Washington D.C. : ਦੁਨੀਆ ਭਰ ਦੇ ਰਾਜਾਂ ਦੇ ਮੁਖੀਆਂ ਨੇ ਬਟਲਰ, ਪੈਨਸਿਲਵੇਨੀਆ ਵਿੱਚ ਇੱਕ ਚੋਣ ਰੈਲੀ ਦੌਰਾਨ ਸਾਬਕਾ ਅਮਰੀਕੀ ਰਾਸ਼ਟਰਪਤੀ ਅਤੇ ਰਿਪਬਲਿਕਨ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੋਨਾਲਡ ਟਰੰਪ ‘ਤੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਇਸਨੂੰ ਅਸਵੀਕਾਰਨਯੋਗ ਦੱਸਿਆ ਹੈ।
ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਇਸ ਘਟਨਾ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਅਮਰੀਕਾ ਵਿੱਚ ਅਜਿਹੀ ਹਿੰਸਾ ਲਈ ਕੋਈ ਥਾਂ ਨਹੀਂ ਹੈ।
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਕਿਹਾ ਕਿ ਲੋਕਤੰਤਰ ਵਿੱਚ ਸਿਆਸੀ ਹਿੰਸਾ ਲਈ ਕੋਈ ਥਾਂ ਨਹੀਂ ਹੈ। ਹਾਲਾਂਕਿ ਸਾਨੂੰ ਅਜੇ ਤੱਕ ਇਹ ਨਹੀਂ ਪਤਾ ਕਿ ਕੀ ਹੋਇਆ ਹੈ, ਪਰ ਇਹ ਰਾਹਤ ਦੀ ਗੱਲ ਹੈ ਕਿ ਸਾਬਕਾ ਰਾਸ਼ਟਰਪਤੀ ਟਰੰਪ ਗੰਭੀਰ ਰੂਪ ਨਾਲ ਜ਼ਖਮੀ ਨਹੀਂ ਹੋਏ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਮਲੇ ‘ਤੇ ਚਿੰਤਾ ਜ਼ਾਹਰ ਕੀਤੀ ਅਤੇ ਐਕਸ ‘ਤੇ ਲਿਖਿਆ, “ਦੋਸਤ, ਡੋਨਾਲਡ ਟਰੰਪ ‘ਤੇ ਹੋਏ ਹਮਲੇ ਨੂੰ ਲੈ ਕੇ ਡੂੰਘਾ ਚਿੰਤਤ ਹਾਂ। ਇਸ ਘਟਨਾ ਦੀ ਸਖ਼ਤ ਨਿੰਦਾ ਕਰਦਾ ਹਾਂ। ਰਾਜਨੀਤੀ ਅਤੇ ਲੋਕਤੰਤਰ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।’’
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਕਿ ਉਹ ਇਸ ਘਟਨਾ ਤੋਂ ਹੈਰਾਨ ਹਨ।
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਸਿਆਸੀ ਹਿੰਸਾ ਕਦੇ ਵੀ ਬਰਦਾਸ਼ਤਯੋਗ ਨਹੀਂ ਹੈ। ਮੇਰੀ ਸੰਵੇਦਨਾ ਸਾਬਕਾ ਰਾਸ਼ਟਰਪਤੀ ਟਰੰਪ, ਸਮਾਗਮ ਵਿੱਚ ਮੌਜੂਦ ਲੋਕਾਂ ਅਤੇ ਸਾਰੇ ਅਮਰੀਕੀਆਂ ਨਾਲ ਹੈ।
ਬ੍ਰਿਟੇਨ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਇਸ ਘਟਨਾ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਸਾਡੇ ਸਮਾਜ ਵਿੱਚ ਕਿਸੇ ਵੀ ਰੂਪ ਵਿੱਚ ਸਿਆਸੀ ਹਿੰਸਾ ਦੀ ਕੋਈ ਥਾਂ ਨਹੀਂ ਹੈ।
ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਟਰੰਪ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਨੇ ਕਿਹਾ ਕਿ ਸਾਨੂੰ ਲੋਕਤੰਤਰ ਨੂੰ ਚੁਣੌਤੀ ਦੇਣ ਵਾਲੀ ਕਿਸੇ ਵੀ ਤਰ੍ਹਾਂ ਦੀ ਹਿੰਸਾ ਦੇ ਖਿਲਾਫ ਮਜ਼ਬੂਤੀ ਨਾਲ ਖੜ੍ਹੇ ਹੋਣਾ ਚਾਹੀਦਾ ਹੈ।
ਹਿੰਦੂਸਥਾਨ ਸਮਾਚਾਰ