Kolkata News: ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ (NHRC) ਨੇ ਕੋਲਕਾਤਾ ਦੇ ਸਰਕਾਰੀ ਆਰ.ਜੀ. ਕਰ ਮੈਡੀਕਲ ਕਾਲਜ ‘ਚ ਇਕ ਜੂਨੀਅਰ ਮਹਿਲਾ ਡਾਕਟਰ ਦੀ ਰਹੱਸਮਈ ਹਾਲਾਤ ‘ਚ ਹੋਈ ਮੌਤ ਦਾ ਖੁਦ ਨੋਟਿਸ ਲਿਆ ਹੈ। ਕਮਿਸ਼ਨ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੱਛਮੀ ਬੰਗਾਲ ਦੇ ਮੁੱਖ ਸਕੱਤਰ ਅਤੇ ਪੁਲਸ ਡਾਇਰੈਕਟਰ ਜਨਰਲ ਨੂੰ ਨੋਟਿਸ ਜਾਰੀ ਕਰਕੇ ਦੋ ਹਫ਼ਤਿਆਂ ਵਿੱਚ ਇਸ ਮਾਮਲੇ ਵਿੱਚ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।
ਐੱਨਐੱਚਆਰਸੀ ਦੇ ਬੁਲਾਰੇ ਜੈਮਿਨੀ ਸ਼੍ਰੀਵਾਸਤਵ ਨੇ ਕਿਹਾ ਕਿ ਪੁਲਸ ਰਿਪੋਰਟ ‘ਚ ਜਾਂਚ ਦੀ ਮੌਜੂਦਾ ਸਥਿਤੀ, ਦੋਸ਼ੀਆਂ ਖਿਲਾਫ ਕੀਤੀ ਗਈ ਕਾਰਵਾਈ ਅਤੇ ਮ੍ਰਿਤਕ ਦੇ ਪਰਿਵਾਰ ਨੂੰ ਦਿੱਤੀ ਗਈ ਮੁਆਵਜ਼ਾ ਰਾਸ਼ੀ ਦਾ ਵੀ ਜ਼ਿਕਰ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਕਮਿਸ਼ਨ ਨੇ ਇਹ ਵੀ ਪੁੱਛਿਆ ਹੈ ਕਿ ਪ੍ਰਸ਼ਾਸਨ ਨੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਹੁਣ ਤੱਕ ਕੀ ਕਦਮ ਚੁੱਕੇ ਹਨ ਜਾਂ ਹੋਰ ਕੀ ਕਦਮ ਚੁੱਕਣ ਦੀ ਤਜਵੀਜ਼ ਹੈ।
ਪੁਲਸ ਨੇ ਇਸ ਘਟਨਾ ਵਿੱਚ ਸੰਜੇ ਰਾਏ ਨਾਮ ਦੇ ਇੱਕ ਸਿਵਿਕ ਵਲੰਟੀਅਰ ਨੂੰ ਗ੍ਰਿਫ਼ਤਾਰ ਕੀਤਾ ਹੈ। ਡਾਕਟਰਾਂ ਦਾ ਦਾਅਵਾ ਹੈ ਕਿ ਇਸ ਘਟਨਾ ਵਿੱਚ ਇੱਕ ਤੋਂ ਵੱਧ ਵਿਅਕਤੀ ਸ਼ਾਮਲ ਹੋ ਸਕਦੇ ਹਨ। ਕਈ ਪ੍ਰਭਾਵਸ਼ਾਲੀ ਲੋਕਾਂ ਨੂੰ ਬਚਾਉਣ ਦੇ ਯਤਨ ਕੀਤੇ ਜਾ ਰਹੇ ਹਨ। ਆਰ.ਜੀ. ਕਰ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਸੰਦੀਪ ਘੋਸ਼ ਵੱਲੋਂ ਪੂਰੇ ਮਾਮਲੇ ਨੂੰ ਦਬਾਉਣ ਅਤੇ ਉਨ੍ਹਾਂ ਦੇ ਅਸੰਵੇਦਨਸ਼ੀਲ ਵਿਵਹਾਰ ਨੂੰ ਲੈ ਕੇ ਵਿਦਿਆਰਥੀਆਂ ਵਿੱਚ ’ਤੇ ਰੋਸ ਹੈ।