Nawanshahr News: ਮੁਜ਼ੱਫਰਪੁਰ ਦੀ ਸਿਹਤ ਟੀਮ ਨੇ ਪਿੰਡ ਭਾਰਟਾ ਕਲਾਂ ਵਿਖੇ ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਘਰ-ਘਰ ਜਾ ਕੇ ਡੇਂਗੂ ਸਰਵੇ ਕੀਤਾ।ਇਸ ਮੌਕੇ ਸਿਹਤ ਕਰਮਚਾਰੀ ਪਰਮਜੀਤ ਸਿੰਘ ਵੱਲੋਂ ਮੱਛਰਾਂ ਦੇ ਲਾਰਵੇ ਦੇ ਹੌਟਸਪੌਟਸ ਦਾ ਨਿਰੀਖਣ ਕੀਤਾ, ਜਿਨ੍ਹਾਂ ਵਿੱਚ ਕੂਲਰ, ਫੁੱਲਾਂ ਦੇ ਗਮਲਿਆਂ ਹੇਠ ਰੱਖੀਆਂ ਟਰੇਆਂ, ਪੰਛੀਆਂ ਲਈ ਪਾਣੀ ਨਾਲ ਭਰੇ ਭਾਂਡੇ ਅਤੇ ਖੁੱਲ੍ਹੇ ਵਿੱਚ ਪਏ ਬਰਤਨ, ਫਰਿੱਜਾਂ ਦੀਆਂ ਟਰੇਆਂ, ਕਬਾੜ ਟਾਇਰ ਸ਼ਾਮਲ ਸਨ।
ਉਨ੍ਹਾਂ ਡੇਂਗੂ, ਮਲੇਰੀਆ ਤੇ ਚਿਕਨਗੁਣੀਆ ਦੇ ਲੱਛਣਾਂ ਤੇ ਬਚਾਅ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ। ਗਮਲਿਆਂ, ਫਰਿਜਾਂ ਦੀਆਂ ਟਰੇਆਂ, ਕੂਲਰਾਂ, ਪੁਰਾਣੇ ਟਾਇਰਾਂ, ਛੱਤਾਂ ‘ਤੇ ਪਏ ਕਬਾੜ ਸਮਾਨ ਆਦਿ ‘ਚ ਪਾਣੀ ਨਾ ਜਮ੍ਹਾਂ ਹੋਣ ਦਿੱਤਾ ਜਾਵੇ, ਹਫ਼ਤੇ ‘ਚ ਇਕ ਦਿਨ ਹਰੇਕ ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ ਡਰਾਈ ਡੇ ਵਜੋਂ ਮਨਾਉਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਮਾਦਾ ਏਡੀਜ ਏਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਤੋਂ ਬਚਾਅ ਲਈ ਅਪਣੇ ਸਰੀਰ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖਣਾ ਚਾਹੀਦਾ ਹੈ, ਰਾਤ ਨੂੰ ਸੋਣ ਸਮੇਂ ਮੱਛਰਦਾਨੀ ਤੇ ਮੱਛਰ ਭਜਾਉਣ ਵਾਲੀਆਂ ਕਰੀਮਾ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਡੇਂਗੂ ਬੁਖਾਰ ਦਾ ਟੈਸਟ ਅਤੇ ਇਲਾਜ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ‘ਚ ਮੁਫਤ ਕੀਤਾ ਜਾਂਦਾ ਹੈ। ਡੇਂਗੂ ਦੇ ਆਮ ਲੱਛਣ ਤੇਜ਼ ਬੁਖਾਰ, ਸਰੀਰ ਵਿਚ ਦਰਦ, ਪੇਟ ਦਰਦ, ਮਸੂੜਿਆਂ ‘ਚੋਂ ਖੂਨ ਆਉਣਾ, ਉਲਟੀਆਂ ਆਉਣਾ ਆਦਿ ਹੋ ਸਕਦੇ ਹਨ। ਜੇਕਰ ਕਿਸੇ ਵਿਅਕਤੀ ਨੂੰ ਇਹ ਲੱਛਣ ਦਿਖਾਈ ਦੇਣ ਤਾਂ ਤੁਰੰਤ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ।
ਹਿੰਦੂਸਥਾਨ ਸਮਾਚਾਰ