New Delhi: ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ‘ਤੇ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ 8 ਹਾਈਵੇਅ ਪ੍ਰਾਜੈਕਟਾਂ ਨੂੰ ਰੱਦ ਕਰਨ ਦੀ ਚਿਤਾਵਨੀ ਦਿੱਤੀ ਹੈ। ਕੇਂਦਰੀ ਮੰਤਰੀ ਨੇ ਇਹ ਵੀ ਕਿਹਾ ਹੈ ਕਿ ਇਹ ਸਾਰੇ ਗ੍ਰੀਨਫੀਲਡ ਕੋਰੀਡੋਰ ਹਨ ਅਤੇ ਜੇਕਰ ਇਕ ਵੀ ਪੈਕੇਜ ਰੱਦ ਹੋ ਜਾਂਦਾ ਹੈ ਤਾਂ ਪੂਰਾ ਕਾਰੀਡੋਰ ਬੇਕਾਰ ਹੋ ਜਾਵੇਗਾ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੇ ਪਹਿਲਾਂ ਹੀ 104 ਕਿਲੋਮੀਟਰ ਲੰਬੇ ਅਤੇ 3,263 ਕਰੋੜ ਰੁਪਏ ਦੀ ਲਾਗਤ ਵਾਲੇ ਤਿੰਨ ਹਾਈਵੇਅ ਪ੍ਰੋਜੈਕਟਾਂ ਨੂੰ ਜ਼ਮੀਨ ਦੀ ਅਣਉਪਲਬਧਤਾ ਦਾ ਹਵਾਲਾ ਦਿੰਦੇ ਹੋਏ ਸਮਾਪਤ ਸਕਰ ਦਿੱਤਾ ਹੈ। ਗਡਕਰੀ ਨੇ ਵੀਰਵਾਰ ਨੂੰ ਇਹ ਪੱਤਰ ਲਿਖਿਆ।
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖਿਆ ਹੈ। ਇਸ ਵਿੱਚ ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿੱਚ ਸੁਧਾਰ ਨਾ ਹੋਇਆ ਤਾਂ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਅੱਠ ਹੋਰ ਹਾਈਵੇਅ ਪ੍ਰਾਜੈਕਟਾਂ ਨੂੰ ਰੱਦ ਕਰ ਦੇਵੇਗੀ। ਐਨ.ਐਚ.ਏ.ਆਈ. ਪੰਜਾਬ ਵਿੱਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਸਮੇਤ ਕਈ ਗ੍ਰੀਨਫੀਲਡ ਅਤੇ ਬ੍ਰਾਊਨਫੀਲਡ ਐਨਐਚ ਕੋਰੀਡੋਰ ਵਿਕਸਤ ਕਰ ਰਿਹਾ ਹੈ। ਇਨ੍ਹਾਂ ਪ੍ਰਾਜੈਕਟਾਂ ਦੀ ਕੁੱਲ ਲਾਗਤ 14,288 ਕਰੋੜ ਰੁਪਏ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਮੀਨ ਐਕਵਾਇਰ ਨਾਲ ਜੁੜੇ ਮੁੱਦੇ ਵੀ ਉਠਾਏ ਹਨ।
ਗਡਕਰੀ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਉਹ ਇੱਥੇ ਕੰਮ ਕਰ ਰਹੇ ਐਨ.ਐਚ.ਏ.ਆਈ. ਅਧਿਕਾਰੀਆਂ, ਠੇਕੇਦਾਰਾਂ ਅਤੇ ਉਨ੍ਹਾਂ ਦੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਇੱਥੇ ਹੋਏ ਹਮਲਿਆਂ ਦੀਆਂ ਤਸਵੀਰਾਂ ਵੀ ਨੱਥੀ ਕਰਦਿਆਂ ਇਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਮਾਨ ਤੋਂ ਇਸ ਮਾਮਲੇ ਵਿੱਚ ਨਿੱਜੀ ਦਖਲ ਦੀ ਮੰਗ ਕੀਤੀ ਹੈ। ਉਨ੍ਹਾਂ ਪੱਤਰ ਵਿੱਚ ਇਹ ਵੀ ਲਿਖਿਆ ਹੈ ਕਿ ਉਨ੍ਹਾਂ ਦੀ ਜਾਣਕਾਰੀ ਅਨੁਸਾਰ ਇਸ ਸਬੰਧ ਵਿੱਚ ਕੋਈ ਪ੍ਰਗਤੀ ਨਹੀਂ ਹੋਈ ਹੈ ਅਤੇ ਸਥਿਤੀ ਵਿਗੜ ਗਈ ਹੈ।
ਉਨ੍ਹਾਂ ਨੇ ਆਪਣੇ ਪੱਤਰ ਵਿੱਚ ਬੇਨਤੀ ਕੀਤੀ ਹੈ ਕਿ ਸੂਬਾ ਸਰਕਾਰ ਤੁਰੰਤ ਸੁਧਾਰਾਤਮਕ ਕਦਮ ਚੁੱਕੇ। ਐਫ.ਆਈ.ਆਰ ਦਰਜ ਕਰੇ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਹੋਵੇ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਐਨ. ਐਚ. ਏ. ਆਈ. ਅਧਿਕਾਰੀਆਂ ਅਤੇ ਰਿਆਇਤੀ ਕਰਮਚਾਰੀਆਂ ਦਾ ਭਰੋਸਾ ਬਹਾਲ ਹੋ ਸਕੇ।
ਕੇਂਦਰੀ ਮੰਤਰੀ ਨੇ ਇਹ ਵੀ ਕਿਹਾ ਕਿ ਭੂਮੀ ਐਕਵਾਇਰ ਨਾਲ ਸਬੰਧਿਤ ਬਕਾਇਆ ਮੁੱਦਿਆਂ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਖਰਾਬ ਹੋਣ ਕਾਰਨ, ਕਈ ਸਾਰੇ ਠੇਕੇਦਾਰ ਰਿਆਇਤਦਾਰਾਂ ਨੇ ਠੇਕੇ ਬੰਦ ਕਰਨ ਦੀ ਬੇਨਤੀ ਕੀਤੀ ਹੈ ਅਤੇ ਐਨਐਚਏਆਈ ਵਿਰੁੱਧ ਦਾਅਵੇ ਕੀਤੇ ਹਨ। ਗਡਕਰੀ ਨੇ ਕਿਹਾ ਕਿ ਜੇਕਰ ਰਾਜ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਵਿੱਚ ਸੁਧਾਰ ਨਹੀਂ ਹੁੰਦਾ ਹੈ, ਤਾਂ ਐਨਐਚਏਆਈ ਕੋਲ ਅੱਠ ਹੋਰ ਹਾਈਵੇਅ ਪ੍ਰੋਜੈਕਟਾਂ ਨੂੰ ਰੱਦ ਕਰਨ ਤੋਂ ਇਲਾਵਾ ਕੋਈ ਵਿਕਲਪ ਨਹੀਂ ਹੋਵੇਗਾ।
ਹਿੰਦੂਸਥਾਨ ਸਮਾਚਾਰ