Chandigarh News: ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸਤੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ ਹੈ। ਇਸ ਪ੍ਰਸਤਾਵ ਨੂੰ ਅੱਜ ਬੁੱਧਵਾਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਜਾ ਸਕਦੀ ਹੈ ਕਿਉਂਕਿ ਮਾਨਸੂਨ ਸੈਸ਼ਨ 11 ਸਤੰਬਰ ਤੋਂ ਪਹਿਲਾਂ ਹੋਣਾ ਲਾਜ਼ਮੀ ਹੈ। ਮੀਟਿੰਗ ਵਿੱਚ ਕਰੀਬ 27 ਏਜੰਡੇ ਲਿਆਂਦੇ ਜਾਣੇ ਹਨ।
ਦਸ ਦਇਏ ਕਿ ਮੀਟਿੰਗ ਵਿੱਚ ਪੰਜਾਬ ਪੰਚਾਇਤੀ ਰਾਜ ਨਿਯਮ 1994 ਵਿੱਚ ਸੋਧ ਕਰਨ ਦੀ ਤਜਵੀਜ਼ ਰੱਖੀ ਜਾਵੇਗੀ, ਤਾਂ ਜੋ ਕੋਈ ਵੀ ਉਮੀਦਵਾਰ ਪਾਰਟੀ ਚੋਣ ਨਿਸ਼ਾਨ ’ਤੇ ਪੰਚਾਇਤੀ ਚੋਣਾਂ ਨਾ ਲੜ ਸਕੇ। ਸਰਕਾਰ ਪੰਚ-ਸਰਪੰਚ ਦੀ ਤਰਜ਼ ‘ਤੇ ਬਲਾਕ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਕਰਵਾਉਣ ਦੀ ਕੋਸ਼ਿਸ਼ ਹੈ।
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤੀ ਚੋਣਾਂ ਦੀ ਤਿਆਰੀ ਲਈ ਪਿੰਡਾਂ ਦੇ ਰਾਖਵੇਂਕਰਨ ਲਈ ਰੋਸਟਰ ਤਿਆਰ ਕੀਤੇ ਜਾ ਰਹੇ ਹਨ। ਇਸ ਨੂੰ ਕੈਬਨਿਟ ਮੀਟਿੰਗ ਤੋਂ ਮਨਜ਼ੂਰੀ ਮਿਲ ਸਕਦੀ ਹੈ। ਇਸ ਤੋਂ ਇਲਾਵਾ ਰਾਜ ਯੁਵਕ ਸੇਵਾਵਾਂ ਨੀਤੀ 2024 ਦਾ ਪ੍ਰਸਤਾਵ ਵੀ ਮੀਟਿੰਗ ਵਿੱਚ ਪ੍ਰਵਾਨਗੀ ਲਈ ਆਉਣ ਦੀ ਖਬਰ ਹੈ।
ਮੀਟਿੰਗ ‘ਚ 10 ਉਮਰ ਕੈਦ ਦੀ ਸਜ਼ਾ ਕੱਟ ਰਹੇ ਕੈਦੀਆਂ ਦੀ ਛੇਤੀ ਰਿਹਾਈ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਮੀਟਿੰਗ ਸਵੇਰੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਹੋਵੇਗੀ। ਇਹ ਮੀਟਿੰਗ ਕਰੀਬ ਪੰਜ ਮਹੀਨਿਆਂ ਬਾਅਦ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ 9 ਮਾਰਚ ਨੂੰ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਮੀਟਿੰਗ ਹੋਈ ਸੀ।
ਹਿੰਦੂਸਥਾਨ ਸਮਾਚਾਰ