Arvind Kejriwal News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ ਲੱਗਾ ਹੈ। ਅਰਵਿੰਦ ਕੇਜਰੀਵਾਲ ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਅੱਜ ਉਨ੍ਹਾਂ ਦੀ ਨਿਆਂਇਕ ਹਿਰਾਸਤ ਦੀ ਮਿਆਦ ਖ਼ਤਮ ਹੋਣ ਮਗਰੋਂ ਸੀਬੀਆਈ ਨੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿਸ ਮਗਰੋਂ ਉਨਾਂ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਗਈ ਹੈ। ਭਾਵ ਉਹ 25 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਰਹਿਣਗੇ।
ਸੀਬੀਆਈ ਨੇ 26 ਜੂਨ ਨੂੰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਨੂੰ ਕੁਝ ਦਿਨ ਸੀਬੀਆਈ ਦੀ ਹਿਰਾਸਤ ਵਿੱਚ ਰਹਿਣ ਤੋਂ ਬਾਅਦ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਸੀਬੀਆਈ ਸ਼ਰਾਬ ਘੁਟਾਲੇ ਨਾਲ ਸਬੰਧਤ ਕੇਜਰੀਵਾਲ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਕੇਸ ਦੀ ਜਾਂਚ ਕਰ ਰਹੀ ਹੈ। ਰਾਉਸ ਐਵੇਨਿਊ ਕੋਰਟ ਦਾ ਇਹ ਫੈਸਲਾ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਅੱਜ ਸੁਪਰੀਮ ਕੋਰਟ ਨੇ ਈਡੀ ਮਾਮਲੇ ‘ਚ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।
ਦਰਅਸਲ ਅਰਵਿੰਦ ਕੇਜਰੀਵਾਲ ਨੇ ਈਡੀ ਦੀ ਗ੍ਰਿਫਤਾਰੀ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਸੁਪਰੀਮ ਕੋਰਟ ਨੇ ਮਾਮਲੇ ਨੂੰ ਵੱਡੀ ਬੈਂਚ ਕੋਲ ਟਰਾਂਸਫਰ ਕਰ ਦਿੱਤਾ ਅਤੇ ਸੁਣਵਾਈ ਤੱਕ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ। ਹਾਲਾਂਕਿ ਜ਼ਮਾਨਤ ਮਿਲਣ ਤੋਂ ਬਾਅਦ ਵੀ ਕੇਜਰੀਵਾਲ ਜੇਲ੍ਹ ‘ਚ ਹੀ ਰਹਿਣਗੇ।
ਹਿੰਦੂਸਥਾਨ ਸਮਾਚਾਰ