Amritsar News: ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ ਪੀਰੀ ਦਿਵਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਲਿਆ।
ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਮੀਰੀ ਪੀਰੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੁਆਰਾ ਮੀਰੀ ਪੀਰੀ ਦੀਆਂ ਕਿਰਪਾਨਾਂ ਧਾਰਨ ਕਰਕੇ ਸਿੱਖ ਕੌਮ ਨੂੰ ਬਖਸ਼ਿਆ ਸਿਧਾਂਤ ਅਧਿਆਤਮ ਨਾਲ ਜੁੜਨ ਦੇ ਨਾਲ-ਨਾਲ ਮਜਲੂਮਾਂ ਦੀ ਰੱਖਿਆ ਕਰਨ ਵਾਲਾ ਹੈ। ਛੇਵੇਂ ਪਾਤਸ਼ਾਹ ਨੇ ਜਿਥੇ ਸਿੱਖਾਂ ਨੂੰ ਸ਼ਸ਼ਤਾਰਧਾਰੀ ਹੋਣ ਦਾ ਆਦੇਸ਼ ਕੀਤਾ, ਉਥੇ ਹੀ ਸੰਗਤਾਂ ਨੂੰ ਚੰਗੀ ਨਸਲ ਦੇ ਘੋੜੇ ਅਤੇ ਸ਼ਸਤਰ ਭੇਟ ਕਰਨ ਲਈ ਵੀ ਹੁਕਮ ਦਿੱਤੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਪਾਤਸ਼ਾਹ ਵੱਲੋਂ ਬਖਸ਼ਿਸ ਕੀਤੇ ਸਿਧਾਂਤਾਂ ਅਨੁਸਾਰ ਹਰ ਸਿੱਖ ਅੰਮ੍ਰਿਤਧਾਰੀ ਹੋ ਕੇ ਪੰਜ ਕਕਾਰੀ ਰਹਿਣੀ ਦਾ ਧਾਰਨੀ ਬਣੇ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀਆਂ ਇਤਿਹਾਸਕ ਮੀਰੀ ਤੇ ਪੀਰੀ ਦੀਆਂ ਕਿਰਪਾਨਾਂ ਦੇ ਸੰਗਤ ਨੂੰ ਦਰਸ਼ਨ ਵੀ ਕਰਵਾਏ ਗਏ।
ਹਿੰਦੂਸਥਾਨ ਸਮਾਚਾਰ