Amritsar News: ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਿਖੇ ਸਿੰਘ ਸਾਹਿਬਾਨ ਨੇ ਅਚਨਚੇਤੀ ਮੀਟਿੰਗ ਕਰਕੇ ਪਿਛਲੇ ਦਿਨੀਂ ਬਾਗੀ ਅਕਾਲੀਆਂ ਵਲੋਂ ਲਾਏ ਦੋਸ਼ਾਂ ਦੇ ਸੰਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਮੰਗੇ ਗਏ ਸਪੱਸ਼ਟੀਕਰਨ ਪੱਤਰ ਅੱਜ ਸੰਗਤਾਂ ਲਈ ਜਨਤਕ ਕੀਤੇ ਗਏ ਹਨ। ਦਸ ਦਇਏ ਕਿ ਇਕ ਜੁਲਾਈ ਨੂੰ ਬਾਗੀ ਅਕਾਲੀ ਆਗੂਆਂ ਵਲੋਂ ਅਕਾਲੀ ਸਰਕਾਰ ਵੇਲੇ ਹੋਈਆਂ ਭੁੱਲਾਂ ਗਲਤੀਆਂ ਲਈ ਖਿਮਾ ਯਾਚਨਾ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਿੱਤਾ ਗਿਆ ਸੀ, ਜਿਸ ਉਪਰੰਤ ਸਿੰਘ ਸਾਹਿਬਾਨ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦੀ ਹਦਾਇਤ ਕੀਤੀ ਗਈ ਸੀ। ਜਿਸ ਉਪਰੰਤ ਬੀਤੀ 24 ਜੁਲਾਈ ਨੂੰ ਦੋਵਾਂ ਅਕਾਲੀ ਆਗੂਆਂ ਵਲੋਂ ਆਪਣੇ ਲਿਖਤੀ ਸਪੱਸ਼ਟੀਕਰਨ ਜਥੇਦਾਰ ਸਾਹਿਬ ਨੂੰ ਸੌਂਪ ਦਿੱਤੇ ਗਏ ਸਨ। ਜਾਣਕਾਰੀ ਅਨੁਸਾਰ ਅੱਜ ਸਿੰਘ ਸਾਹਿਬਾਨ ਨੇ ਅਚਨਚੇਤੀ ਇਕੱਤਰਤਾ ਕਰਕੇ ਉਕਤ ਦੋਵੇਂ ਪੱਤਰ ਜਨਤਕ ਕਰ ਦਿੱਤੇ ਹਨ ਤੇ ਆਉਂਦੇ ਦਿਨਾਂ ਵਿਚ ਇਸ ਸੰਬੰਧੀ ਕੋਈ ਅਹਿਮ ਫ਼ੈਸਲਾ ਸੁਣਾਏ ਜਾਣ ਦੀ ਵੀ ਸੰਭਾਵਨਾ ਹੈ। ਅੱਜ ਦੀ ਇਕੱਤਰਤਾ ਵਿਚ ਜਥੇਦਾਰ ਗਿਆਨੀ ਰਘਬੀਰ ਸਿੰਘ ਤੋਂ ਇਲਾਵਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਗਿਆਨੀ ਸੁਲਤਾਨ ਸਿੰਘ ਵੀ ਮੌਜੂਦ ਸਨ।
ਭਰਮ ਭੁਲੇਖਿਆਂ ਨੂੰ ਦੂਰ ਕਰਨ ਲਈ ਹੀ ਇਸ ਸਪੱਸ਼ਟੀਕਰਨ ਪੱਤਰ ਕੀਤਾ ਜਨਤਕ: ਅਕਾਲ ਤਖ਼ਤ ਸਕੱਤਰੇਤ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਨੂੰ ਸਿੰਘ ਸਾਹਿਬਾਨ ਦੀ ਗੈਰ ਰਸਮੀ ਗੱਲਬਾਤ ਕਰਾਰ ਦਿੰਦਿਆਂ ਸਕੱਤਰੇਤ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਿਛਲੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਦਿੱਤੇ ਸਪੱਸ਼ਟੀਕਰਨ ਨੂੰ ਲੈ ਕੇ ਪੈਦਾ ਕੀਤੇ ਜਾ ਰਹੇ ਭਰਮ-ਭੁਲੇਖਿਆਂ ਨੂੰ ਦੂਰ ਕਰਨ ਲਈ ਅੱਜ ਸਕੱਤਰੇਤ ਵਲੋਂ ਇਹ ਸਪੱਸ਼ਟੀਕਰਨ ਜਨਤਕ ਕੀਤਾ ਗਿਆ ਹੈ ਅਤੇ ਨਿਕਟ ਭਵਿੱਖ ਵਿਚ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਇਸ ਸਪੱਸ਼ਟੀਕਰਨ ‘ਤੇ ਵਿਚਾਰ ਕਰਕੇ ਗੁਰਮਤਿ ਸਿਧਾਂਤਾਂ ਦੀ ਰੌਸ਼ਨੀ ਵਿਚ ਹੀ ਕੋਈ ਫ਼ੈਸਲਾ ਲਿਆ ਜਾਵੇਗਾ।
ਹਿੰਦੂਸਥਾਨ ਸਮਾਚਾਰ