Chandigarh News: ਸੁਪਰੀਮ ਕੋਰਟ ਨੇ ਸੋਮਵਾਰ (12 ਅਗਸਤ) ਨੂੰ ਸ਼ੰਭੂ ਸਰਹੱਦ ‘ਤੇ ਸੁਣਵਾਈ ਕਰਦੇ ਹੋਏ ਬਾਰਡਰ ਨੂੰ ਅੰਸ਼ਕ ਤੌਰ ‘ਤੇ ਮੁੜ੍ਹ ਤੋਂ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ। ਤਾਂ ਜੋ ਐਂਬੂਲੈਂਸਾਂ, ਜ਼ਰੂਰੀ ਸੇਵਾਵਾਂ ਅਤੇ ਸਥਾਨਕ ਆਵਾਜਾਈ ਨੂੰ ਲੰਘਣ ਦੀ ਇਜਾਜ਼ਤ ਦਿੱਤੀ ਜਾ ਸਕੇ।
ਇਸ ਦੇ ਲਈ ਪੰਜਾਬ ਅਤੇ ਹਰਿਆਣਾ ਦੇ ਡੀਜੀਪੀ ਤੋਂ ਇਲਾਵਾ ਪਟਿਆਲਾ, ਮੋਹਾਲੀ ਅਤੇ ਅੰਬਾਲਾ ਦੇ ਐਸਪੀ ਨੂੰ ਮੀਟਿੰਗ ਕਰਕੇ ਇਸ ਬਾਰੇ ਫੈਸਲਾ ਲੈਣ ਲਈ ਕਿਹਾ ਗਿਆ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ 22 ਅਗਸਤ ਨੂੰ ਹੋਵੇਗੀ। ਹਾਲਾਂਕਿ ਅਦਾਲਤ ਨੇ ਕਿਹਾ ਕਿ ਜੇ ਪੰਜਾਬ ਅਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਵਿਚਾਲੇ ਸਮਝੌਤਾ ਹੋ ਜਾਂਦਾ ਹੈ ਤਾਂ ਸੁਣਵਾਈ ਦੀ ਤਰੀਕ ਦਾ ਇੰਤਜ਼ਾਰ ਕਰਨ ਦੀ ਲੋੜ ਨਹੀਂ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਲਈ ਕਿਹਾ ਸੀ। ਇਸ ਦੇ ਖ਼ਿਲਾਫ਼ ਹਰਿਆਣਾ ਸਰਕਾਰ ਸੁਪਰੀਮ ਕੋਰਟ ਗਈ ਸੀ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੇ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਨਿਰਪੱਖ ਕਮੇਟੀ ਦੇ ਮੈਂਬਰਾਂ ਦੇ ਨਾਂਅ ਦਿੱਤੇ ਹਨ। ਇਸ ਕਮੇਟੀ ਦੇ ਮੈਂਬਰ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਵਿਚੋਲੇ ਵਜੋਂ ਕੰਮ ਕਰਨਗੇ।
ਪੈਨਲ ਲਈ ਨਿਰਪੱਖ ਮੈਂਬਰਾਂ ਦੀ ਤਜਵੀਜ਼ ਕਰਨ ਲਈ ਪੰਜਾਬ ਅਤੇ ਹਰਿਆਣਾ ਸਰਕਾਰਾਂ ਦੀ ਪ੍ਰਸ਼ੰਸਾ ਕਰਦੇ ਹੋਏ, ਜਸਟਿਸ ਸੂਰਿਆ ਕਾਂਤ ਅਤੇ ਉੱਜਲ ਭੁਆਨ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਸ਼ੰਭੂ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਤੁਸੀਂ ਕਿਉਂ ਨਹੀਂ ਮਨਾ ਲੈਂਦੇ? ਕਿਉਂਕਿ ਹਾਈਵੇਅ ਪਾਰਕਿੰਗ ਲਈ ਕੋਈ ਥਾਂ ਨਹੀਂ ਹੈ।
ਦਸ ਦਇਏ ਕਿ ਪਿਛਲੇ ਮਹੀਨੇ, ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਸ਼ੰਭੂ ਸਰਹੱਦ ‘ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਤੱਕ ਪਹੁੰਚਣ ਲਈ ਇੱਕ ਸੁਤੰਤਰ ਕਮੇਟੀ ਬਣਾਉਣ ਲਈ ਕਿਹਾ ਸੀ।
ਮਾਮਲਾ ਉਦੋਂ ਸਿਖਰਲੀ ਅਦਾਲਤ ਵਿੱਚ ਪਹੁੰਚਿਆ ਜਦੋਂ ਹਰਿਆਣਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਜਿਸ ਵਿੱਚ ਆਮ ਲੋਕਾਂ ਨੂੰ ਅਸੁਵਿਧਾ ਦਾ ਹਵਾਲਾ ਦਿੰਦੇ ਹੋਏ ਸ਼ੰਭੂ ਸਰਹੱਦ ‘ਤੇ ਬੈਰੀਕੇਡ ਹਟਾਉਣ ਲਈ ਕਿਹਾ ਗਿਆ ਸੀ।
ਗੌਰਤਲਬ ਹੈ ਕਿ ਸ਼ੰਭੂ ਬਾਰਡਰ 13 ਫਰਵਰੀ ਤੋਂ ਬੰਦ ਹੈ ਜਦੋਂ ਕਿਸਾਨਾਂ ਨੇ ਘੱਟੋ-ਘੱਟ ਸਮਰਥਨ ਮੁੱਲ (MSP) ‘ਤੇ ਫਸਲਾਂ ਦੀ ਖਰੀਦ ਲਈ ਕਾਨੂੰਨੀ ਗਾਰੰਟੀ ਅਤੇ ਕਿਸਾਨ ਕਰਜ਼ਾ ਮੁਆਫੀ ਦੀਆਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਦਿੱਲੀ ਵੱਲ ਮਾਰਚ ਕਰਨਾ ਸ਼ੁਰੂ ਕੀਤਾ।
ਹਿੰਦੂਸਥਾਨ ਸਮਾਚਾਰ