Dhaka, Bangladesh News: ਬੰਗਲਾਦੇਸ਼ ‘ਚ ਰਾਖਵੇਂਕਰਨ ਖਿਲਾਫ ਸ਼ੁੱਕਰਵਾਰ ਨੂੰ ਇਕ ਵਾਰ ਫਿਰ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ। ਇਹ ਪ੍ਰਦਰਸ਼ਨ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਉਨ੍ਹਾਂ ਦੀ ਸਰਕਾਰ ਦੇ ਖਿਲਾਫ ਹੈ। ਇਹ ਵਿਰੋਧ ਪ੍ਰਦਰਸ਼ਨ ਦੇਸ਼ ਭਰ ਵਿਚ ਵੱਡੇ ਪੱਧਰ ‘ਤੇ ਹਿੰਸਾ ਦੀਆਂ ਘਟਨਾਵਾਂ ਵਧਣ ਅਤੇ 200 ਤੋਂ ਵੱਧ ਲੋਕਾਂ ਦੀ ਮੌਤ ਹੋਣ ਤੋਂ ਬਾਅਦ ਖਤਮ ਹੋ ਗਿਆ ਸੀ। ਫਿਰ ਤੋਂ ਸ਼ੁਰੂ ਹੋਇਆ ਵਿਰੋਧ ਪ੍ਰਦਰਸ਼ਨ ਹਾਲ ਹੀ ਵਿੱਚ ਵਾਪਰੀ ਘਟਨਾ ਵਿੱਚ ਮਾਰੇ ਗਏ ਲੋਕਾਂ ਲਈ ਇਨਸਾਫ਼ ਦੀ ਮੰਗ ਨੂੰ ਲੈ ਕੀਤਾ ਜਾ ਰਿਹਾ ਹੈ।
ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਵੱਖ-ਵੱਖ ਹਿੱਸਿਆਂ ਵਿੱਚ ਦੋ ਹਜ਼ਾਰ ਤੋਂ ਵੱਧ ਪ੍ਰਦਰਸ਼ਨਕਾਰੀ ਇਕੱਠੇ ਹੋਏ, ਜਿਨ੍ਹਾਂ ਵਿੱਚੋਂ ਕੁਝ ਲੋਕ “ਤਾਨਾਸ਼ਾਹ ਮੁਰਦਾਬਾਦ” ਅਤੇ ਪੀੜਤਾਂ ਲਈ ਇਨਸਾਫ਼ ਵਰਗੇ ਨਾਅਰੇ ਲਗਾ ਰਹੇ ਸਨ, ਜਦੋਂ ਕਿ ਪੁਲਿਸ ਅਧਿਕਾਰੀ ਉਨ੍ਹਾਂ ਦੇ ਆਲੇ ਦੁਆਲੇ ਇੱਕ ਚੱਕਰ ਵਿੱਚ ਖੜ੍ਹੇ ਸਨ। ਢਾਕਾ ਦੇ ਉੱਤਰਾ ਖੇਤਰ ਵਿੱਚ ਪੁਲਿਸ ਅਤੇ ਦਰਜਨਾਂ ਵਿਦਿਆਰਥੀਆਂ ਵਿੱਚ ਝੜਪ ਹੋਈ, ਜਦੋਂ ਕਿ ਸੁਰੱਖਿਆ ਅਧਿਕਾਰੀਆਂ ਨੇ ਪਥਰਾਅ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਅਤੇ ਸਟਨ ਗ੍ਰੇਨੇਡ ਛੱਡੇ।
ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਸਰਕਾਰ ਪਿਛਲੇ ਮਹੀਨੇ ਤੋਂ ਵਿਦਿਆਰਥੀ ਪ੍ਰਦਰਸ਼ਨਾਂ ਦਾ ਸਾਹਮਣਾ ਕਰ ਰਹੀ ਹੈ ਅਤੇ ਫਿਲਹਾਲ ਇਨ੍ਹਾਂ ਪ੍ਰਦਰਸ਼ਨਾਂ ਦੇ ਮੱਠਾ ਪੈਣ ਦੇ ਕੋਈ ਸੰਕੇਤ ਨਹੀਂ ਹਨ। ਇਸ ਤੋਂ ਪਹਿਲਾਂ, 15 ਜੁਲਾਈ ਨੂੰ ਹਿੰਸਾ ਭੜਕਣ ਤੋਂ ਬਾਅਦ, ਵਿਰੋਧ ਪ੍ਰਦਰਸ਼ਨ ਸ਼ੇਖ ਹਸੀਨਾ ਲਈ ਇੱਕ ਵੱਡਾ ਸੰਕਟ ਬਣ ਗਿਆ ਹੈ। ਹਿੰਸਕ ਪ੍ਰਦਰਸ਼ਨਾਂ ਨਾਲ ਨਜਿੱਠਣ ਲਈ, ਅਧਿਕਾਰੀਆਂ ਨੇ ਇੰਟਰਨੈੱਟ ਬੰਦ ਕਰ ਦਿੱਤਾ ਹੈ ਅਤੇ ਦੇਖਦੇ ਹੀ ਗੋਲੀ ਮਾਰਨ ਦੇ ਆਦੇਸ਼ਾਂ ਦੇ ਨਾਲ ਕਰਫਿਊ ਲਗਾ ਦਿੱਤਾ ਹੈ। ਸਕੂਲ ਅਤੇ ਯੂਨੀਵਰਸਿਟੀਆਂ ਬੰਦ ਹਨ।
ਹਿੰਦੂਸਥਾਨ ਸਮਾਚਾਰ /