Punjab News: ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਨਾਲ ਅੱਜ ਪੈਰਿਸ ਉਲੰਪਿਕ ‘ਚ ਹਾਕੀ ਦਾ ਮੈਚ ਵੇਖਣ ਲਈ ਜਾਣਾ ਚਾਹੁੰਦੇ ਸਨ ਅਤੇ ਟੀਮ ਦਾ ਹੌਸਲਾ ਵਧਾਉਣਾ ਚਾਹੁੰਦੇ ਸਨ ਪਰ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਉਡਾਣ ਭਰਨ ਦੀ ਇਜਾਜ਼ਤ ਨਹੀਂ ਦਿੱਤੀ। ਵਿਦੇਸ਼ ਮੰਤਰਾਲੇ ਨੇ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਸੀਐੱਮ ਮਾਨ ਨੂੰ ਪੈਰਿਸ ਜਾਣ ਦੀ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ ਕੇਂਦਰ ਨੇ ਸੁਰੱਖਿਆ ਕਾਰਨਾਂ ਕਰਕੇ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੀਐੱਮ ਦਫ਼ਤਰ ਨੂੰ ਸ਼ੁੱਕਰਵਾਰ ਦੇਰ ਸ਼ਾਮ ਯਾਤਰਾ ਦੀ ਇਜਾਜ਼ਤ ਨਾ ਮਿਲਣ ਦੀ ਸੂਚਨਾ ਮਿਲੀ।
ਦੂਜੇ ਪਾਸੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਫਰਾਂਸ ਦੌਰੇ ਦੀ ਇਜਾਜ਼ਤ ਨਾ ਦੇਣ ਦੀ ਸਖ਼ਤ ਸ਼ਬਦਾ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੈਰਿਸ ਓਲਪਿੰਕ ਵਿੱਚ ਜਾਣ ਦੀ ਇਜਾਜ਼ਤ ਨਾ ਦੇ ਕੇ ਜਿੱਥੇ ਪੰਜਾਬ ਦੇ 3 ਕਰੋੜ ਲੋਕਾਂ ਨਾਲ ਧੱਕਾ ਕੀਤਾ ਹੈ, ਉੱਥੇ ਹੀ ਲੋਕਾਂ ਦੀਆਂ ਭਾਵਨਾਵਾਂ ਨਾਲ ਵੀ ਖਿਲਵਾੜ ਕੀਤਾ ਹੈ, ਕਿਉਂਕਿ ਭਾਰਤ ਦੇਸ਼ ਦੀ ਹਾੱਕੀ ਟੀਮ ਵਿੱਚ ਜਿਆਦਾਤਰ ਖਿਡਾਰੀ ਪੰਜਾਬ ਦੇ ਹਨ। ਇਹ ਸੰਵਿਧਾਨਕ ਤੌਰ ਤੇ ਚੁਣੇ ਗਏ ਵਿਅਕਤੀ ਦੇ ਮੂਲ ਅਧਿਕਾਰਾਂ ਤੇ ਰੋਕ ਲਾਉਣ ਦੇ ਬਰਾਬਰ ਹੈ ਜਦਕਿ ਆਮ ਆਦਮੀ ਪਾਰਟੀ ਦੇ ਕਾਰਜਾਂ ਨੂੰ ਦੇਖ ਕੇ ਹੀ ਦਿੱਲੀ ਅਤੇ ਪੰਜਾਬ ਦੇ ਲੋਕਾਂ ਨੇ ਆਪ ਨੂੰ ਭਾਰੀ ਬਹੁਮਤ ਨਾਲ ਸੱਤਾ ਦੀ ਵਾਗਡੌਰ ਸੌਂਪੀ ਹੈ।
ਹਿੰਦੂਸਥਾਨ ਸਮਾਚਾਰ