Himachal Pradesh: ਬੱਦਲ ਫਟਣ ਕਾਰਨ ਆਏ ਹੜ੍ਹ ਨੇ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ, ਮੰਡੀ ਅਤੇ ਕੁੱਲੂ ਜ਼ਿਲ੍ਹਿਆਂ ਵਿੱਚ ਭਾਰੀ ਤਬਾਹੀ ਮਚਾਈ ਹੈ। ਤਿੰਨ ਜ਼ਿਲ੍ਹਿਆਂ ਵਿੱਚ ਕਰੀਬ 52 ਲੋਕ ਲਾਪਤਾ ਹਨ ਜਦੋਂਕਿ 5 ਲੋਕਾਂ ਦੀ ਮੌਤ ਦੀ ਖਬਰ ਹੈ। ਸ਼ਿਮਲਾ ਵਿੱਚ 35, ਮੰਡੀ ਵਿੱਚ 9 ਅਤੇ ਕੁੱਲੂ ਵਿੱਚ ਸੱਤ ਲੋਕ ਲਾਪਤਾ ਹਨ। ਕੁੱਲੂ ਦੇ ਜੌਨ ਅਤੇ ਨਿਰਮੰਡ ‘ਚ ਬੱਦਲ ਫਟਣ ਕਾਰਨ ਸ਼੍ਰੀਖੰਡ ਯਾਤਰਾ ਦਾ ਆਧਾਰ ਕੈਂਪ ਪ੍ਰਭਾਵਿਤ ਹੋਇਆ ਹੈ। ਪ੍ਰਸ਼ਾਸਨ ਨੇ ਵੱਡੇ ਪੱਧਰ ‘ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ।
ਸਭ ਤੋਂ ਵੱਧ ਤਬਾਹੀ ਸ਼ਿਮਲਾ ਜ਼ਿਲ੍ਹੇ ਦੇ ਰਾਮਪੁਰ ਇਲਾਕੇ ਦੇ ਝਕੜੀ ਵਿੱਚ ਹੋਈ ਹੈ। ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਲਾਪਤਾ ਹੋਏ 36 ਲੋਕਾਂ ਦੀ ਭਾਲ ਜਾਰੀ ਹੈ। ਝਖੜੀ ਦੇ ਸਮੇਜ ਖੱਡ ਵਿੱਚ ਹਾਈਡਰੋ ਪ੍ਰੋਜੈਕਟ ਨੇੜੇ ਬੱਦਲ ਫਟਣ ਕਾਰਨ ਆਏ ਹੜ੍ਹ ਕਾਰਨ ਲੋਕਾਂ ਨੂੰ ਬਚਾਉਣ ਲਈ ਪ੍ਰਸ਼ਾਸਨ ਨੇ ਬਚਾਅ ਕਾਰਜ ਤੇਜ਼ ਕਰ ਦਿੱਤੇ ਹਨ। NDRF, SDRF, ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਬਚਾਅ ਕਾਰਜ ‘ਚ ਲੱਗੀਆਂ ਹੋਈਆਂ ਹਨ। ਸ਼ਿਮਲਾ ਦੇ ਡਿਪਟੀ ਕਮਿਸ਼ਨਰ ਅਮਿਤ ਕਸ਼ਯਪ ਮੌਕੇ ‘ਤੇ ਮੌਜੂਦ ਹਨ ਅਤੇ ਬਚਾਅ ਕਾਰਜ ਦੀ ਨਿਗਰਾਨੀ ਕਰ ਰਹੇ ਹਨ। ਪ੍ਰਸ਼ਾਸਨ ਮੁਤਾਬਕ ਬਚਾਅ ਟੀਮਾਂ ਨੇ ਹੜ੍ਹ ‘ਚ ਫਸੇ ਦੋ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ, ਜਦਕਿ ਮੌਕੇ ਤੋਂ ਦੋ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। 36 ਸਥਾਨਕ ਲੋਕ ਅਜੇ ਵੀ ਲਾਪਤਾ ਹਨ। ਇਨ੍ਹਾਂ ਵਿੱਚ ਬੱਚੇ ਅਤੇ ਔਰਤਾਂ ਵੀ ਸ਼ਾਮਲ ਹਨ।
ਮੰਡੀ ਜ਼ਿਲੇ ਦੇ ਡਰੰਗ ਵਿਧਾਨ ਸਭਾ ਹਲਕੇ ਦੇ ਥਲਟੂ ਖੋਦ ‘ਚ ਬੱਦਲ ਫਟਣ ਨਾਲ ਭਾਰੀ ਤਬਾਹੀ ਹੋਈ ਹੈ, ਜਿਸ ‘ਚ ਤਿੰਨ ਪਰਿਵਾਰਾਂ ਦੇ 9 ਲੋਕ ਲਾਪਤਾ ਹਨ, ਜਦਕਿ ਇਕ 75 ਸਾਲਾ ਬਜ਼ੁਰਗ ਔਰਤ ਦੀ ਮੌਤ ਹੋ ਗਈ ਹੈ। ਮੰਡੀ ਦੇ ਡੀਸੀ ਅਪੂਰਵਾ ਦੇਵਗਨ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅੱਜ ਪਧਰ ਸਬ-ਡਵੀਜ਼ਨ ਦੇ ਸਾਰੇ ਸਕੂਲ ਅਤੇ ਵਿੱਦਿਅਕ ਅਦਾਰੇ ਬੰਦ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਰਾਹਤ ਅਤੇ ਬਚਾਅ ਟੀਮਾਂ ਵੱਲੋਂ ਇੱਕ ਲਾਸ਼ ਬਰਾਮਦ ਕਰ ਲਈ ਗਈ ਹੈ। ਜਦਕਿ 35 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਮੰਡੀ ਜ਼ਿਲ੍ਹਾ ਪ੍ਰਸ਼ਾਸਨ ਨੇ ਬਚਾਅ ਲਈ ਹਵਾਈ ਸੈਨਾ ਨੂੰ ਵੀ ਅਲਰਟ ਕਰ ਦਿੱਤਾ ਹੈ। ਮਦਦ ਦੀ ਲੋੜ ਪੈਣ ‘ਤੇ ਸੇਵਾਵਾਂ ਲਈਆਂ ਜਾਣਗੀਆਂ। ਥਲਤੂਖੋਦ ਪੰਚਾਇਤ ਮੁਖੀ ਕਾਲੀ ਰਾਮ ਨੇ ਦੱਸਿਆ ਕਿ ਬੱਦਲ ਫਟਣ ਦੀ ਘਟਨਾ ਤੇਰੰਗ ਅਤੇ ਰਾਜਬਨ ਪਿੰਡਾਂ ਵਿੱਚ ਵਾਪਰੀ ਹੈ। ਇਸ ਕਾਰਨ ਤਿੰਨ ਘਰਾਂ ਨੂੰ ਨੁਕਸਾਨ ਪੁੱਜਾ।
ਕੁੱਲੂ ਦੇ ਡੀਸੀ ਐਸ ਰਵੀਸ਼ ਅਨੁਸਾਰ ਨਿਰਮੰਡ ਵਿੱਚ ਬੱਦਲ ਫਟਣ ਕਾਰਨ ਦੋ ਪੁਲ ਢਹਿ ਗਏ। ਇਨ੍ਹਾਂ ਵਿੱਚੋਂ ਇੱਕ ਪੁਲ ਉਸਾਰੀ ਅਧੀਨ ਹੈ। ਇਸ ਤੋਂ ਇਲਾਵਾ ਅੱਠ ਤੋਂ ਨੌਂ ਘਰ ਵਹਿ ਗਏ ਅਤੇ ਸੱਤ ਲੋਕ ਲਾਪਤਾ ਹਨ। ਰਾਹਤ ਅਤੇ ਬਚਾਅ ਟੀਮਾਂ ਲਾਪਤਾ ਲੋਕਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਖੁਦ ਰਾਹਤ ਅਤੇ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ NDRF, SDRF, ਪੁਲਿਸ, ਹੋਮ ਗਾਰਡ ਅਤੇ ਫਾਇਰ ਸਰਵਿਸਿਜ਼ ਦੀਆਂ ਟੀਮਾਂ ਰਾਹਤ, ਖੋਜ ਅਤੇ ਬਚਾਅ ਕਾਰਜਾਂ ‘ਚ ਲੱਗੀਆਂ ਹੋਈਆਂ ਹਨ। ਸਥਾਨਕ ਪ੍ਰਸ਼ਾਸਨ ਨੂੰ ਰਾਹਤ ਅਤੇ ਬਚਾਅ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਹੈ ਕਿ ਸੂਬਾ ਸਰਕਾਰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ। ਅਧਿਕਾਰੀਆਂ ਨੂੰ ਲਗਾਤਾਰ ਮੀਂਹ ਨਾਲ ਪ੍ਰਭਾਵਿਤ ਹੋ ਰਹੇ ਇਲਾਕਿਆਂ ‘ਚ ਮੌਜੂਦ ਰਹਿਣ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਬਾਰੇ ਤੁਰੰਤ ਜਾਣਕਾਰੀ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।
ਬੱਦਲ ਫਟਣ ਦੀਆਂ ਘਟਨਾਵਾਂ ਤੋਂ ਬਾਅਦ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸਕੱਤਰੇਤ ਵਿਖੇ ਹੰਗਾਮੀ ਮੀਟਿੰਗ ਬੁਲਾਈ ਹੈ। ਇਸ ਦੇ ਨਾਲ ਹੀ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੇ ਹਿਮਾਚਲ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿਤਾ ਹੈ।
ਹਿੰਦੂਸਥਾਨ ਸਮਾਚਾਰ