Punjab News: ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਦੇ ਪੰਗੋਲੀ ਇਲਾਕੇ ਵਿੱਚ ਸੱਤ ਸ਼ੱਕੀ ਵਿਅਕਤੀਆਂ ਦੇ ਦੇਖੇ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸਰਹੱਦਾਂ ‘ਤੇ ਸੁਰੱਖਿਆ ਬਲਾਂ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ। ਪੰਜਾਬ ਨਾਲ ਲੱਗਦੇ ਲਖਨਪੁਰ, ਬਸੋਹਲੀ, ਨਗਰੀ ਅਤੇ ਹੋਰ ਇਲਾਕਿਆਂ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਜੰਮੂ-ਕਸ਼ਮੀਰ ਪੁਲਿਸ ਦੇ ਨਾਲ-ਨਾਲ ਸਰਹੱਦੀ ਇਲਾਕਿਆਂ ‘ਚ ਹੋਰ ਸੁਰੱਖਿਆ ਬਲਾਂ ਦੀ ਤਾਇਨਾਤੀ ਵੀ ਵਧਾਈ ਗਈ ਹੈ। ਇਨ੍ਹਾਂ ਸ਼ੱਕੀਆਂ ਦੀ ਸੂਚਨਾ ਦੇ ਆਧਾਰ ‘ਤੇ ਯੂਟੀ ਪ੍ਰਸ਼ਾਸਨ ਨੇ ਨੈਸ਼ਨਲ ਹਾਈਵੇ ਦੇ ਨਾਲ ਲੱਗਦੇ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਵੀ ਜਾਰੀ ਕਰ ਦਿੱਤੇ ਹਨ।
ਪ੍ਰਸ਼ਾਸਨ ਨੇ ਜੰਮੂ ਪਠਾਨਕੋਟ ਨੈਸ਼ਨਲ ਹਾਈਵੇਅ ‘ਤੇ ਸਥਿਤ ਆਰਮੀ ਸਕੂਲ ਜੰਗਲੋਟ, ਆਰਮੀ ਸਕੂਲ ਸਾਂਬਾ, ਕੇਂਦਰੀ ਵਿਦਿਆਲਿਆ ਸਾਂਬਾ ਅਤੇ ਕਠੂਆ, ਆਰਮੀ ਸਕੂਲ ਰਤਨਚੱਕ, ਆਰਮੀ ਸਕੂਲ ਕਾਲੂਚੱਕ ਸਮੇਤ ਸਾਰੇ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਆਰਮੀ ਅਤੇ ਕੇਂਦਰੀ ਵਿਦਿਆਲਿਆ ਸਕੂਲਾਂ ਨੂੰ ਬੰਦ ਕਰਨ ਦਾ ਇਹ ਫੈਸਲਾ ਅਸਥਾਈ ਹੈ ਅਤੇ ਹਾਲਾਤ ਆਮ ਵਾਂਗ ਹੁੰਦੇ ਹੀ ਸਕੂਲ ਮੁੜ ਖੋਲ੍ਹ ਦਿੱਤੇ ਜਾਣਗੇ। ਫਿਲਹਾਲ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਹਰ ਸੰਭਵ ਕਦਮ ਚੁੱਕ ਰਹੀਆਂ ਹਨ। ਜ਼ਿਕਰਯੋਗ ਹੈ ਕਿ ਜੰਮੂ ਡਿਵੀਜ਼ਨ ‘ਚ ਪਿਛਲੇ ਇਕ ਮਹੀਨੇ ਤੋਂ ਅੱਤਵਾਦੀ ਗਤੀਵਿਧੀਆਂ ਵਧੀਆਂ ਹਨ, ਜਿਸ ਕਾਰਨ ਹਰ ਰੋਜ਼ ਵੱਖ-ਵੱਖ ਇਲਾਕਿਆਂ ‘ਚ ਸ਼ੱਕੀ ਦੇਖੇ ਜਾਣ ਦੀਆਂ ਖਬਰਾਂ ਆ ਰਹੀਆਂ ਹਨ। ਇਸ ਤੋਂ ਬਾਅਦ ਕਠੂਆ ਦੇ ਬਦਨੋਟਾ ‘ਚ ਵੀ ਅੱਤਵਾਦੀ ਹਮਲਾ ਹੋਇਆ, ਜਿਸ ‘ਚ ਫੌਜ ਦੇ 5 ਜਵਾਨ ਸ਼ਹੀਦ ਹੋ ਗਏ।
ਗੁਆਂਢੀ ਸੂਬੇ ਪੰਜਾਬ ਦੇ ਪਠਾਨਕੋਟ ਜ਼ਿਲੇ ‘ਚ 7 ਸ਼ੱਕੀ ਵਿਅਕਤੀਆਂ ਦੇ ਦੇਖੇ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ਦੇ ਜੰਮੂ ਡਿਵੀਜ਼ਨ ‘ਚ ਹਾਈ ਅਲਰਟ ਐਲਾਨ ਦਿੱਤਾ ਗਿਆ ਹੈ, ਜਿਸ ਕਾਰਨ ਰਾਸ਼ਟਰੀ ਰਾਜ ਮਾਰਗ ਦੇ ਨਾਲ ਲੱਗਦੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ