Haryana : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ 21 ਦਿਨਾਂ ਦੀ ਫਰਲੋ ਮਿਲ ਗਈ ਹੈ। ਦੱਸ ਦਈਏ ਕਿ ਰਾਮ ਰਹੀਮ ਮੰਗਲਵਾਰ ਨੂੰ ਸੁਨਾਰੀਆ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਯੂਪੀ ਸਥਿਤ ਡੇਰੇ ਜਾਣਗੇ। ਰਾਮ ਰਹੀਮ ਨੂੰ ਮੰਗਲਵਾਰ ਸਵੇਰੇ ਕਰੀਬ 6.30 ਵਜੇ ਪੁਲਿਸ ਸੁਰੱਖਿਆ ਹੇਠ ਹਰਿਆਣਾ ਦੀ ਸੁਨਾਰੀਆ ਜੇਲ੍ਹ ਤੋਂ ਰਿਹਾਅ ਕੀਤਾ ਗਿਆ। ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਬਰਨਾਵਾ ਆਸ਼ਰਮ ਵਿੱਚ ਛੁੱਟੀ ਦਾ ਸਮਾਂ ਬਿਤਾਉਣਗੇ।
ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਨੇ ਇਸੇ ਸਾਲ ਜੂਨ ਮਹੀਨੇ ਵਿੱਚ ਇੱਕ ਵਾਰ ਫਿਰ ਫਰਲੋ ਦੀ ਮੰਗ ਕੀਤੀ ਸੀ। ਰਾਮ ਰਹੀਮ ਨੇ 21 ਦਿਨਾਂ ਦੀ ਫਰਲੋ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਪਰ ਇਸ ਤੋਂ ਪਹਿਲਾਂ ਫਰਵਰੀ ਵਿੱਚ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਸੀ ਕਿ ਉਹ ਡੇਰਾ ਸੱਚਾ ਸੌਦਾ ਮੁਖੀ ਨੂੰ ਕੋਰਟ ਦੀ ਇਜਾਜ਼ਤ ਤੋਂ ਬਿਨਾਂ ਹੋਰ ਪੈਰੋਲ ਨਾ ਦੇਣ। ਉਸ ਸਮੇਂ ਹਾਈ ਕੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ, ਜਿਸ ਵਿਚ ਡੇਰਾ ਸਿਰਸਾ ਮੁਖੀ ਨੂੰ ਆਰਜ਼ੀ ਰਿਹਾਈ ਦੇਣ ਨੂੰ ਚੁਣੌਤੀ ਦਿੱਤੀ ਗਈ ਸੀ।
ਜ਼ਿਕਰਯੋਗ ਹੈ ਕਿ ਰਾਮ ਰਹੀਮ ਸਿਰਸਾ ਸਥਿਤ ਆਪਣੇ ਡੇਰੇ ‘ਚ ਦੋ ਔਰਤਾਂ ਨਾਲ ਬਲਾਤਕਾਰ ਕਰਨ ਦੇ ਮਾਮਲੇ ‘ਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਅਗਸਤ 2017 ਵਿੱਚ ਰਾਮ ਰਹੀਮ ਨੂੰ ਇਸ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ। ਇਸ ਤੋਂ ਇਲਾਵਾ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਵੀ ਅਦਾਲਤ ਨੇ ਗੁਰਮੀਤ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।