Chandigarh News: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸ਼ੰਭੂ ਬਾਰਡਰ ਨੂੰ ਇੱਕ ਹਫ਼ਤੇ ਅੰਦਰ ਖੋਲ੍ਹਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਇਹ ਹੁਕਮ ਹਰਿਆਣਾ ਸਰਕਾਰ ਨੂੰ ਦਿੱਤੇ ਹਨ। ਇਸ ਸਬੰਧੀ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਕਿ ਉਹ ਇਕ ਹਫਤੇ ਦੇ ਅੰਦਰ-ਅੰਦਰ ਸੜਕ ਨੂੰ ਸਾਫ ਕਰੇ ਅਤੇ ਉੱਥੋਂ ਬੈਰੀਕੇਡ ਹਟਾਵੇ।
ਹਾਈ ਕੋਰਟ ਨੇ ਕਿਹਾ ਕਿ ਸ਼ੰਭੂ ਸਰਹੱਦ ‘ਤੇ ਸਥਿਤੀ ਸ਼ਾਂਤੀਪੂਰਨ ਹੈ। ਕਿਸਾਨਾਂ ਦੀ ਮੰਗ ਕੇਂਦਰ ਸਰਕਾਰ ਤੋਂ ਹੈ ਇਸ ਲਈ ਉਨ੍ਹਾਂ ਨੂੰ ਦਿੱਲੀ ਵੱਲ ਜਾਣ ਦੀ ਛੂਟ ਦੇਣੀ ਚਾਹੀਦੀ ਹੈ। ਸੁਣਵਾਈ ਦੌਰਾਨ ਹਰਿਆਣਾ ਸਰਕਾਰ ਨੇ ਕਿਹਾ ਕਿ ਜੇਕਰ ਉਹ ਸ਼ੰਭੂ ਬਾਰਡਰ ਤੋਂ ਬੈਰੀਕੇਡ ਹਟਾਉਂਦੇ ਹਨ ਤਾਂ ਕਿਸਾਨ ਅੰਬਾਲਾ ਵਿੱਚ ਦਾਖ਼ਲ ਹੋ ਕੇ ਐਸਪੀ ਦਫ਼ਤਰ ਦਾ ਘਿਰਾਓ ਕਰਨਗੇ। ਇਸ ‘ਤੇ ਹਾਈਕੋਰਟ ਨੇ ਕਿਹਾ ਕਿ ਵਰਦੀ ਵਾਲਿਆ ਨੂੰ ਘਬਰਾਉਣਾ ਨਹੀਂ ਚਾਹੀਦਾ। ਲੋਕਤੰਤਰ ਵਿੱਚ ਕਿਸਾਨਾਂ ਨੂੰ ਹਰਿਆਣਾ ਵਿੱਚ ਦਾਖ਼ਲ ਹੋਣ ਜਾਂ ਘੇਰਨ ਤੋਂ ਨਹੀਂ ਰੋਕਿਆ ਜਾ ਸਕਦਾ।
ਦਸ ਦਇਏ ਕਿ ਸ਼ੰਭੂ ਬਾਰਡਰ ਪਿਛਲੇ 5 ਮਹੀਨਿਆਂ ਤੋਂ ਬੰਦ ਹੈ ਅਤੇ ਪੰਜਾਬ ਦੇ ਇਨ੍ਹਾਂ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਨੇ ਇੱਥੇ 7 ਲੇਅਰਾਂ ਦੀ ਬੈਰੀਕੇਡਿੰਗ ਲਗਾਈ ਹੋਈ ਹੈ। ਹਾਈਕੋਰਟ ਦੇ ਇਸ ਹੁਕਮ ਬਾਰੇ ਕਿਸਾਨ ਆਗੂ ਮਨਜੀਤ ਰਾਏ ਨੇ ਕਿਹਾ ਕਿ ਸਾਨੂੰ ਅਜੇ ਤੱਕ ਹੁਕਮਾਂ ਦੀ ਕਾਪੀ ਨਹੀਂ ਮਿਲੀ ਪਰ ਇਸ ਫੈਸਲੇ ਦਾ ਸਵਾਗਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਵਾਰ-ਵਾਰ ਪੁੱਛ ਰਹੇ ਹਾਂ ਕਿ ਕਿਸ ਸੰਵਿਧਾਨ ਅਤੇ ਕਾਨੂੰਨ ਤਹਿਤ ਸੜਕਾਂ ‘ਤੇ ਕੰਧਾਂ ਬਣਾਈਆਂ ਗਈਆਂ। ਸਰਕਾਰ ਨੇ ਲੋਕਤੰਤਰ ਦੀ ਅਣਦੇਖੀ ਕਰਕੇ ਇਨ੍ਹਾਂ ਸੜਕਾਂ ਨੂੰ ਬੰਦ ਕਰ ਦਿੱਤਾ ਸੀ। ਇਹ ਰਾਜਧਾਨੀ ਵਿੱਚ ਜਾਣ ਲਈ ਆਮ ਜਨਤਾ, ਕਿਸਾਨਾਂ ਅਤੇ ਵਪਾਰੀਆਂ ਦੀਆਂ ਭਾਵਨਾਵਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਅਸੀਂ ਇੱਥੇ ਬੈਠਣਾ ਨਹੀਂ ਚਾਹੁੰਦੇ, ਅਸੀਂ ਦਿੱਲੀ ਜਾਣਾ ਚਾਹੁੰਦੇ ਹਾਂ। ਇਸ ਸਬੰਧੀ ਮੀਟਿੰਗ ਕਰਕੇ ਅਗਲੀ ਰਣਨੀਤੀ ਤੈਅ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕਰਾਂਗੇ।
ਹਿੰਦੂਸਥਾਨ ਸਮਾਚਾਰ