Chandigarh News: ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕਰਕੇ ਹੰਡੇਸਰਾ ਅਤੇ ਲਾਲੜੂ ਖੇਤਰ ਦੇ ਸਕੂਲਾਂ ਨੂੰ ਅਪਗ੍ਰੇਡ ਕਰਨ ਅਤੇ ਬੁਨਿਆਦੀ ਸੁਧਾਰ ਕਰਨ ਦੀ ਮੰਗ ਕੀਤੀ। ਉਨ੍ਹਾਂ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਕਿ ਹਰਿਆਣਾ ਦੇ ਨਾਲ ਲੱਗਦੇ ਹੰਡੇਸਰਾ ਸਰਕਲ ਅਤੇ ਲਾਲੜੂ ਖੇਤਰ ਦੇ ਸਰਕਾਰੀ ਸਕੂਲਾਂ ਨੂੰ ਅਪਗ੍ਰੇਡ ਕਰਕੇ ਹੋਰ ਵਿਕਾਸ ਕਰਵਾਇਆ ਜਾਵੇ। ਇਸ ’ਤੇ ਸਿੱਖਿਆ ਮੰਤਰੀ ਨੇ ਉਨ੍ਹਾਂ ਨੂੰ ਇਸ ਸਬੰਧੀ ਜਲਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਹੋਰ ਉਚਾਈਆਂ ‘ਤੇ ਲਿਜਾਣਾ ਸਭ ਤੋਂ ਵੱਡੀ ਚੁਣੌਤੀ ਹੈ, ਜਿਸ ਨੂੰ ਪੂਰਾ ਕਰਨ ਲਈ ਉਹ ਆਪਣਾ ਪੂਰੀ ਵਾਹ ਲਾ ਦੇਣਗੇ। ਇਹ ਜਾਣਕਾਰੀ ਦਿੰਦਿਆਂ ਰੰਧਾਵਾ ਨੇ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਹੰਡੇਸਰਾ ਅਤੇ ਲਾਲੜੂ ਇਲਾਕੇ ਦੇ ਸਕੂਲਾਂ ਦੇ ਜਲਦੀ ਹੀ ਸੁਧਾਰ ਦਾ ਕੰਮ ਚਾਲੂ ਕਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿੱਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕੀਤੇ ਗਏ ਕ੍ਰਾਂਤੀਕਾਰੀ ਸੁਧਾਰਾਂ ਦੇ ਆਧਾਰ ’ਤੇ ਚੋਣਾਂ ਲੜੀਆਂ ਗਈਆਂ ਸਨ ਅਤੇ ਪੰਜਾਬ ਵਿੱਚ ਸਿੱਖਿਆ ਦੇ ਦਿੱਲੀ ਮਾਡਲ ਨੂੰ ਲਾਗੂ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਬਜਟ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਅਤੇ ਸੂਬੇ ਵਿੱਚ ਸਿੱਖਿਆ ਦਾ ਬਿਹਤਰ ਬੁਨਿਆਦੀ ਢਾਂਚਾ ਸਿਰਜਿਆ ਜਾਵੇਗਾ। ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਦ੍ਰਿੜ ਸੰਕਲਪ ਹੈ। ਇਸ ਤੋਂ ਪਹਿਲਾਂ, ਰਾਜ ਸਰਕਾਰ ਨੇ ‘ਸਕੂਲਜ਼ ਆਫ਼ ਐਮੀਨੈਂਸ਼ (ਐੱਸ.ਓ.ਈ) ਦੀ ਸਥਾਪਨਾ ਲਈ 117 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਅਪਗ੍ਰੇਡ ਕੀਤਾ ਸੀ ਅਤੇ ਸਕੂਲ ਦੇ ਪ੍ਰਿੰਸੀਪਲਾਂ ਨੂੰ ਆਪਣੇ ਪੇਸ਼ੇਵਰ ਅਧਿਆਪਨ ਦੇ ਹੁਨਰ ਨੂੰ ਨਿਖਾਰਨ ਲਈ ਸਿੰਗਾਪੁਰ ਭੇਜਿਆ ਜਾ ਚੁੱਕਾ ਹੈ।
ਹਿੰਦੂਸਥਾਨ ਸਮਾਚਾਰ