Chandigarh News: ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੋਈ ਹੈ। ਸਰਕਾਰ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਣੀ ਹੈ। ਇਸ ਦੌਰਾਨ ਸਰਕਾਰ ਅਦਾਲਤ ਵਿੱਚ ਆਪਣਾ ਪੱਖ ਪੇਸ਼ ਕਰੇਗੀ। 10 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਸੀ ਕਿ ਉਹ ਇੱਕ ਹਫ਼ਤੇ ਦੇ ਅੰਦਰ ਬਾਰਡਰ ਤੋਂ ਬੈਰੀਕੇਡ ਹਟਾਉਣ ਤਾਂ ਜੋ ਲੋਕਾਂ ਨੂੰ ਆਉਣ-ਜਾਣ ਵਿੱਚ ਕੋਈ ਦਿੱਕਤ ਨਾ ਆਵੇ।
ਹਾਈ ਕੋਰਟ ਨੇ ਇਹ ਹੁਕਮ ਐਡਵੋਕੇਟ ਵਾਸੂ ਰੰਜਨ ਸ਼ਾਂਡਿਲਿਆ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਦਿੱਤਾ ਸੀ। ਉਨ੍ਹਾਂ ਹਰਿਆਣਾ ਸਰਕਾਰ ਵੱਲੋਂ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਨੂੰ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ ਕਿਉਂਕਿ ਸ਼ੰਭੂ ਬਾਰਡਰ ਬੰਦ ਹੋਣ ਕਾਰਨ ਆਮ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਹਿੰਦੂਸਥਾਨ ਸਮਾਚਾਰ