Kolkata News: ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਵਿੱਚ ਮੁਹੱਰਮ ਦੇ ਜਲੂਸ ਵਿੱਚ ਫਲਸਤੀਨ ਦਾ ਝੰਡਾ ਲਹਿਰਾਇਆ ਗਿਆ। ਇਸ ਦਾ ਵੀਡੀਓ ਭਾਜਪਾ ਦੇ ਸੀਨੀਅਰ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਸੁਭੇਂਦੂ ਅਧਿਕਾਰੀ ਨੇ ਐਕਸ ‘ਤੇ ਅਪਲੋਡ ਕੀਤਾ ਹੈ। ਉਨ੍ਹਾਂ ਸੂਬੇ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਅਤੇ ਜ਼ਿਲ੍ਹਾ ਪੁਲਿਸ ਸੁਪਰਡੈਂਟ ਤੋਂ ਦਖਲ ਦੀ ਮੰਗ ਕਰਦਿਆਂ ਇਸ ਸਾਰੀ ਘਟਨਾ ਦੀ ਜਾਂਚ ਦੀ ਮੰਗ ਕੀਤੀ ਹੈ। ਇਸ ਘਟਨਾ ਤੋਂ ਬਾਅਦ ਸਿਆਸੀ ਸਰਗਰਮੀ ਤੇਜ਼ ਹੋ ਗਈ ਹੈ।
ਉਨ੍ਹਾਂ ਲਿਖਿਆ, “ਬਰਹਮਪੁਰ , ਮੁਰਸ਼ਿਦਾਬਾਦ ਜ਼ਿਲ੍ਹੇ ਵਿੱਚ ਧਾਰਮਿਕ ਜਲੂਸ ਦੌਰਾਨ ਫਲਸਤੀਨ ਦਾ ਝੰਡਾ ਲਹਿਰਾਇਆ ਗਿਆ। ਇਹ ਘਟਨਾ ਏਆਈਐਮਆਈਐਮ ਦੇ ਸੰਸਦ ਅਸਦੁਦੀਨ ਓਵੈਸੀ ਦੇ ਲੋਕ ਸਭਾ ਵਿੱਚ ਸਹੁੰ ਚੁੱਕ ਸਮਾਗਮ ਦੌਰਾਨ ਦਿੱਤੇ ਗਏ ‘ਜੈ ਫਲਸਤੀਨ’ ਨਾਅਰੇ ਤੋਂ ਪ੍ਰੇਰਿਤ ਜਾਪਦੀ ਹੈ।”
ਮੁਰਸ਼ਿਦਾਬਾਦ ਦੇ ਐਸਪੀ ਅਤੇ ਪੁਲਿਸ ਡਾਇਰੈਕਟਰ ਜਨਰਲ ਰਾਜੀਵ ਕੁਮਾਰ ਨੂੰ ਟੈਗ ਕਰਦੇ ਹੋਏ, ਅਧਿਕਾਰੀ ਨੇ ਇਸ ਮਾਮਲੇ ਦੀ ਤੁਰੰਤ ਜਾਂਚ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਜੇਕਰ ਘਟਨਾ ਦੀ ਪੁਸ਼ਟੀ ਹੋ ਜਾਂਦੀ ਹੈ, ਤਾਂ ਅਜਿਹੇ ਦੇਸ਼ ਵਿਰੋਧੀ ਅਨਸਰਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ ਜੋ ਭਾਰਤੀ ਧਰਤੀ ‘ਤੇ ਵਿਦੇਸ਼ੀ ਝੰਡਾ ਲਹਿਰਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਘਟਨਾ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਖਤਰਾ ਹੈ ਅਤੇ ਇਸਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਫਿਲਹਾਲ ਇਸ ਮਾਮਲੇ ‘ਤੇ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।
ਹਿੰਦੂਸਥਾਨ ਸਮਾਚਾਰ