New Delhi: ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਦਿੱਲੀ ਦੇ ਲਾਜਪਤ ਨਗਰ ਇਲਾਕੇ ਤੋਂ ਰਿਸ਼ਵਤ ਲੈਂਦੇ ਹੋਏ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਹਾਇਕ ਡਾਇਰੈਕਟਰ ਸੰਦੀਪ ਸਿੰਘ ਯਾਦਵ ਨੂੰ ਬੀਤੇ ਦਿਨ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਸੀਬੀਆਈ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਸੀਬੀਆਈ ਨੇ ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਹੈ ਕਿ ਸਹਾਇਕ ਡਾਇਰੈਕਟਰ ਸੰਦੀਪ ਸਿੰਘ ਯਾਦਵ ਨੂੰ ਇੱਕ ਜੌਹਰੀ ਦੇ ਪੁੱਤਰ ਤੋਂ 20 ਲੱਖ ਰੁਪਏ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਸੀਬੀਆਈ ਮੁਤਾਬਕ ਈਡੀ ਨੇ ਜਿਉਲਰਜ਼ ਖ਼ਿਲਾਫ਼ ਇੱਕ ਮਾਮਲਾ ਦਰਜ ਕੀਤਾ ਸੀ। ਉਸ ਕੇਸ ਵਿੱਚ ਬਚਾਅ ਦੇ ਬਦਲੇ ਰਿਸ਼ਵਤ ਦੀ ਰਕਮ ਲਈ ਜਾ ਰਹੀ ਸੀ। ਸੀਬੀਆਈ ਇਸ ਗ੍ਰਿਫ਼ਤਾਰ ਈਡੀ ਦੇ ਸਹਾਇਕ ਡਾਇਰੈਕਟਰ ਖ਼ਿਲਾਫ਼ ਐਫਆਈਆਰ ਦਰਜ ਕਰੇਗੀ।
ਵਰਣਨਯੋਗ ਹੈ ਕਿ ਕਾਰੋਬਾਰੀਆਂ ਨੂੰ ਬਚਾਉਣ ਦੇ ਬਦਲੇ ਰਿਸ਼ਵਤ ਲੈਣ ਦੇ ਦੋਸ਼ ਵਿਚ ਪਹਿਲਾਂ ਹੀ ਈਡੀ ਦੇ ਸਹਾਇਕ ਨਿਰਦੇਸ਼ਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਸੀਬੀਆਈ ਨੇ ਦਿੱਲੀ ਆਬਕਾਰੀ ਘੁਟਾਲੇ ਦੇ ਮਾਮਲੇ ਵਿੱਚ ਇੱਕ ਕਾਰੋਬਾਰੀ ਅਮਨ ਢਲ ਨੂੰ ਬਚਾਉਣ ਲਈ 5 ਕਰੋੜ ਰੁਪਏ ਲੈਂਦਿਆਂ ਈਡੀ ਦੇ ਛੇ ਸਹਾਇਕ ਡਾਇਰੈਕਟਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ।
ਹਿੰਦੂਸਥਾਨ ਸਮਾਚਾਰ