Shubhkaran Singh News: ਕਿਸਾਨ ਅੰਦੋਲਨ ਦੌਰਾਨ 21 ਫਰਵਰੀ ਨੂੰ ਪ੍ਰਦਰਸ਼ਨਕਾਰੀ ਸ਼ੁਭਕਰਨ ਸਿੰਘ ਦੀ ਹੋਈ ਮੌਤ ਦੇ ਮਾਮਲੇ ਦੀ ਫੋਰੈਂਸਿਕ ਰਿਪੋਰਟ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸ਼ੁਭਕਰਨ ਦੀ ਮੌਤ ਸ਼ਾਟਗਨ ਦੀ ਗੋਲੀ ਲੱਗਣ ਕਾਰਨ ਹੋਈ ਹੈ। ਇਸ ‘ਤੇ ਹਾਈਕੋਰਟ ਨੇ ਕਿਹਾ ਕਿ ਇਸ ਹਥਿਆਰ ਦੀ ਪੁਲਿਸ ਵੱਲੋਂ ਵਰਤੋਂ ਨਹੀਂ ਕੀਤੀ ਜਾਂਦੀ, ਇਸ ਲਈ ਇਸ ਮਾਮਲੇ ਦੀ ਜਾਂਚ ਨੂੰ ਜ਼ਰੂਰੀ ਸਮਝਦਿਆਂ ਹਾਈਕੋਰਟ ਨੇ ਐਸ.ਆਈ.ਟੀ. ਦੇ ਗਠਨ ਦੇ ਹੁਕਮ ਦਿੱਤੇ ਹਨ।
ਪਟੀਸ਼ਨ ਦਾਇਰ ਕਰਦੇ ਹੋਏ ਉਦੈ ਪ੍ਰਤਾਪ ਸਿੰਘ ਨੇ ਹਾਈ ਕੋਰਟ ਨੂੰ ਦੱਸਿਆ ਸੀ ਕਿ ਹਰਿਆਣਾ ਪੁਲਿਸ ਨੇ ਅੰਦੋਲਨ ਦੌਰਾਨ ਬਹੁਤ ਜ਼ਿਆਦਾ ਤਾਕਤ ਦੀ ਵਰਤੋਂ ਕੀਤੀ ਸੀ। ਇਸ ਕਾਰਨ ਕਿਸਾਨ ਸ਼ੁਭਕਰਨ ਦੇ ਸਿਰ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ। ਹਾਈ ਕੋਰਟ ਨੇ ਇਸ ਮਾਮਲੇ ‘ਚ ਨਿਆਇਕ ਕਮਿਸ਼ਨ ਦਾ ਗਠਨ ਕੀਤਾ ਸੀ ਅਤੇ ਜਸਟਿਸ ਜੈ ਠਾਕੁਰ ਦੀ ਪ੍ਰਧਾਨਗੀ ‘ਚ ਜਾਂਚ ਦੇ ਹੁਕਮ ਦਿੱਤੇ ਸਨ।
ਕਮਿਸ਼ਨ ਨੇ ਕਿਹਾ ਸੀ ਕਿ ਸ਼ੁਭਕਰਨ ਦੀ ਮੌਤ ਹਰਿਆਣਾ ਦੇ ਅਧਿਕਾਰ ਖੇਤਰ ਵਿੱਚ ਹੋਈ ਹੈ। ਫੋਰੈਂਸਿਕ ਜਾਂਚ ਰਿਪੋਰਟ ਬੁੱਧਵਾਰ ਨੂੰ ਪੇਸ਼ ਕੀਤੀ ਗਈ। ਇਸ ਵਿਚ ਕਿਹਾ ਗਿਆ ਹੈ ਕਿ ਇਹ ਬਹੁਤ ਸੰਭਾਵਨਾ ਹੈ ਕਿ ਗੋਲੀ ਕਿਸੇ ਸ਼ਾਟਗਨ ਤੋਂ ਚਲਾਈ ਗਈ ਸੀ। ਇਸ ‘ਤੇ ਟਿੱਪਣੀ ਕਰਦਿਆਂ ਹਾਈਕੋਰਟ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਕੋਲ ਸ਼ਾਟਗਨ ਨਹੀਂ ਹੁੰਦੀ, ਕਿਧਰੇ ਅਜਿਹਾ ਤਾਂ ਨਹੀਂ ਕਿ ਗੋਲੀ ਪੰਜਾਬ ਵਾਲੇ ਪਾਸੇ ਤੋਂ ਚਲਾਈ ਗਈ ਸੀ।
ਹਾਈਕੋਰਟ ਨੇ ਕਿਹਾ ਕਿ ਇਸ ‘ਤੇ ਹੁਣ ਹੋਰ ਟਿੱਪਣੀ ਕਰਨਾ ਸਹੀ ਨਹੀਂ ਹੈ, ਇਸ ਮਾਮਲੇ ਦੀ ਜਾਂਚ ਬਹੁਤ ਜ਼ਰੂਰੀ ਹੈ। ਅਜਿਹੇ ਵਿੱਚ ਹਾਈ ਕੋਰਟ ਨੇ ਸ਼ੁਭਕਰਨ ਦੀ ਮੌਤ ਦੇ ਮਾਮਲੇ ਵਿੱਚ ਦਰਜ ਐਫਆਈਆਰ ਦੀ ਜਾਂਚ ਲਈ ਝੱਜਰ ਦੇ ਪੁਲਿਸ ਕਮਿਸ਼ਨਰ ਬੀ ਸਤੀਸ਼ ਬਾਲਨ ਦੀ ਪ੍ਰਧਾਨਗੀ ਵਿੱਚ ਐਸਆਈਟੀ ਗਠਿਤ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਹਾਈਕੋਰਟ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੁਲਿਸ ਵੱਲੋਂ ਵਾਧੂ ਤਾਕਤ ਦੀ ਵਰਤੋਂ ਅਤੇ ਹੋਰ ਪਹਿਲੂਆਂ ‘ਤੇ ਨਿਆਂਇਕ ਕਮੇਟੀ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕੋਈ ਸਿੱਟਾ ਕੱਢਿਆ ਜਾਵੇਗਾ।
ਹਿੰਦੂਸਥਾਨ ਸਮਾਚਾਰ