Delhi Liquor Scam: ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ਦਿੱਲੀ ਆਬਕਾਰੀ ਘੁਟਾਲੇ ਦੇ ਸੀਬੀਆਈ ਨਾਲ ਸਬੰਧਤ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਨਿਆਂਇਕ ਹਿਰਾਸਤ ਵਧਾਉਣ ਦਾ ਹੁਕਮ ਜਾਰੀ ਕੀਤਾ ।
ਕੇਜਰੀਵਾਲ ਦੀ ਨਿਆਂਇਕ ਹਿਰਾਸਤ ਅੱਜ ਖਤਮ ਹੋ ਰਹੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਸੀਬੀਆਈ ਮਾਮਲੇ ਵਿੱਚ ਕੇਜਰੀਵਾਲ ਨੂੰ 12 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜਿਆ ਸੀ।
10 ਜੁਲਾਈ ਨੂੰ ਅਦਾਲਤ ਨੇ ਈਡੀ ਦੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਕੇਜਰੀਵਾਲ ਨੂੰ 12 ਜੁਲਾਈ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। 17 ਮਈ ਨੂੰ ਈਡੀ ਨੇ ਸੱਤਵੀਂ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਸੀ ਜਿਸ ਵਿੱਚ ਆਮ ਆਦਮੀ ਪਾਰਟੀ ਅਤੇ ਕੇਜਰੀਵਾਲ ਨੂੰ ਦੋਸ਼ੀ ਬਣਾਇਆ ਗਿਆ। ਇਸ ਮਾਮਲੇ ‘ਚ ਹੁਣ ਤੱਕ 18 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਗ੍ਰਿਫਤਾਰ ਕੀਤੇ ਗਏ ਲੋਕਾਂ ਵਿਚ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਸੰਸਦ ਮੈਂਬਰ ਸੰਜੇ ਸਿੰਘ, ਬੀਆਰਐਸ ਨੇਤਾ ਕੇ. ਕਵਿਤਾ ਸ਼ਾਮਿਲ ਹੈ। ਇਸ ਵਿੱਚ ਸੁਪਰੀਮ ਕੋਰਟ ਨੇ ਸੰਜੇ ਸਿੰਘ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ।
21 ਮਾਰਚ ਨੂੰ ਦਿੱਲੀ ਹਾਈ ਕੋਰਟ ਤੋਂ ਗ੍ਰਿਫਤਾਰੀ ਤੋਂ ਸੁਰੱਖਿਆ ਨਾ ਮਿਲਣ ਤੋਂ ਬਾਅਦ ਈਡੀ ਨੇ ਉਸੇ ਦਿਨ ਦੇਰ ਸ਼ਾਮ ਪੁੱਛਗਿੱਛ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ। 10 ਮਈ ਨੂੰ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਸੀ, ਜਿਸ ਤੋਂ ਬਾਅਦ 2 ਜੂਨ ਨੂੰ ਕੇਜਰੀਵਾਲ ਨੇ ਆਤਮ ਸਮਰਪਣ ਕਰ ਦਿੱਤਾ ਸੀ। ਕੇਜਰੀਵਾਲ ਨੂੰ ਸੀਬੀਆਈ ਨੇ 26 ਜੂਨ ਨੂੰ ਗ੍ਰਿਫਤਾਰ ਕੀਤਾ ਸੀ।
ਹਿੰਦੂਸਥਾਨ ਸਮਾਚਾਰ