Kolkata News: ਪੱਛਮੀ ਬੰਗਾਲ ਦੇ ਆਰਜੀਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਸਿਖਿਆਰਥੀ ਮਹਿਲਾ ਡਾਕਟਰ (ਦੂਜੇ ਸਾਲ ਦੀ ਮੈਡੀਕਲ ਵਿਦਿਆਰਥਣ) ਨਾਲ ਕਥਿਤ ਜਬਜ ਜਨਾਹ ਅਤੇ ਹੱਤਿਆ ਦੀ ਜਾਂਚ ਲਈ ਸੀਬੀਆਈ ਦੀ ਇੱਕ ਵਿਸ਼ੇਸ਼ ਟੀਮ ਬੁੱਧਵਾਰ ਸਵੇਰੇ ਦਿੱਲੀ ਤੋਂ ਕੋਲਕਾਤਾ ਪਹੁੰਚੀ। ਇਸ ਟੀਮ ਵਿੱਚ ਫੋਰੈਂਸਿਕ ਮਾਹਿਰ ਵੀ ਸ਼ਾਮਲ ਹਨ। ਮੰਗਲਵਾਰ ਨੂੰ ਕਲਕੱਤਾ ਹਾਈ ਕੋਰਟ ਦੇ ਹੁਕਮਾਂ ‘ਤੇ ਇਸ ਮਾਮਲੇ ਦੀ ਜਾਂਚ ਪੁਲਿਸ ਤੋਂ ਸੀਬੀਆਈ ਨੂੰ ਸੌਂਪ ਦਿੱਤੀ ਗਈ ਸੀ। ਸ਼ਾਮ ਹੁੰਦਿਆ ਹੀ ਸੀਬੀਆਈ ਦੀ ਟੀਮ ਤਾਲਾ ਥਾਣੇ ਪਹੁੰਚੀ ਅਤੇ ਉੱਥੋਂ ਸਬੰਧਿਤ ਕੇਸ ਡਾਇਰੀ ਸਮੇਤ ਸਾਰੇ ਦਸਤਾਵੇਜ਼ ਆਪਣੇ ਕਬਜ਼ੇ ਵਿੱਚ ਲੈ ਲਏ। ਇਸ ਤੋਂ ਬਾਅਦ ਸੀਬੀਆਈ ਨੇ ਇਸ ਮਾਮਲੇ ਵਿੱਚ ਐਫਆਈਆਰ ਵੀ ਦਰਜ ਕੀਤੀ।
ਸੀਬੀਆਈ ਅੱਜ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਇੱਕੋ-ਇੱਕ ਮੁਲਜ਼ਮ ਸਿਵਿਕ ਵਲੰਟੀਅਰ ਸੰਜੇ ਰਾਏ ਨੂੰ ਆਪਣੀ ਹਿਰਾਸਤ ਵਿੱਚ ਲੈ ਸਕਦੀ ਹੈ। ਇਸਦੇ ਲਈ ਸੀਬੀਆਈ ਦੀ ਵਿਸ਼ੇਸ਼ ਅਦਾਲਤ ਤੋਂ ਇਜਾਜ਼ਤ ਮੰਗੀ ਜਾਵੇਗੀ। ਟੀਮ ਆਰਜੀ ਕਰ ਹਸਪਤਾਲ ਦਾ ਦੌਰਾ ਵੀ ਕਰ ਸਕਦੀ ਹੈ। ਬੀਤੇ ਸ਼ੁੱਕਰਵਾਰ ਨੂੰ ਐਮਰਜੈਂਸੀ ਵਾਰਡ ਦੀ ਚੌਥੀ ਮੰਜ਼ਿਲ ‘ਤੇ ਸਥਿਤ ਸੈਮੀਨਾਰ ਹਾਲ ‘ਚੋਂ ਸਿਖਿਆਰਥੀ ਮਹਿਲਾ ਡਾਕਟਰ ਦੀ ਲਾਸ਼ ਬਰਾਮਦ ਹੋਈ ਸੀ। ਕੋਲਕਾਤਾ ਪੁਲਿਸ ਨੇ ਇਸ ਮਾਮਲੇ ‘ਚ ਕਤਲ ਅਤੇ ਜਬਰ ਜਨਾਹ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਮੰਗਲਵਾਰ ਨੂੰ ਕਲਕੱਤਾ ਹਾਈ ਕੋਰਟ ਦੇ ਚੀਫ਼ ਜਸਟਿਸ ਟੀ.ਐਸ. ਸ਼ਿਵਗਣਨਮ ਦੀ ਬੈਂਚ ‘ਚ ਹੋਈ ਸੁਣਵਾਈ ਵਿੱਚ ਵੀ ਪੁਲਿਸ ਦੀ ਜਾਂਚ ਪ੍ਰਕਿਰਿਆ ‘ਤੇ ਸਵਾਲ ਚੁੱਕੇ ਗਏ।
ਚੀਫ਼ ਜਸਟਿਸ ਦੇ ਡਿਵੀਜ਼ਨ ਬੈਂਚ ਨੇ ਆਪਣੇ ਨਿਰੀਖਣ ਵਿੱਚ ਕਿਹਾ ਕਿ ਸੁਪਰੀਮ ਕੋਰਟ ਦੇ ਇੱਕ ਫੈਸਲੇ ਵਿੱਚ ਕਿਹਾ ਗਿਆ ਹੈ ਕਿ ਦੁਰਲੱਭ ਮਾਮਲਿਆਂ ਵਿੱਚ, ਜਨਤਾ ਦਾ ਵਿਸ਼ਵਾਸ ਹਾਸਲ ਕਰਨ ਲਈ, ਕਿਸੇ ਕੇਸ ਦੀ ਜਾਂਚ ਰਾਜ ਤੋਂ ਸੀਬੀਆਈ ਜਾਂ ਕਿਸੇ ਨਿਰਪੱਖ ਜਾਂਚ ਏਜੰਸੀ ਨੂੰ ਸੌਂਪੀ ਜਾ ਸਕਦੀ ਹੈ। ਰਾਜ ਦੀ ਏਜੰਸੀ ਇਸ ਮਾਮਲੇ ਵਿੱਚ ਲੋਕਾਂ ਦਾ ਭਰੋਸਾ ਹਾਸਲ ਕਰਨ ਵਿੱਚ ਨਾਕਾਮ ਰਹੀ ਹੈ, ਇਸ ਲਈ ਹਾਈ ਕੋਰਟ ਨੇ ਇਸ ਕੇਸ ਦੀ ਪਾਰਦਰਸ਼ੀ, ਸੱਚਾਈ ਅਤੇ ਪੂਰੀ ਤਰ੍ਹਾਂ ਜਾਂਚ ਲਈ ਸੀਬੀਆਈ ਨੂੰ ਜ਼ਿੰਮੇਵਾਰੀ ਸੌਂਪ ਦਿੱਤੀ ਹੈ।
ਵਰਣਨਯੋਗ ਹੈ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਉਸਨੂੰ ਸੀਬੀਆਈ ਜਾਂਚ ‘ਤੇ ਕੋਈ ਇਤਰਾਜ਼ ਨਹੀਂ ਹੈ। ਮੁੱਖ ਮੰਤਰੀ ਅਤੇ ਰਾਜ ਦੀ ਸਿਹਤ ਮੰਤਰੀ ਮਮਤਾ ਬੈਨਰਜੀ ਨੇ ਪੀੜਤ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ। ਪੁਲਿਸ ਜਾਂਚ ਦੇ ਆਦੇਸ਼ ਦੇਣ ਦੇ ਬਾਵਜੂਦ ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਸੀਬੀਆਈ ਜਾਂਚ ‘ਤੇ ਕੋਈ ਇਤਰਾਜ਼ ਨਹੀਂ ਹੈ।ਉਨ੍ਹਾਂ ਨੇ ਕਿਹਾ ਸੀ ਕਿ ਉਹ ਕੋਲਕਾਤਾ ਪੁਲਿਸ ਨੂੰ ਐਤਵਾਰ ਤੱਕ ਦਾ ਸਮਾਂ ਦੇ ਰਹੀ ਹਨ। ਜੇਕਰ ਉਸ ਸਮੇਂ ਤੱਕ ਜਾਂਚ ‘ਚ ਕੋਈ ਪ੍ਰਗਤੀ ਨਾ ਹੋਈ ਤਾਂ ਉਹ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦੇਣਗੇ। ਪਰ ਹਾਈ ਕੋਰਟ ਨੇ 24 ਘੰਟਿਆਂ ਦੇ ਅੰਦਰ ਹੀ ਇਸ ਮਾਮਲੇ ਦੀ ਜਾਂਚ ਦੀ ਜ਼ਿੰਮੇਵਾਰੀ ਸੀਬੀਆਈ ਨੂੰ ਸੌਂਪ ਦਿੱਤੀ ਹੈ। ਅਦਾਲਤ ਨੇ ਇਹ ਵੀ ਹੁਕਮ ਦਿੱਤਾ ਹੈ ਕਿ ਸੀਬੀਆਈ ਨੂੰ ਤਿੰਨ ਹਫ਼ਤਿਆਂ ਬਾਅਦ ਮਾਮਲੇ ਦੀ ਸੁਣਵਾਈ ਦੌਰਾਨ ਜਾਂਚ ਦੀ ਪ੍ਰਗਤੀ ਬਾਰੇ ਰਿਪੋਰਟ ਪੇਸ਼ ਕਰਨੀ ਪਵੇਗੀ।
ਹਿੰਦੂਸਥਾਨ ਸਮਾਚਾਰ