Faridkot, Punjab News: ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸੋਧਿਆ ਸਡਿਊਲ ਜਾਰੀ ਕੀਤਾ ਗਿਆ ਹੈ। ਜਾਰੀ ਸਡਿਊਲ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਹੁਣ ਸੋਧੇ ਰਿਵਾਈਜ਼ਡ ਸਡਿਊਲ ਅਨੁਸਾਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਲਈ ਫਾਰਮ ਪ੍ਰਾਪਤ ਕਰਨ ਦੀ ਆਖਰੀ ਮਿਤੀ ਵਿੱਚ ਵਾਧਾ ਕਰਕੇ 16 ਸਤੰਬਰ, 2024 ਤੱਕ ਕਰ ਦਿੱਤੀ ਗਈ ਹੈ।
ਰਿਵਾਈਜ਼ਡ ਸਡਿਊਲ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 09 ਅਕਤੂਬਰ,2024 ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆਂ ਜਿਹੜੇ ਬਿਨੈਕਾਰ ਸਿੱਖ ਗੁਰਦੁਆਰਾ ਬੋਰਡ ਰੂਲਜ਼ 1959 ਦੇ ਰੂਲ ਨੰਬਰ 3 ਅਧੀਨ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਉਨ੍ਹਾਂ ਵਿਅਕਤੀਆਂ ਦੇ ਹੀ ਫਾਰਮ ਨੰਬਰ 1 ਮਿਤੀ 16 ਸਤੰਬਰ, 2024 ਤੱਕ ਪ੍ਰਾਪਤ ਕੀਤੇ ਜਾਣਗੇ। ਇਸ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 26 ਨਵੰਬਰ, 2024 ਨੂੰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰੇਕ 21 ਸਾਲ ਤੋਂ ਵੱਧ ਉਮਰ ਦਾ ਕੇਸਾਧਾਰੀ ਸਿੱਖ ਜੋ ਆਪਣੇ ਦਾੜ੍ਹੀ ਜਾਂ ਕੇਸਾਂ ਨੂੰ ਨਾ ਕੱਟਦਾ ਹੋਵੇ ਜਾਂ ਸੇਵ ਨਾ ਕਰਦਾ ਹੋਵੇ ਅਤੇ ਸਿਗਰਟ, ਸ਼ਰਾਬ ਨਾ ਪੀਂਦਾ ਹੋਵੇ ਅਤੇ ਮਾਸ ਦਾ ਸੇਵਨ ਨਾ ਕਰਦਾ ਹੋਵੇ, ਜਿੱਥੇ ਉਹ ਰਹਿੰਦਾ ਹੈ, ਸਿੱਖ ਸਬੰਧਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ: 1 (ਕੇਸਾਧਾਰੀ ਸਿੱਖ ਲਈ) ਭਰ ਕੇ ਪਿੰਡ/ਸ਼ਹਿਰਾਂ ਵਿੱਚ ਪਟਵਾਰੀਆਂ, ਬੀ.ਐੱਲ.ਓਜ਼., ਡੈਜ਼ੀਗਨੇਟਿਡ ਕਰਮਚਾਰੀਆਂ ਨੂੰ ਦੇ ਸਕਦਾ ਹੈ। ਵੋਟ ਬਣਾਉਣ ਵਾਲੇ ਵਿਅਕਤੀ ਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹੀ ਵੋਟ ਬਣਾ ਸਕਦਾ ਹੈ।
ਉਨ੍ਹਾਂ ਕੇਸਾਧਾਰੀ ਸਿੱਖ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫਾਰਮ ਭਰਨ ਸਮੇਂ ਕੁਝ ਜ਼ਰੂਰੀ ਹਦਾਇਤਾਂ ਦਾ ਖਾਸ ਧਿਆਨ ਰੱਖਣ ਨੂੰ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਫਾਰਮਾਂ ਦੇ ਨਾਲ ਇੱਕ ਪਾਸਪੋਰਟ ਸਾਈਜ਼ ਫੋਟੋ ਦੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਈ.ਸੀ.ਆਈ. ਵੱਲੋਂ ਜਾਰੀ ਵੋਟਰ ਆਈ.ਡੀ. ਕਾਰਡ (ਫੋਟੋ ਵਾਲਾ), ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੰਸ, ਕਰਮਚਾਰੀਆਂ ਨੂੰ ਜਾਰੀ ਸਰਵਿਸ ਆਈ.ਡੀ. ਕਾਰਡ ਫੋਟੋ ਸਮੇਤ ਜਿਸਨੂੰ ਕੇਂਦਰ/ਰਾਜ ਸਰਕਾਰ/ਪੀ.ਐਸ.ਯੂ/ਪਬਲਿਕ ਲਿਮਟਿਡ ਕੰਪਨੀ ਵੱਲੋਂ ਜਾਰੀ ਕੀਤਾ ਹੋਵੇ, ਬੈਂਕ/ਡਾਕਖਾਨੇ ਵੱਲੋਂ ਜਾਰੀ ਪਾਸਬੁੱਕ ਫੋਟੋ ਸਮੇਤ, ਪੈਨ ਕਾਰਡ, ਐਨ.ਪੀ.ਆਰ. ਅਧੀਨ ਆਰ.ਜੀ.ਆਈ. ਵੱਲੋਂ ਜਾਰੀ ਸਮਾਰਟ ਕਾਰਡ, ਮਨਰੇਗਾ ਜਾਬ ਕਾਰਡ ਆਦਿ ਕੋਈ ਵੀ ਇੱਕ ਦਸਤਾਵੇਜ਼ ਨਾਲ ਨੱਥੀ ਕਰਨਾ ਲਾਜ਼ਮੀ ਹੈ।
ਹਿੰਦੂਸਥਾਨ ਸਮਾਚਾਰ