Mohali News: ਪੰਜਾਬ ਪੁਲਸ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹੈ ਤੇ ਇਸ ਕਾਰਜ ਹਿਤ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਪੰਜਾਬ ਪੁਲਸ ਦੀ ਕਾਰਜਪ੍ਰਣਾਲੀ ਸਦਕਾ ਲੋਕਾਂ ਨੂੰ ਕਿਸੇ ਕਿਸਮ ਦੀ ਫ਼ਿਕਰ ਕਰਨ ਦੀ ਲੋੜ ਨਹੀਂ ਹੈ, ਪਰ ਸੁਚੇਤ ਰਹਿ ਕੇ ਸਮਾਜ ਵਿਚਲੇ ਮਾੜੇ ਅਨਸਰਾਂ ਖ਼ਿਲਾਫ਼ ਪੰਜਾਬ ਪੁਲੀਸ ਨੂੰ ਸਹਿਯੋਗ ਜ਼ਰੂਰ ਦੇਣਾ ਚਾਹੀਦਾ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਪੁਲਸ ਮੁਖੀ ਦੀਪਕ ਪਾਰਿਕ, ਆਈ.ਪੀ.ਐੱਸ., ਨੇ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਆਪਣੀ ਅਗਵਾਈ ਵਿੱਚ ਚੈਕਿੰਗ ਕਰਵਾਉਣ ਉਪਰੰਤ ਮੀਡੀਆ ਨੂੰ ਸੰਬੋਧਨ ਕਰਦਿਆਂ ਆਖੀ।
ਜ਼ਿਲ੍ਹਾ ਪੁਲਸ ਮੁਖੀ ਨੇ ਦੱਸਿਆ ਕਿ ਪੰਜਾਬ ਪੁਲੀਸ ਵੱਲੋਂ ਕੋਰਟ ਕੰਪਲੈਕਸ ਸਮੇਤ ਜ਼ਿਲ੍ਹੇ ਵਿਚਲੀਆਂ ਹੋਰਨਾਂ ਸਰਕਾਰੀ ਇਮਾਰਤਾਂ ਦੀ ਵਿਆਪਕ ਪੱਧਰ ਉੱਤੇ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਇੱਥੇ ਆਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਕੋਰਟਸ ਕੰਪਲੈਕਸ ਦੀ ਚੈਕਿੰਗ ਦੌਰਾਨ ਡਾਗ ਸਕੁਐਡ, ਬੰਬ ਰੋਧਕ ਦਸਤਿਆਂ ਸਮੇਤ ਵੱਡੀ ਗਿਣਤੀ ਪੁਲੀਸ ਮੁਲਾਜ਼ਮਾਂ ਨੇ ਚੈਕਿੰਗ ਦੇ ਅਮਲ ਨੂੰ ਸਿਰੇ ਚੜ੍ਹਾਇਆ। ਇਸ ਦੌਰਾਨ ਕੋਰਟ ਕੰਪਲੈਕਸ ਦੇ ਰਸਤਿਆਂ ਉਤੇ ਲਾਏ ਸੁਰੱਖਿਆ ਯੰਤਰਾਂ (ਮੈਟਲ ਡਿਟੈਕਟਰਜ਼) ਦਾ ਵੀ ਨਿਰੀਖਣ ਕੀਤਾ ਗਿਆ ਤੇ ਮੈਨੁਅਲ ਮੈਟਲ ਡਿਟੈਕਰਟਰਜ਼ ਦੀ ਵੀ ਜਾਂਚ ਕੀਤੀ ਗਈ। ਇਸ ਦੇ ਨਾਲੋ-ਨਾਲ ਕੰਪਲੈਕਸ ਵਿਖੇ ਖੜ੍ਹੇ ਵਾਹਨਾਂ ਦੀ ਵੀ ਜਾਂਚ-ਪੜਤਾਲ ਕੀਤੀ ਗਈ।
ਜ਼ਿਲ੍ਹਾ ਪੁਲਸ ਮੁਖੀ ਨੇ ਦੱਸਿਆ ਕਿ ਅਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜਿੱਥੇ ਚੈਕਿੰਗ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ, ਉਥੇ ਆਮ ਲੋਕਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਹਿਤ ਵੀ ਕਦਮ ਚੁੱਕੇ ਜਾਣਗੇ। ਉਨ੍ਹਾਂ ਨੇ ਜ਼ਿਲ੍ਹਾ ਪੁਲੀਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਡਿਊਟੀ ਸਬੰਧੀ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ