤੀ ਸੀ ਜਿਸ ਵਿੱਚ ‘ਆਪ’ ਅਤੇ ਕੇਜਰੀਵਾਲ ਨੂੰ ਮੁਲਜ਼ਮ ਬਣਾਇਆ ਗਿਆ ਸੀ।
ਦੱਸ ਦਈਏ ਕਿ ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਐਕਸਾਈਜ਼ ਨੀਤੀ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ ਪਰ ਹਾਈ ਕੋਰਟ ਨੇ ਇਸ ਹੁਕਮ ‘ਤੇ ਰੋਕ ਲਾ ਦਿੱਤੀ ਹੈ। ਕੁਝ ਦਿਨਾਂ ਬਾਅਦ ਕੇਜਰੀਵਾਲ ਨੂੰ CBI ਨੇ ਵੀ ਗ੍ਰਿਫ਼ਤਾਰ ਕਰ ਲਿਆ ਸੀ। ਇਹ ਦੋਸ਼ ਲਗਾਇਆ ਗਿਆ ਹੈ ਕਿ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਹੋਰ ‘ਆਪ’ ਨੇਤਾਵਾਂ ਦੁਆਰਾ ਕੁਝ ਸ਼ਰਾਬ ਵੇਚਣ ਵਾਲਿਆਂ ਨੂੰ ਫਾਇਦਾ ਪਹੁੰਚਾਉਣ ਲਈ ਦਿੱਲੀ ਆਬਕਾਰੀ ਨੀਤੀ 2021-22 ਵਿੱਚ ਖਾਮੀਆਂ ਪੈਦਾ ਕਰਨ ਲਈ ਇੱਕ ਅਪਰਾਧਿਕ ਸਾਜ਼ਿਸ਼ ਰਚੀ ਗਈ ਸੀ।
ਦਸ ਦਇਏ ਕਿ ‘ਆਪ’ ਦੇ ਕੌਮੀ ਕਨਵੀਨਰ ਇਸ ਸਮੇਂ ਸੀਬੀਆਈ (CBI) ਅਤੇ ਈਡੀ (ED) ਦੋਵਾਂ ਮਾਮਲਿਆਂ ਵਿੱਚ ਨਿਆਂਇਕ ਹਿਰਾਸਤ ਵਿੱਚ ਹਨ। ਈਡੀ ਨੇ ਮਨੀ ਲਾਂਡਰਿੰਗ ਦੀ ਜਾਂਚ ਕੇਂਦਰੀ ਜਾਂਚ ਬਿਊਰੋ (CBI) ਦੁਆਰਾ 2022 ਵਿੱਚ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਦੁਆਰਾ ਕੀਤੀ ਗਈ ਸ਼ਿਕਾਇਤ ‘ਤੇ ਦਰਜ ਕੀਤੀ ਸੀ।
ਹਿੰਦੂਸਥਾਨ ਸਮਾਚਾਰ