New Delhi: ਸੀਬੀਆਈ ਨੇ ਦਿੱਲੀ ਆਬਕਾਰੀ ਘੁਟਾਲੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਸੋਮਵਾਰ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੇ ਸਾਹਮਣੇ ਚਾਰਜਸ਼ੀਟ ਦਾਖ਼ਲ ਕੀਤੀ। ਇਸ ਤੋਂ ਪਹਿਲਾਂ ਈਡੀ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਖਿਲਾਫ ਵੀ ਚਾਰਜਸ਼ੀਟ ਦਾਇਰ ਕਰ ਚੁੱਕੀ ਹੈ। ਫਿਲਹਾਲ ਸੁਪਰੀਮ ਕੋਰਟ ਨੇ ਈਡੀ ਮਾਮਲੇ ‘ਚ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਉਹ ਸੀਬੀਆਈ ਕੇਸ ਵਿੱਚ ਨਿਆਂਇਕ ਹਿਰਾਸਤ ਵਿੱਚ ਹੈ।
ਦਿੱਲੀ ਹਾਈਕੋਰਟ ਤੋਂ ਗ੍ਰਿਫਤਾਰੀ ਤੋਂ ਸੁਰੱਖਿਆ ਨਾ ਮਿਲਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਦੇਰ ਸ਼ਾਮ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਸੀ। ਇਸ ਤੋਂ ਬਾਅਦ 26 ਜੂਨ ਨੂੰ ਕੇਜਰੀਵਾਲ ਨੂੰ ਸੀ.ਬੀ.ਆਈ. ਨੇ ਗਿਰਫਤਾਰ ਕਰ ਲਿਆ ਸੀ। ਸੁਪਰੀਮ ਕੋਰਟ ਈਡੀ ਮਾਮਲੇ ਵਿੱਚ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਕੇਜਰੀਵਾਲ ਨੇ ਸੀ.ਬੀ.ਆਈ. ਦੀ ਗ੍ਰਿਫਤਾਰੀ ਖਿਲਾਫ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਤੇ ਹਾਈਕੋਰਟ ਨੇ 17 ਜੁਲਾਈ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
26 ਜੁਲਾਈ ਨੂੰ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਵਿੱਚ ਹਫ਼ਤੇ ਵਿੱਚ ਦੋ ਵਾਰ ਆਪਣੇ ਵਕੀਲ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦਿੱਤੀ ਸੀ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੇ ਕਿਹਾ ਕਿ ਨਿਰਪੱਖ ਸੁਣਵਾਈ ਅਤੇ ਪ੍ਰਭਾਵਸ਼ਾਲੀ ਕਾਨੂੰਨੀ ਨੁਮਾਇੰਦਗੀ ਦੇ ਮੌਲਿਕ ਅਧਿਕਾਰ ਨੂੰ ਧਿਆਨ ਵਿੱਚ ਰੱਖਦੇ ਹੋਏ, ਵੀਡੀਓ ਕਾਨਫਰੰਸਿੰਗ ਰਾਹੀਂ ਜੇਲ੍ਹ ਵਿੱਚ ਦੋ ਵਾਧੂ ਮੁਲਾਕਾਤਾਂ ਦੀ ਇਜਾਜ਼ਤ ਦਿੱਤੀ ਗਈ ਹੈ।
ਹਿੰਦੁਸਥਾਨ ਸਮਾਚਾਰ