New Delhi: ਵਿਰੋਧੀ ਧਿਰ ਨੇ ਬੁੱਧਵਾਰ ਨੂੰ ਬਜਟ ਵਿੱਚ ਵਿਰੋਧੀ ਪਾਰਟੀਆਂ ਵੱਲੋਂ ਸ਼ਾਸਿਤ ਰਾਜਾਂ ਨੂੰ ਕਥਿਤ ਤੌਰ ’ਤੇ ਨਜ਼ਰਅੰਦਾਜ਼ ਕੀਤੇ ਜਾਣ ਖ਼ਿਲਾਫ਼ ਸੰਸਦ ਭਵਨ ਵਿੱਚ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿੱਚ ਵਿਰੋਧੀ ਇੰਡੀਆ ਗਠਜੋੜ ਵਿੱਚ ਸ਼ਾਮਲ ਕਾਂਗਰਸ, ਸਮਾਜਵਾਦੀ ਪਾਰਟੀ, ਤ੍ਰਿਣਮੂਲ ਕਾਂਗਰਸ, ਆਮ ਆਦਮੀ ਪਾਰਟੀ, ਖੱਬੇ ਪੱਖੀ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ।
ਸੰਸਦ ਦੇ ਮਕਰ ਗੇਟ ਦੇ ਬਾਹਰ ਹੋਏ ਪ੍ਰਦਰਸ਼ਨ ‘ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਕਾਂਗਰਸ ਸੰਸਦੀ ਦਲ ਦੀ ਨੇਤਾ ਸੋਨੀਆ ਗਾਂਧੀ, ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਸਮਾਜਵਾਦੀ ਪਾਰਟੀ ਦੇ ਨੇਤਾ ਅਖਿਲੇਸ਼ ਯਾਦਵ, ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਹਿੱਸਾ ਲਿਆ।
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਕੇਂਦਰੀ ਬਜਟ ‘ਚ ਕਿਸੇ ਨੂੰ ਵੀ ਕੁਝ ਨਹੀਂ ਮਿਲਿਆ ਹੈ। ਕਾਂਗਰਸ ਨੇਤਾ ਗੌਰਵ ਗੋਗੋਈ ਨੇ ਕਿਹਾ ਕਿ ਬਜਟ ਨਿਰਾਸ਼ਾਜਨਕ ਹੈ ਅਤੇ ਇਸ ਵਿਚ ਦੇਸ਼ ਦੇ ਲੋਕਾਂ ਲਈ ਕੁਝ ਵੀ ਨਹੀਂ ਹੈ। ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਕਿਹਾ ਕਿ ਇਸ ਬਜਟ ਨੇ ਦੇਸ਼ ਦੇ ਹਰ ਵਰਗ ਨੂੰ ਨਿਰਾਸ਼ ਕੀਤਾ ਹੈ। ਕਾਂਗਰਸ ਨੇਤਾ ਕੇਸੀ ਵੇਣੂਗੋਪਾਲ ਨੇ ਕਿਹਾ ਕਿ ਵਿਰੋਧੀ ਧਿਰ ਨੇ ਕੇਂਦਰੀ ਬਜਟ ਵਿੱਚ ਹੋਈ ਘੋਰ ਬੇਇਨਸਾਫ਼ੀ ਅਤੇ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਦੇ ਪੱਖਪਾਤੀ ਅਤੇ ਅਨੁਚਿਤ ਦ੍ਰਿਸ਼ਟੀਕੋਣ ਨੂੰ ਰੱਦ ਕਰਨ ਲਈ ਸੰਸਦ ਦੇ ਬਾਹਰ ਇੱਕਜੁੱਟ ਹੋ ਕੇ ਵਿਰੋਧ ਪ੍ਰਦਰਸ਼ਨ ਕੀਤਾ ਹੈ।
ਹਿੰਦੂਸਥਾਨ ਸਮਾਚਾਰ