Jammu-Kashmir: ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਗੁੰਧਾ ਇਲਾਕੇ ‘ਚ ਸੋਮਵਾਰ ਸਵੇਰੇ ਅੱਤਵਾਦੀਆਂ ਨੇ ਫੌਜ ਦੇ ਕੈਂਪ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਇਕ ਫੌਜੀ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਇਸ ਦੌਰਾਨ ਹੋਈ ਗੋਲੀਬਾਰੀ ‘ਚ ਇਕ ਅੱਤਵਾਦੀ ਮਾਰਿਆ ਗਿਆ। ਇਸ ਦੇ ਨਾਲ ਹੀ ਇੱਕ ਨਾਗਰਿਕ ਦੇ ਮਾਰੇ ਜਾਣ ਦੀ ਸੂਚਨਾ ਮਿਲੀ ਹੈ। ਇਸ ਦੀ ਅਜੇ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਨੇ ਸਭ ਤੋਂ ਪਹਿਲਾਂ ਰਾਜੌਰੀ ਜ਼ਿਲ੍ਹੇ ‘ਚ ਸ਼ੌਰਿਆ ਚੱਕਰ ਐਵਾਰਡੀ ਵੀਡੀਜੀ ਪਰਸ਼ੋਤਮ ਦੇ ਘਰ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਕਰਮਚਾਰੀਆਂ ਦੀ ਮੌਜੂਦਗੀ ਕਾਰਨ ਉਨ੍ਹਾਂ ਨੂੰ ਇਲਾਕਾ ਛੱਡ ਕੇ ਭੱਜਣਾ ਪਿਆ। ਬਾਅਦ ਵਿੱਚ ਉਨ੍ਹਾਂ ਨੇ ਫੌਜ ਦੀ ਚੌਕੀ ਨੂੰ ਨਿਸ਼ਾਨਾ ਬਣਾਇਆ।
ਹਿੰਦੂਸਥਾਨ ਸਮਾਚਾਰ