Jalandhar By Poll Election: ਪੰਜਾਬ ਦੀ ਜਲੰਧਰ ਪੱਛਮੀ ਸੀਟ ‘ਤੇ ਵਿਧਾਨ ਸਭਾ ਉਪ ਚੋਣ ਲਈ ਅੱਜ ਵੋਟਿੰਗ ਹੋ ਰਹੀ ਹੈ। ਜਾਣਕਾਰੀ ਮੁਤਾਬਕ ਦੁਪਹਿਰ 1 ਵਜੇ ਤੱਕ 34.04 ਫੀਸਦੀ ਵੋਟਿੰਗ ਹੋ ਚੁੱਕੀ ਹੈ। ਇੱਥੇ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਸੀਟ ‘ਤੇ ਕੁੱਲ 1,71,963 ਵੋਟਰ ਹਨ। ਇਨ੍ਹਾਂ ਵਿੱਚ 89,629 ਪੁਰਸ਼ ਅਤੇ 82,326 ਮਹਿਲਾਵਾਂ ਸ਼ਮਾਇਲ ਹਨ। ਇਸ ਦੇ ਨਾਲ ਹੀ ਉਕਤ ਖੇਤਰ ਵਿੱਚ ਅੱਠ ਥਰਡ ਜੈਂਡਰ ਵੋਟਰ ਹਨ। ਉਥੇ ਹੀ ਵੋਟਿੰਗ ਲਈ ਕੁੱਲ 181 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਹ ਚੋਣਾਂ ਜ਼ਿਲ੍ਹਾ ਚੋਣ ਅਫ਼ਸਰ ਅਤੇ ਸਿਟੀ ਡੀਸੀ ਹਿਮਾਂਸ਼ੂ ਅਗਰਵਾਲ ਦੀ ਦੇਖ-ਰੇਖ ਹੇਠ ਕਰਵਾਈਆਂ ਜਾ ਰਹੀਆਂ ਹਨ।
ਵੋਟਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇੱਥੇ 700 ਜਵਾਨ ਤਾਇਨਾਤ ਕੀਤੇ ਗਏ ਹਨ। ਇਸ ਸੀਟ ‘ਤੇ ਤਿਕੋਣਾ ਮੁਕਾਬਲਾ ਹੋਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਜਿਸ ਵਿੱਚ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ‘ਚ ਗਏ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਭਾਜਪਾ ਤੋਂ ਆਮ ਆਦਮੀ ਪਾਰਟੀ ‘ਚ ਗਏ ਸਾਬਕਾ ਭਾਜਪਾ ਮੰਤਰੀ ਦੇ ਪੁੱਤਰ ਮੋਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਚੋਣ ਲੜ ਰਹੇ ਹਨ।
ਹਿੰਦੂਸਥਾਨ ਸਮਾਚਾਰ